ਸਪੀਕਰ ਸੰਧਵਾਂ ਨੇ ਲੋਕ ਦਰਬਾਰ ਲਾ ਕੇ ਸੁਣੀਆਂ ਸਮੱਸਿਆਵਾਂ
ਸਪੀਕਰ ਸੰਧਵਾਂ ਨੇ ਲੋਕ ਦਰਬਾਰ ਲਗਾ ਕੇ ਸੁਣੀਆਂ ਸਮੱਸਿਆਵਾਂ, ਮੌਕੇ ‘ਤੇ ਹੀ ਕੀਤੇ ਹੱਲ
Publish Date: Sat, 28 Feb 2026 03:57 PM (IST)
Updated Date: Sun, 01 Mar 2026 03:59 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕੋਟਕਪੂਰਾ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਸੰਧਵਾਂ ਵਿਖੇ ਲੋਕ ਦਰਬਾਰ ਲਗਾ ਕੇ ਹਲਕਾ ਨਿਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਨਾਲ ਸੰਬੰਧਤ ਮਸਲੇ ਜਿਵੇਂ ਕਿ ਪੀਣਯੋਗ ਪਾਣੀ, ਸੀਵਰੇਜ ਪ੍ਰਣਾਲੀ, ਗਲੀਆਂ ਦੀ ਮੁਰੰਮਤ, ਸੜਕਾਂ ਦੀ ਦੁਰੁਸਤੀ, ਸਟਰੀਟ ਲਾਈਟਾਂ ਆਦਿ ਆਦਿ ਮਾਮਲੇ ਲੋਕਾਂ ਨੇ ਸਪੀਕਰ ਸੰਧਵਾਂ ਦੇ ਸਾਹਮਣੇ ਰੱਖੇ। ਸਪੀਕਰ ਸੰਧਵਾਂ ਨੇ ਮੌਕੇ ਮੌਜੂਦ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰ ਇਕ ਮਾਮਲੇ ਨੂੰ ਤਰਜੀਹ ਦੇ ਆਧਾਰ ‘ਤੇ ਨਿਪਟਾਇਆ ਜਾਵੇ ਅਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਵੀ ਪੇਸ਼ ਕੀਤੀ ਜਾਵੇ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਸਰਕਾਰ ਦੀ ਪਹਿਲ ਹੈ ਅਤੇ ਹਰ ਨਾਗਰਿਕ ਨੂੰ ਸਰਕਾਰੀ ਸਹੂਲਤਾਂ ਦਾ ਪੂਰਾ ਲਾਭ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਸਮੂਹਿਕ ਵਿਕਾਸ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਕਿ ਲੋਕ ਭਲਾਈ ਯੋਜਨਾਵਾਂ ਦੀ ਜਾਣਕਾਰੀ ਪਿੰਡ ਪੱਧਰ ਤੱਕ ਪਹੁੰਚਾਈ ਜਾਵੇ ਤਾਂ ਜੋ ਕੋਈ ਵੀ ਹੱਕਦਾਰ ਲਾਭ ਤੋਂ ਵੰਚਿਤ ਨਾ ਰਹੇ। ਇਸ ਮੌਕੇ ਸਥਾਨਕ ਪ੍ਰਸ਼ਾਸਨਿਕ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ।