ਆਮ ਆਦਮੀ ਪਾਰਟੀ ’ਚ ਸ਼ਾਮਲ ਹੋਏ ਮੈਂਬਰਾਂ ਦਾ ਸਵਾਗਤ
ਸਪੀਕਰ ਸੰਧਵਾਂ ਵੱਲੋਂ ਪਿੰਡ ਪੱਕਾ ਵਿਖੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਮੈਂਬਰਾਂ ਦਾ ਸਵਾਗਤ
Publish Date: Thu, 26 Mar 2026 03:52 PM (IST)
Updated Date: Fri, 27 Mar 2026 03:59 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕੋਟਕਪੂਰਾ : ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਪੱਕਾ ਨੰਬਰ 4 ਦਾ ਦੌਰਾ ਕਰਦਿਆਂ ਆਮ ਆਦਮੀ ਪਾਰਟੀ ਵਿੱਚ ਨਵੇਂ ਸ਼ਾਮਲ ਹੋਏ ਮੈਂਬਰਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਦੀ ਨੀਤੀਆਂ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਹਿਤੈਸ਼ੀ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਲੋਕ ਪਾਰਟੀ ਨਾਲ ਜੁੜ ਰਹੇ ਹਨ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਕਰਵਾਏ ਗਏ ਵਿਕਾਸ ਕਾਰਜਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਘਰ-ਘਰ ਪਾਣੀ ਦੀ ਸਪਲਾਈ ਯਕੀਨੀ ਬਣਾਈ ਗਈ ਹੈ, ਲੋਕਾਂ ਨੂੰ ਮੁਫਤ ਬਿਜਲੀ ਦੀ ਸਹੂਲਤ ਮਿਲ ਰਹੀ ਹੈ ਅਤੇ ਪਿੰਡਾਂ ਵਿੱਚ ਪੱਕੇ ਖਾਲਿਆਂ, ਗਲੀਆਂ-ਨਾਲੀਆਂ ਅਤੇ ਸੜਕਾਂ ਦੇ ਨਿਰਮਾਣ ਦੇ ਕੰਮ ਤਰਜੀਹ ਦੇ ਆਧਾਰ ‘ਤੇ ਕਰਵਾਏ ਜਾ ਰਹੇ ਹਨ। ਇਸ ਦੇ ਨਾਲ ਹੀ ਸਿੱਖਿਆ ਅਤੇ ਸਿਹਤ ਖੇਤਰ ਵਿੱਚ ਵੀ ਵੱਡੇ ਪੱਧਰ ‘ਤੇ ਸੁਧਾਰ ਕੀਤੇ ਗਏ ਹਨ। ਸਪੀਕਰ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰ ਰਹੀ ਹੈ ਅਤੇ ਭ੍ਰਿਸ਼ਟਾਚਾਰ ਰਹਿਤ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਈ ਲੋਕ-ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਸਿੱਧਾ ਲਾਭ ਆਮ ਲੋਕਾਂ ਤੱਕ ਪਹੁੰਚ ਰਿਹਾ ਹੈ। ਇਹੀ ਕਾਰਨ ਹੈ ਕਿ ਲੋਕ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦਾ ਮੁੱਖ ਮਕਸਦ ਹਰ ਪਿੰਡ ਅਤੇ ਸ਼ਹਿਰ ਦਾ ਸਮੂਹਿਕ ਵਿਕਾਸ ਕਰਨਾ ਹੈ, ਤਾਂ ਜੋ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਲਈ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਇਲਾਕੇ ਦੇ ਵਿਕਾਸ ਵਿੱਚ ਆਪਣਾ ਸਹਿਯੋਗ ਦੇਣ। ਇਸ ਮੌਕੇ ਸੁਖਵੰਤ ਪੱਕਾ, ਅਮਨਦੀਪ ਸਿੰਘ ਸੰਧੂ, ਜਗਤਾਰ ਸਿੰਘ ਜੱਗਾ ਖਾਰਾ, ਸਿਮਰਨਜੀਤ ਸਿੰਘ ਐਮ.ਸੀ ਕੋਟਕਪੂਰਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।