- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ-ਪਿੰਡ ਦਿਖਾਈ ਜਾ ਰਹੀ ਹੈ ਵਿਸ਼ੇਸ਼ ਡਾਕੂਮੈਂਟਰੀ ਫ਼ਿਲਮ

ਭੋਲਾ ਸ਼ਰਮਾ (ਪੱਤਰ ਪ੍ਰੇਰਕ) ਪੰਜਾਬੀ ਜਾਗਰਣ, ਜੈਤੋ : ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹਾ ਫ਼ਰੀਦਕੋਟ ਦੇ ਵੱਖ-ਵੱਖ ਪਿੰਡਾਂ ਵਿੱਚ ਗੁਰੂ ਸਾਹਿਬ ਦੇ ਜੀਵਨ, ਉਪਦੇਸ਼ਾਂ ਅਤੇ ਸਮਾਜਿਕ ਸੰਦੇਸ਼ ਨੂੰ ਦਰਸਾਉਂਦੀ ਡਾਕੂਮੈਂਟਰੀ ਫ਼ਿਲਮ ਦਿਖਾਈ ਜਾ ਰਹੀ ਹੈ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਜੈਤੋ ਦੇ ਪਿੰਡ ਉਕੰਦਵਾਲਾ ਵਿਖੇ ਬੀਤੀ ਸ਼ਾਮ 30 ਮਿੰਟ ਦੀ ਵਿਸ਼ੇਸ਼ ਡਾਕੂਮੈਂਟਰੀ ਫ਼ਿਲਮ ਦਿਖਾਈ ਗਈ, ਜਿਸ ਨੂੰ ਪਿੰਡ ਵਾਸੀਆਂ ਨੇ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਦੇਖਿਆ। ਇਸ ਮੌਕੇ ਪਿੰਡ ਦੇ ਸਰਪੰਚ, ਪੰਚਾਇਤ ਮੈਂਬਰ, ਨੌਜਵਾਨ, ਮਹਿਲਾਵਾਂ, ਬਜ਼ੁਰਗਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। ਇਸ ਸਬੰਧੀ ਜਾਣਕਾਰੀ ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਰੋਜ਼ਾਨਾ ਫ਼ਿਲਮ ਦਿਖਾਈ ਜਾ ਰਹੀ ਹੈ। ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਆਪਣੇ ਜੀਵਨ ਰਾਹੀਂ ਮਨੁੱਖਤਾ, ਸਮਾਨਤਾ, ਭਾਈਚਾਰੇ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਦਿਖਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਪਹਿਲਕਦਮੀਆਂ ਰਾਹੀਂ ਨੌਜਵਾਨ ਪੀੜ੍ਹੀ ਨੂੰ ਮਹਾਨ ਗੁਰੂ ਸਾਹਿਬਾਨ ਦੇ ਜੀਵਨ, ਵਿਚਾਰਧਾਰਾ ਅਤੇ ਸਮਾਜ ਸੁਧਾਰ ਲਈ ਕੀਤੇ ਗਏ ਕਾਰਜਾਂ ਬਾਰੇ ਜਾਣਨ ਦਾ ਮੌਕਾ ਮਿਲਦਾ ਹੈ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਡਾਕੂਮੈਂਟਰੀ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਉਨ੍ਹਾਂ ਦੇ ਪ੍ਰੇਰਣਾਦਾਇਕ ਸੰਦੇਸ਼ ਨੂੰ ਆਸਾਨ ਢੰਗ ਨਾਲ ਸਮਝਣ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਨੌਜਵਾਨਾਂ ਨੂੰ ਆਪਣੇ ਮਹਾਨ ਵਿਰਸੇ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਆਉਣ ਵਾਲੇ ਦਿਨਾਂ ਵਿੱਚ ਵੀ ਜ਼ਿਲ੍ਹਾ ਫ਼ਰੀਦਕੋਟ ਦੇ ਹੋਰ ਪਿੰਡਾਂ ਵਿੱਚ ਡਾਕੂਮੈਂਟਰੀ ਫ਼ਿਲਮਾਂ ਦਾ ਪ੍ਰਦਰਸ਼ਨ ਜਾਰੀ ਰਹੇਗਾ, ਤਾਂ ਜੋ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ, ਬਰਾਬਰੀ ਤੇ ਆਪਸੀ ਸਾਂਝ ਦਾ ਸੰਦੇਸ਼ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਇਆ ਜਾ ਸਕੇ।