ਵਾਤਾਵਰਨ ਸੁਰੱਖਿਆ ਲਈ ਵੱਧ ਤੋਂ ਵੱਧ ਬੂਟੇ ਲਾਉਣ ਦਾ ਹੋਕਾ
ਵਾਤਾਵਰਨ ਦੀ ਸ਼ੁੱਧਤਾ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ, ਰੁੱਖ ਲਗਾਉਣਾ ਸਮੇਂ ਦੀ ਮੁੱਖ ਮੰਗ
Publish Date: Wed, 24 Jun 2026 04:34 PM (IST)
Updated Date: Wed, 24 Jun 2026 04:37 PM (IST)

ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਆਧੁਨਿਕਤਾ ਅਤੇ ਉਦਯੋਗਿਕ ਵਿਕਾਸ ਦੀ ਅੰਨ੍ਹੀ ਦੌੜ ਵਿੱਚ ਵਾਤਾਵਰਨ ਪ੍ਰਦੂਸ਼ਣ ਵਿਸ਼ਵ ਪੱਧਰ ’ਤੇ ਇੱਕ ਗੰਭੀਰ ਚੁਣੌਤੀ ਬਣ ਚੁੱਕਾ ਹੈ। ਹਰ ਦਿਨ ਵਧ ਰਹੇ ਪ੍ਰਦੂਸ਼ਣ ਕਾਰਨ ਧਰਤੀ ਦਾ ਤਾਪਮਾਨ ਲਗਾਤਾਰ ਵੱਧ ਰਿਹਾ ਹੈ, ਮੌਸਮੀ ਚੱਕਰ ਪ੍ਰਭਾਵਿਤ ਹੋ ਰਹੇ ਹਨ ਅਤੇ ਕੁਦਰਤੀ ਆਫ਼ਤਾਂ ਵਿੱਚ ਵੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਕਈ ਖੇਤਰਾਂ ਵਿੱਚ ਲੰਬੇ ਸਮੇਂ ਤੱਕ ਮੀਂਹ ਨਾ ਪੈਣਾ, ਗਰਮੀ ਦੀ ਤੀਬਰਤਾ ਵਿੱਚ ਵਾਧਾ ਅਤੇ ਹਵਾ ਦੀ ਗੁਣਵੱਤਾ ਵਿੱਚ ਗਿਰਾਵਟ ਮਨੁੱਖੀ ਜੀਵਨ ਲਈ ਵੱਡਾ ਖ਼ਤਰਾ ਬਣ ਰਹੀ ਹੈ। ਇਨ੍ਹਾਂ ਚੁਣੌਤੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਹਰ ਸਾਲ ‘ਵਿਸ਼ਵ ਵਾਤਾਵਰਨ ਦਿਵਸ’ ਮਨਾਇਆ ਜਾਂਦਾ ਹੈ, ਜਿਸ ਤਹਿਤ ਵੱਖ-ਵੱਖ ਜਾਗਰੂਕਤਾ ਮੁਹਿੰਮਾਂ ਅਤੇ ਸਮਾਜਿਕ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾਂਦਾ ਹੈ। ਵਧਦਾ ਪ੍ਰਦੂਸ਼ਣ ਨਾ ਸਿਰਫ਼ ਵਾਤਾਵਰਨ ਦੇ ਸੰਤੁਲਨ ਨੂੰ ਪ੍ਰਭਾਵਿਤ ਕਰ ਰਿਹਾ ਹੈ, ਸਗੋਂ ਮਨੁੱਖੀ ਸਿਹਤ ਲਈ ਵੀ ਗੰਭੀਰ ਖ਼ਤਰਾ ਬਣਦਾ ਜਾ ਰਿਹਾ ਹੈ। ਇਸ ਦੇ ਨਤੀਜੇ ਵਜੋਂ ਕਈ ਜੀਵ-ਜੰਤੂਆਂ ਦੀਆਂ ਪ੍ਰਜਾਤੀਆਂ ਅਲੋਪ ਹੋ ਰਹੀਆਂ ਹਨ ਅਤੇ ਲੋਕ ਸਾਹ, ਦਿਲ ਅਤੇ ਹੋਰ ਗੰਭੀਰ ਬਿਮਾਰੀਆਂ ਦਾ ਸ਼ਿਕਾਰ ਬਣ ਰਹੇ ਹਨ। ਇਸ ਸਬੰਧੀ ਜੈਤੋ ਖੇਤਰ ਦੀਆਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਨੇ ‘ਪੰਜਾਬੀ ਜਾਗਰਣ’ ਨਾਲ ਗੱਲਬਾਤ ਕਰਦਿਆਂ ਧਰਤੀ ਨੂੰ ਬਚਾਉਣ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਸੱਦਾ ਦਿੱਤਾ। ਵਾਤਾਵਰਨ ਦੀ ਸੰਭਾਲ ਕਰਨਾ ਸਾਡਾ ਮੁੱਖ ਫ਼ਰਜ਼ : ਡਾ. ਮੁਹੰਮਦ ਸਲੀਮ ਨਿਊ ਮੁਸਲਿਮ ਕਮੇਟੀ ਮਸਜਿਦ ਬਾਬਾ ਫ਼ਰੀਦ ਰਸਾਲ ਪੱਤੀ ਜੈਤੋ ਦੇ ਪ੍ਰਧਾਨ, ਜ਼ਿਲ੍ਹਾ ਕਾਂਗਰਸ ਕਮੇਟੀ ਓ.ਬੀ.ਸੀ. ਸੈੱਲ ਫ਼ਰੀਦਕੋਟ ਦੇ ਚੇਅਰਮੈਨ ਅਤੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਫ਼ਰੀਦਕੋਟ ਦੇ ਮੈਂਬਰ ਡਾ. ਮੁਹੰਮਦ ਸਲੀਮ ਖਿਲਜੀ ਨੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਕਰਨਾ ਹਰੇਕ ਨਾਗਰਿਕ ਦਾ ਮੁੱਢਲਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਜਿਸ ਤੇਜ਼ੀ ਨਾਲ ਰੁੱਖਾਂ ਦੀ ਕਟਾਈ ਹੋ ਰਹੀ ਹੈ, ਉਸ ਦੇ ਨਤੀਜੇ ਵਜੋਂ ਭਵਿੱਖ ਵਿੱਚ ਕਈ ਤਰ੍ਹਾਂ ਦੀਆਂ ਕੁਦਰਤੀ ਆਫ਼ਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੁਰੱਖਿਅਤ ਅਤੇ ਸੁੰਦਰ ਵਾਤਾਵਰਨ ਦੇਣ ਲਈ ਸਾਨੂੰ ਰੁੱਖਾਂ ਦੀ ਸੰਭਾਲ ਦੇ ਨਾਲ-ਨਾਲ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ। ਉਨ੍ਹਾਂ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਵਧਦਾ ਪ੍ਰਦੂਸ਼ਣ, ਦੂਸ਼ਿਤ ਪਾਣੀ ਅਤੇ ਬਿਮਾਰੀਆਂ ਦਾ ਫੈਲਾਅ ਮਨੁੱਖੀ ਸਿਹਤ ਲਈ ਘਾਤਕ ਸਾਬਤ ਹੋ ਰਿਹਾ ਹੈ। ਇਨ੍ਹਾਂ ਸਮੱਸਿਆਵਾਂ ਦਾ ਸਭ ਤੋਂ ਪ੍ਰਭਾਵਸ਼ਾਲੀ ਹੱਲ ਰੁੱਖ ਲਗਾਉਣਾ ਅਤੇ ਕੁਦਰਤੀ ਸਰੋਤਾਂ ਦੀ ਰੱਖਿਆ ਕਰਨਾ ਹੈ। ਹਰ ਵਿਅਕਤੀ ਲਈ ਬੂਟੇ ਲਾਉਣੇ ਜ਼ਰੂਰੀ : ਡਾ. ਪਰਮਿੰਦਰ ਸਿੰਘ ਤੱਗੜ ਯੂਨੀਵਰਸਿਟੀ ਕਾਲਜ ਜੈਤੋ ਦੇ ਸੀਨੀਅਰ ਪ੍ਰੋਫ਼ੈਸਰ ਡਾ. ਪਰਮਿੰਦਰ ਸਿੰਘ ਤੱਗੜ ਨੇ ਕਿਹਾ ਕਿ ਭਾਰਤ ਵਿੱਚ ਵਾਤਾਵਰਨ ਸੁਰੱਖਿਆ ਐਕਟ 19 ਨਵੰਬਰ 1986 ਨੂੰ ਲਾਗੂ ਕੀਤਾ ਗਿਆ ਸੀ, ਜਿਸ ਦਾ ਮੁੱਖ ਉਦੇਸ਼ ਵਾਤਾਵਰਨ ਦੀ ਰੱਖਿਆ ਅਤੇ ਪ੍ਰਦੂਸ਼ਣ ਨੂੰ ਕੰਟਰੋਲ ਕਰਨਾ ਹੈ। ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਸ਼ੁੱਧ ਅਤੇ ਸੁਰੱਖਿਅਤ ਰੱਖਣਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਰੁੱਖਾਂ ਦੀ ਕਟਾਈ ਇਸੇ ਤਰ੍ਹਾਂ ਜਾਰੀ ਰਹੀ ਤਾਂ ਆਉਣ ਵਾਲੇ ਸਮੇਂ ਵਿੱਚ ਤਾਪਮਾਨ ਖ਼ਤਰਨਾਕ ਪੱਧਰ ਤੱਕ ਪਹੁੰਚ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬਰਸਾਤ ਦੇ ਮੌਸਮ ਦੌਰਾਨ ਘੱਟੋ-ਘੱਟ ਦੋ ਬੂਟੇ ਜ਼ਰੂਰ ਲਗਾਏ ਜਾਣ। ਉਨ੍ਹਾਂ ਕਿਹਾ ਕਿ ਇੱਕ ਰੁੱਖ ਨੂੰ ਪੂਰੀ ਤਰ੍ਹਾਂ ਵਿਕਸਿਤ ਹੋਣ ਲਈ ਕਈ ਸਾਲ ਲੱਗਦੇ ਹਨ, ਇਸ ਲਈ ਅੱਜ ਲਗਾਇਆ ਬੂਟਾ ਭਵਿੱਖ ਦੀਆਂ ਪੀੜ੍ਹੀਆਂ ਲਈ ਅਨਮੋਲ ਤੋਹਫ਼ਾ ਸਾਬਤ ਹੋਵੇਗਾ। ‘ਰੁੱਖ ਹੀ ਸਾਡੀ ਜ਼ਿੰਦਗੀ ਹਨ ਅਤੇ ਇਨ੍ਹਾਂ ਤੋਂ ਬਿਨਾਂ ਜੀਵਨ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ’। ਬ੍ਰਹਿਮੰਡ ਦੇ ਸੰਤੁਲਨ ਲਈ ਸ਼ੁੱਧ ਵਾਤਾਵਰਨ ਜ਼ਰੂਰੀ : ਸੰਦੀਪ ਸਿੰਘ ਔਲਖ ਯੂਥ ਸ਼੍ਰੋਮਣੀ ਅਕਾਲੀ (ਬ) ਜ਼ਿਲ੍ਹਾ ਫ਼ਰੀਦਕੋਟ ਦੇ ਜਨਰਲ ਸਕੱਤਰ ਸੰਦੀਪ ਸਿੰਘ ਔਲਖ ਰਾਮੇਆਣਾ ਨੇ ਕਿਹਾ ਕਿ ਕੁਦਰਤ ਨੇ ਮਨੁੱਖਤਾ ਨੂੰ ਜੀਵਨ ਲਈ ਲੋੜੀਂਦੇ ਸਾਰੇ ਸਰੋਤ ਬਖ਼ਸ਼ੇ ਹਨ ਅਤੇ ਇਨ੍ਹਾਂ ਦੀ ਸੰਭਾਲ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਰੁੱਖ ਸਾਨੂੰ ਆਕਸੀਜਨ ਪ੍ਰਦਾਨ ਕਰਦੇ ਹਨ, ਜੋ ਮਨੁੱਖੀ ਜੀਵਨ ਲਈ ਸਭ ਤੋਂ ਅਹਿਮ ਤੱਤ ਹੈ। ਉਨ੍ਹਾਂ ਕਿਹਾ ਕਿ ਜੇ ਆਕਸੀਜਨ ਸਾਨੂੰ ਖ਼ਰੀਦਣੀ ਪਵੇ ਤਾਂ ਸ਼ਾਇਦ ਇਹ ਹਰ ਕਿਸੇ ਦੀ ਪਹੁੰਚ ਵਿੱਚ ਨਾ ਹੋਵੇ, ਪਰ ਕੁਦਰਤ ਇਹ ਅਨਮੋਲ ਦਾਤ ਸਾਨੂੰ ਮੁਫ਼ਤ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਵਧਦੀਆਂ ਸਹੂਲਤਾਂ ਅਤੇ ਉਦਯੋਗਿਕ ਵਿਕਾਸ ਕਾਰਨ ਵਾਤਾਵਰਨ ਦਾ ਤਾਪਮਾਨ ਲਗਾਤਾਰ ਵਧ ਰਿਹਾ ਹੈ, ਜਿਸ ਨੂੰ ਕਾਬੂ ਕਰਨ ਲਈ ਵੱਡੇ ਪੱਧਰ ’ਤੇ ਰੁੱਖ ਲਗਾਉਣੇ ਸਮੇਂ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਪਿੱਪਲ, ਬੋਹੜ, ਨਿੰਮ ਅਤੇ ਫ਼ਲਦਾਰ ਰੁੱਖ ਲਗਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਜੇਕਰ ਅਸੀਂ ਵਾਤਾਵਰਨ ਦੇ ਸੰਤੁਲਨ ਨੂੰ ਨਜ਼ਰਅੰਦਾਜ਼ ਕਰਦੇ ਰਹੇ ਤਾਂ ਭਵਿੱਖ ਵਿੱਚ ਮਹਾਂਮਾਰੀਆਂ, ਭੂਚਾਲ, ਹੜ੍ਹ ਅਤੇ ਸਮੁੰਦਰੀ ਤੂਫ਼ਾਨ ਵਰਗੀਆਂ ਆਫ਼ਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਕਿਹਾ, ‘ਜੇ ਧਰਤੀ ’ਤੇ ਹਰਿਆਲੀ ਹੈ ਤਾਂ ਹੀ ਜੀਵਨ ਵਿੱਚ ਖੁਸ਼ਹਾਲੀ ਹੈ।” ਧਰਤੀ ਨੂੰ ਹਰਾ-ਭਰਾ ਬਣਾਉਣਾ ਸਾਡਾ ਨੈਤਿਕ ਫ਼ਰਜ਼ : ਅਮਿਤ ਕੁਮਾਰ ਜੈਤੋ (ਜ਼ਿਲ੍ਹਾ ਫ਼ਰੀਦਕੋਟ) ਦੇ ਪ੍ਰਸਿੱਧ ਵਕੀਲ ਅਮਿਤ ਕੁਮਾਰ ‘ਗੋਲਡੂ ਮਿੱਤਲ’ ਨੇ ਕਿਹਾ ਕਿ ਸਾਡਾ ਹਰ ਦਿਨ ਵਿਸ਼ਵ ਵਾਤਾਵਰਨ ਦਿਵਸ ਹੋਣਾ ਚਾਹੀਦਾ ਹੈ, ਕਿਉਂਕਿ ਧਰਤੀ ਹੀ ਸਾਡਾ ਇੱਕੋ-ਇੱਕ ਰਹਿਣ ਬਸੇਰਾ ਹੈ। ਉਨ੍ਹਾਂ ਕਿਹਾ ਕਿ ਇਸ ਧਰਤੀ ’ਤੇ ਵੱਸਦੇ ਹਰ ਜੀਵ-ਜੰਤੂ, ਪਸ਼ੂ-ਪੰਛੀ ਅਤੇ ਕੁਦਰਤੀ ਸਰੋਤਾਂ ਦੀ ਰੱਖਿਆ ਕਰਨਾ ਸਾਡਾ ਨੈਤਿਕ ਧਰਮ ਹੈ। ਉਨ੍ਹਾਂ ਕਿਹਾ ਕਿ ਦੇਸ਼ ਭਗਤੀ ਸਿਰਫ਼ ਵੱਡੀਆਂ ਕੁਰਬਾਨੀਆਂ ਦੇਣ ਨਾਲ ਨਹੀਂ, ਸਗੋਂ ਆਪਣੇ ਛੋਟੇ-ਛੋਟੇ ਸਮਾਜਿਕ ਅਤੇ ਨੈਤਿਕ ਫ਼ਰਜ਼ ਨਿਭਾਉਣ ਨਾਲ ਵੀ ਪ੍ਰਗਟ ਹੁੰਦੀ ਹੈ। ਉਨ੍ਹਾਂ ਕਿਹਾ ਕਿ ਆਧੁਨਿਕ ਵਿਕਾਸ ਅਤੇ ਉਦਯੋਗੀਕਰਨ ਦੇ ਕਾਰਨ ਵਾਤਾਵਰਨ ਪ੍ਰਦੂਸ਼ਣ ਵਿੱਚ ਵਾਧਾ ਹੋ ਰਿਹਾ ਹੈ, ਜਿਸ ਦੀ ਰੋਕਥਾਮ ਲਈ ਵੱਡੇ ਪੱਧਰ ’ਤੇ ਰੁੱਖ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਲਈ ਢੁੱਕਵੇਂ ਪ੍ਰਬੰਧ ਕਰਨੇ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਗਰਮੀ ਨੇ ਆਪਣੇ ਪੁਰਾਣੇ ਸਾਰੇ ਰਿਕਾਰਡ ਤੋੜ ਦਿੱਤੇ ਹਨ, ਜਿਸ ਤੋਂ ਸਬਕ ਲੈਂਦਿਆਂ ਸਾਨੂੰ ਵਾਤਾਵਰਨ ਸੁਰੱਖਿਆ ਵੱਲ ਗੰਭੀਰ ਕਦਮ ਚੁੱਕਣੇ ਹੋਣਗੇ। ਉਨ੍ਹਾਂ ਦੇ ਅਨੁਸਾਰ ਪੰਜਾਬ ਵਿੱਚ ਕਰੋੜਾਂ ਰੁੱਖਾਂ ਦੀ ਲੋੜ ਹੈ ਅਤੇ ਇਸ ਘਾਟ ਨੂੰ ਪੂਰਾ ਕਰਨਾ ਸਾਡੇ ਸਾਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ।