ਪਿੰਡ ਸੰਧਵਾਂ ਦੇ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ, 40 ਲੱਖ ਰੁਪਏ ਨਾਲ ਵਿਛਾਈਆਂ ਜਾਣਗੀਆਂ ਇੰਟਰਲਾਕ ਟਾਈਲਾਂ ਪਿੰਡ ਸੰਧਵਾਂ ਦੇ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ, 40 ਲੱਖ ਰੁਪਏ ਨਾਲ ਵਿਛਾਈਆਂ ਜਾਣਗੀਆਂ ਇੰਟਰਲਾਕ ਟਾਈਲਾਂ
Publish Date: Wed, 18 Nov 2026 03:49 PM (IST)
Updated Date: Thu, 19 Nov 2026 04:00 AM (IST)
ਗੁਰਦੁਆਰਾ ਮਾਤਾ ਦਇਆ ਕੌਰ ਨੇੜੇ ਵਿਕਾਸ ਕਾਰਜਾਂ ਦੀ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਰਵਾਈ ਸ਼ੁਰੂਆਤ, ਕਿਹਾ, ਲੋਕਾਂ ਦੀ ਸੇਵਾ ਤੇ ਹਲਕੇ ਦਾ ਵਿਕਾਸ ਪਹਿਲੀ ਤਰਜੀਹ ਜਗਮੀਤ ਸਿੰਘ, ਪੰਜਾਬੀ ਜਾਗਰਣ, ਕੋਟਕਪੂਰਾ : ਹਲਕਾ ਕੋਟਕਪੂਰਾ ਦੇ ਪਿੰਡ ਸੰਧਵਾਂ ਵਿਖੇ ਬੁਨਿਆਦੀ ਸਹੂਲਤਾਂ ਦੇ ਵਿਸਥਾਰ ਤਹਿਤ 40 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਹਲਕਾ ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਜੱਦੀ ਪਿੰਡ ਵਿੱਚ ਗੁਰਦੁਆਰਾ ਮਾਤਾ ਦਇਆ ਕੌਰ ਦੇ ਨੇੜੇ ਹੋਣ ਵਾਲੇ ਇਸ ਵਿਕਾਸ ਕਾਰਜ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਸਪੀਕਰ ਸੰਧਵਾਂ ਨੇ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ। ਵਿਕਾਸ ਦਾ ਅਸਲ ਮਕਸਦ ਉਦੋਂ ਹੀ ਪੂਰਾ ਹੁੰਦਾ ਹੈ, ਜਦੋਂ ਇਸ ਦਾ ਲਾਭ ਆਮ ਲੋਕਾਂ ਤੱਕ ਪਹੁੰਚੇ ਅਤੇ ਉਨ੍ਹਾਂ ਨੂੰ ਰੋਜ਼ਾਨਾ ਜੀਵਨ ਵਿੱਚ ਦਰਪੇਸ਼ ਮੁਸ਼ਕਲਾਂ ਤੋਂ ਰਾਹਤ ਮਿਲੇ। ਇਸੇ ਸੋਚ ਤਹਿਤ ਹਲਕੇ ਵਿੱਚ ਸੜਕਾਂ ਦੇ ਨਵੀਨੀਕਰਨ, ਸੀਵਰੇਜ ਪ੍ਰਬੰਧਾਂ ਅਤੇ ਪੀਣ ਵਾਲੇ ਸਾਫ਼ ਪਾਣੀ ਸਮੇਤ ਵੱਖ-ਵੱਖ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦੇ ਸਪੀਕਰ ਵਜੋਂ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਵੀ ਹਲਕੇ ਦੇ ਵਿਕਾਸ ਕਾਰਜਾਂ ਦੀ ਰਫ਼ਤਾਰ ਨੂੰ ਕਾਇਮ ਰੱਖਿਆ ਗਿਆ ਹੈ। ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਅਮਲੀ ਰੂਪ ਦੇਣਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਵਿਕਾਸ ਕਾਰਜਾਂ ਨੂੰ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਿਆ ਜਾਵੇਗਾ ਅਤੇ ਲੋਕਾਂ ਦੇ ਪੈਸੇ ਦੀ ਸਹੀ ਵਰਤੋਂ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਲੋਕ ਭਲਾਈ ਅਤੇ ਵਿਕਾਸ ਕਾਰਜਾਂ ਲਈ ਸਰਕਾਰ ਵੱਲੋਂ ਲੋੜੀਂਦੇ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ। ਇਸ ਦੌਰਾਨ ਪਿੰਡ ਵਾਸੀਆਂ ਨੇ 40 ਲੱਖ ਰੁਪਏ ਦੀ ਲਾਗਤ ਵਾਲੇ ਇਸ ਪ੍ਰੋਜੈਕਟ ਦੀ ਸ਼ੁਰੂਆਤ ਦਾ ਸਵਾਗਤ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਧੰਨਵਾਦ ਕੀਤਾ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਕੰਮ ਨਾਲ ਸਬੰਧਤ ਇਲਾਕੇ ਵਿੱਚ ਆਵਾਜਾਈ ਅਤੇ ਰੋਜ਼ਾਨਾ ਆਉਣ-ਜਾਣ ਦੀ ਸਹੂਲਤ ਹੋਰ ਬਿਹਤਰ ਹੋਵੇਗੀ। ਇਸ ਮੌਕੇ ਸਰਪੰਚ ਮੁਖਤਿਆਰ ਸਿੰਘ, ਪੰਚਾਇਤ ਮੈਂਬਰ ਬਲਵੰਤ ਸਿੰਘ, ਜਗਜੀਤ ਸਿੰਘ, ਸੁਖਮੰਦਰ ਸਿੰਘ, ਸ਼ਮਿੰਦਰ ਕੌਰ, ਗੁਰਦੁਆਰਾ ਪ੍ਰਧਾਨ ਅਮਰਪ੍ਰੀਤ ਸਿੰਘ ਅਤੇ ਅਮਰਜੀਤ ਸਿੰਘ ਬਰਾੜ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।