ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਸਬੰਧੀ ਲਾਇਆ ਕੈਂਪ
ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਸਬੰਧੀ ਵਿਸ਼ੇਸ਼ ਕੈਂਪ ਲਗਾਇਆ
Publish Date: Tue, 24 Feb 2026 04:37 PM (IST)
Updated Date: Wed, 25 Feb 2026 04:01 AM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਲੋਕਾਂ ਨੂੰ ਬਿਹਤਰ ਅਤੇ ਸਸਤੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਨੋਰਥ ਨਾਲ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ 10 ਲੱਖ ਰੁਪਏ ਤੱਕ ਦੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਸਬੰਧੀ ਜੈਤੋ ਦੇ ਵਾਰਡ ਨੰਬਰ-11 ਫ਼ਰੀਦ ਨਗਰ ਦੀ ਗਲੀ ਨੰਬਰ-2 ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ। ਕੈਂਪ ਦਾ ਰਸਮੀ ਉਦਘਾਟਨ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਸੂਬਾ ਮੀਤ ਪ੍ਰਧਾਨ, ਪੰਜਾਬ ਕਰਿਆਨਾ ਐਸੋਸੀਏਸ਼ਨ ਦੇ ਸੂਬਾ ਜਨਰਲ ਸਕੱਤਰ, ਪੰਜਾਬ ਪ੍ਰਦੇਸ਼ ਵਪਾਰ ਮੰਡਲ ਇਕਾਈ ਜੈਤੋ ਦੇ ਪ੍ਰਧਾਨ ਅਤੇ ਕਰਿਆਨਾ ਮਰਚੈਂਟਸ ਐਸੋਸੀਏਸ਼ਨ ਜੈਤੋ ਦੇ ਪ੍ਰਧਾਨ ਗੋਪਾਲ ਕ੍ਰਿਸ਼ਨ ਨੇ ਕੀਤਾ। ਸਾਬਕਾ ਨਗਰ ਕੌਂਸਲਰ ਨਿਰਮਲਾ ਦੇਵੀ ਦੇ ਘਰ ਸਾਹਮਣੇ ਲਾਏ ਗਏ ਇਸ ਕੈਂਪ ਵਿਚ ਵਾਰਡ ਵਾਸੀਆਂ ਨੇ ਵੱਡੀ ਗਿਣਤੀ ’ਚ ਪਹੁੰਚ ਕੇ ਆਪਣੇ ਸਿਹਤ ਬੀਮਾ ਕਾਰਡ ਬਣਵਾਏ। ਮਹਿਲਾਵਾਂ, ਬਜ਼ੁਰਗਾਂ ਅਤੇ ਨੌਜਵਾਨਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕਰਦੇ ਹੋਏ ਯੋਜਨਾ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਆਪਣੇ ਦਸਤਾਵੇਜ਼ ਜਮ੍ਹਾ ਕਰਵਾਏ। ਗੋਪਾਲ ਕ੍ਰਿਸ਼ਨ ਦੀ ਸਮੁੱਚੀ ਟੀਮ ਵੱਲੋਂ ਮੌਕੇ ’ਤੇ ਹੀ ਰਜਿਸਟਰੇਸ਼ਨ ਦੀ ਕਾਰਵਾਈ ਪੂਰੀ ਕਰਕੇ ਯੋਗ ਪਰਿਵਾਰਾਂ ਦੇ ਸਿਹਤ ਬੀਮਾ ਕਾਰਡ ਜਾਰੀ ਕੀਤੇ ਗਏ, ਜਿਸ ਨਾਲ ਲੋਕਾਂ ਨੂੰ ਤੁਰੰਤ ਲਾਭ ਮਿਲਿਆ। ਇਸ ਮੌਕੇ ਗੋਪਾਲ ਕ੍ਰਿਸ਼ਨ ਨੇ ਦੱਸਿਆ ਕਿ ਇਸ ਯੋਜਨਾ ਅਧੀਨ ਲਾਭਪਾਤਰੀ ਸਰਕਾਰੀ ਅਤੇ ਚੁਣਿੰਦਾ ਨਿੱਜੀ ਹਸਪਤਾਲਾਂ ਵਿਚ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਸਕੀਮ ਆਰਥਿਕ ਰੂਪ ਵਿਚ ਕਮਜ਼ੋਰ ਅਤੇ ਮੱਧ ਵਰਗ ਦੇ ਪਰਿਵਾਰਾਂ ਲਈ ਕਾਫ਼ੀ ਲਾਭਕਾਰੀ ਸਾਬਤ ਹੋ ਰਹੀ ਹੈ, ਕਿਉਂਕਿ ਵਧ ਰਹੇ ਇਲਾਜ ਦੇ ਖ਼ਰਚਿਆਂ ਕਾਰਨ ਆਮ ਲੋਕਾਂ ਲਈ ਮਿਆਰੀ ਇਲਾਜ ਪ੍ਰਾਪਤ ਕਰਨਾ ਮੁਸ਼ਕਲ ਹੋ ਜਾਂਦਾ ਹੈ। ਉਨ੍ਹਾਂ ਜੈਤੋ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਸ ਤਰ੍ਹਾਂ ਦੇ ਕੈਂਪਾਂ ਵਿਚ ਸ਼ਾਮਿਲ ਹੋਣ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਪੂਰਾ ਲਾਭ ਲੈਣ। ਗੋਪਾਲ ਕ੍ਰਿਸ਼ਨ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਦੀ ਅਗਵਾਈ ਹੇਠ ਇਸ ਤਰ੍ਹਾਂ ਦੇ ਕੈਂਪ ਜੈਤੋ ਸ਼ਹਿਰ ਦੇ ਵੱਖ-ਵੱਖ ਵਾਰਡਾਂ ਅਤੇ ਪਿੰਡਾਂ ਵਿਚ ਲਗਾਤਾਰ ਜਾਰੀ ਰਹਿਣਗੇ, ਤਾਂ ਜੋ ਕੋਈ ਵੀ ਯੋਗ ਨਾਗਰਿਕ ਸਿਹਤ ਸਹੂਲਤਾਂ ਤੋਂ ਵਾਂਝਾ ਨਾ ਰਹੇ। ਇਸ ਮੌਕੇ ਸਾਬਕਾ ਨਗਰ ਕੌਂਸਲਰ ਨਿਰਮਲਾ ਦੇਵੀ ਨੇ ਕਿਹਾ ਕਿ ਇਸ ਸਕੀਮ ਨਾਲ ਮੌਜੂਦਾ ਸਰਕਾਰ ਪ੍ਰਤੀ ਲੋਕਾਂ ਦਾ ਵਿਸ਼ਵਾਸ ਵਧਿਆ ਹੈ ਅਤੇ ਨਾਲ ਹੀ ਇਸ ਸਕੀਮ ਦੇ ਆਉਣ ਨਾਲ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਵਿਚ 10 ਲੱਖ ਰੁਪਏ ਤੱਕ ਦਾ ਮੁਫ਼ਤ ਸਿਹਤ ਇਲਾਜ ਦਿੱਤਾ ਜਾ ਰਿਹਾ ਹੈ। ਹੁਣ ਸੂਬੇ ਦਾ ਕੋਈ ਵਿਅਕਤੀ ਇਲਾਜ ਪੱਖੋਂ ਬਿਮਾਰੀ ਦਾ ਸ਼ਿਕਾਰ ਨਹੀਂ ਹੋਵੇਗਾ, ਕਿਉਂਕਿ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਦੀ ਬਾਂਹ ਫੜੀ ਹੈ। ਇਸ ਮੌਕੇ ਧਰਮਪਾਲ ਗਰਗ, ਪੂਜਾ ਰਾਣੀ ਗਰਗ, ਸੁਨੀਲ ਗਰਗ, ਪਿਊਸ਼ ਗਰਗ ਸਮੇਤ ਵੱਡੀ ਗਿਣਤੀ ਵਿਚ ਵਾਰਡ ਵਾਸੀ ਹਾਜ਼ਰ ਸਨ।