- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੋਕਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਜੈਤੋ ਵਿਖੇ ਜਲਦ ਖੁੱਲ੍ਹੇਗਾ ਵਿਸ਼ੇਸ਼ ਦਫ਼ਤਰ : ਬੀਬੀ ਸੰਦੀਪ ਕੌਰ ਖ਼ਾਲਸਾ

ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਨੇੜਿਓਂ ਸੁਣਨ ਅਤੇ ਤੁਰੰਤ ਹੱਲ ਯਕੀਨੀ ਬਣਾਉਣ ਦੇ ਮੰਤਵ ਨਾਲ ਜੈਤੋ ਮੰਡੀ ਵਿਖੇ ਜਲਦ ਹੀ ਇੱਕ ਵਿਸ਼ੇਸ਼ ਦਫ਼ਤਰ ਖੋਲ੍ਹਿਆ ਜਾਵੇਗਾ। ਇਹ ਪ੍ਰਗਟਾਵਾ ਅਕਾਲੀ ਦਲ ਵਾਰਿਸ ਪੰਜਾਬ ਇਸਤਰੀ ਵਿੰਗ ਦੀ ਮੈਂਬਰ ਬੀਬੀ ਸੰਦੀਪ ਕੌਰ ਖ਼ਾਲਸਾ, ਜੋ ਕਿ ਫ਼ਰੀਦਕੋਟ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖ਼ਾਲਸਾ ਦੇ ਧਰਮਪਤਨੀ ਹਨ, ਨੇ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ। ਬੀਬੀ ਸੰਦੀਪ ਕੌਰ ਖ਼ਾਲਸਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਜੈਤੋ ਦੇ ਲੋਕਾਂ ਨੇ ਹਮੇਸ਼ਾ ਉਨ੍ਹਾਂ ਦੇ ਪਰਿਵਾਰ ’ਤੇ ਵਿਸ਼ਵਾਸ ਪ੍ਰਗਟ ਕਰਦਿਆਂ ਪਿਆਰ, ਸਤਿਕਾਰ ਅਤੇ ਭਰਪੂਰ ਸਹਿਯੋਗ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਾ ਅਤੇ ਉਨ੍ਹਾਂ ਦੀ ਭਲਾਈ ਲਈ ਲਗਾਤਾਰ ਕੰਮ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਜਨਤਾ ਦੀ ਸੇਵਾ ਅਤੇ ਖੇਤਰ ਦੇ ਵਿਕਾਸ ਲਈ ਉਨ੍ਹਾਂ ਦਾ ਪਰਿਵਾਰ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ ਅਤੇ ਅੱਗੇ ਵੀ ਇਹ ਯਤਨ ਹੋਰ ਤੇਜ਼ੀ ਨਾਲ ਜਾਰੀ ਰਹਿਣਗੇ। ਉਨ੍ਹਾਂ ਦੱਸਿਆ ਕਿ ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖ਼ਾਲਸਾ ਵੱਲੋਂ ਫ਼ਰੀਦਕੋਟ ਲੋਕ ਸਭਾ ਹਲਕੇ ਦੇ ਕਰੀਬ 60 ਪਿੰਡਾਂ ਨੂੰ ਉਨ੍ਹਾਂ ਦੀਆਂ ਲੋੜਾਂ ਅਤੇ ਮੰਗਾਂ ਅਨੁਸਾਰ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਮੁਹੱਈਆ ਕਰਵਾਈਆਂ ਗਈਆਂ ਹਨ। ਇਨ੍ਹਾਂ ਗ੍ਰਾਂਟਾਂ ਰਾਹੀਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਸੜਕਾਂ ਦੀ ਮੁਰੰਮਤ, ਪੀਣ ਵਾਲੇ ਪਾਣੀ ਦੀਆਂ ਸਹੂਲਤਾਂ, ਸਮਾਜਿਕ ਅਤੇ ਜਨਤਕ ਭਲਾਈ ਨਾਲ ਸਬੰਧਤ ਪ੍ਰੋਜੈਕਟਾਂ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਅਤੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਪਹਿਲ ਦੇਣਾ ਉਨ੍ਹਾਂ ਦੀ ਕਾਰਜਸ਼ੈਲੀ ਦਾ ਮੁੱਖ ਹਿੱਸਾ ਹੈ। ਬੀਬੀ ਸੰਦੀਪ ਕੌਰ ਖ਼ਾਲਸਾ ਨੇ ਕਿਹਾ ਕਿ ਜੈਤੋ ਹਲਕੇ ਦੇ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਅਤੇ ਮੰਗਾਂ ਸਬੰਧੀ ਫ਼ਰੀਦਕੋਟ ਸਥਿਤ ਮੁੱਖ ਦਫ਼ਤਰ ਤੱਕ ਪਹੁੰਚਣ ਵਿੱਚ ਕਈ ਵਾਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਲੋਕਾਂ ਦੀ ਇਸ ਦਿੱਕਤ ਨੂੰ ਗੰਭੀਰਤਾ ਨਾਲ ਲੈਂਦਿਆਂ ਜੈਤੋ ਮੰਡੀ ਵਿਖੇ ਵਿਸ਼ੇਸ਼ ਦਫ਼ਤਰ ਖੋਲ੍ਹਣ ਦਾ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦਫ਼ਤਰ ਦੇ ਖੁੱਲ੍ਹਣ ਨਾਲ ਜੈਤੋ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਉਹ ਬਿਨਾਂ ਕਿਸੇ ਝਿਜਕ ਆਪਣੀਆਂ ਸਮੱਸਿਆਵਾਂ, ਮੰਗਾਂ ਅਤੇ ਸੁਝਾਅ ਸਿੱਧੇ ਤੌਰ ’ਤੇ ਰੱਖ ਸਕਣਗੇ। ਉਨ੍ਹਾਂ ਕਿਹਾ ਕਿ ਇਹ ਦਫ਼ਤਰ ਲੋਕਾਂ ਅਤੇ ਉਨ੍ਹਾਂ ਦੇ ਚੁਣੇ ਹੋਏ ਨੁਮਾਇੰਦਿਆਂ ਦਰਮਿਆਨ ਇੱਕ ਮਜ਼ਬੂਤ ਕੜੀ ਵਜੋਂ ਕੰਮ ਕਰੇਗਾ। ਇੱਥੇ ਪ੍ਰਾਪਤ ਹੋਣ ਵਾਲੀਆਂ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਲਈ ਯੋਗ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਤਾਂ ਜੋ ਲੋਕਾਂ ਨੂੰ ਸਰਕਾਰੀ ਅਤੇ ਪ੍ਰਸ਼ਾਸਨਿਕ ਪੱਧਰ ’ਤੇ ਆਉਣ ਵਾਲੀਆਂ ਮੁਸ਼ਕਲਾਂ ਦਾ ਜਲਦੀ ਹੱਲ ਮਿਲ ਸਕੇ। ਬੀਬੀ ਸੰਦੀਪ ਕੌਰ ਖ਼ਾਲਸਾ ਨੇ ਭਰੋਸਾ ਦਿੱਤਾ ਕਿ ਹਲਕੇ ਦੇ ਸਰਬਪੱਖੀ ਵਿਕਾਸ, ਲੋਕ ਭਲਾਈ ਅਤੇ ਜਨਹਿੱਤ ਦੇ ਕਾਰਜਾਂ ਲਈ ਉਨ੍ਹਾਂ ਦਾ ਪਰਿਵਾਰ ਹਮੇਸ਼ਾ ਵਚਨਬੱਧ ਰਹੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੇ ਵਿਸ਼ਵਾਸ ਅਤੇ ਸਹਿਯੋਗ ਸਦਕਾ ਹੀ ਵਿਕਾਸ ਦੇ ਨਵੇਂ ਰਾਹ ਖੁੱਲ੍ਹਦੇ ਹਨ ਅਤੇ ਇਸ ਵਿਸ਼ਵਾਸ ਨੂੰ ਕਾਇਮ ਰੱਖਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਫ਼ਰੀਦਕੋਟ ਗੁਰਸਾਹਿਬ ਸਿੰਘ ਜੈਤੋ, ਜ਼ਿਲ੍ਹਾ ਮੀਤ ਪ੍ਰਧਾਨ ਫ਼ਰੀਦਕੋਟ ਮਨਜੀਤ ਸਿੰਘ ਸੋਢੀ ਰਾਮੇਆਣਾ, ਸਰਕਲ ਪ੍ਰਧਾਨ ਜੈਤੋ ਹਰਵਿੰਦਰ ਸਿੰਘ ਰਾਮੂੰਵਾਲਾ (ਡੇਂਲਿਆਵਾਲੀ), ਸਰਕਲ ਪ੍ਰਧਾਨ ਬਾਜਾਖਾਨਾ ਗੁਰਪਿਆਰ ਸਿੰਘ ਕੋਠੇ ਚੰਦ ਸਿੰਘ ਵਾਲੇ, ਡਾ. ਹੀਰਾ ਸਿੰਘ, ਬਲਕਾਰ ਸਿੰਘ ਜੈਤੋ ਅਤੇ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।