ਫਰਦ ਕੇਂਦਰਾਂ ਲਈ ਨਵਾਂ ਟੈਂਡਰ ਜਾਰੀ ਕਰਨ ਦੀ ਨਿਖੇਧੀ
ਫਰਦ ਕੇਂਦਰਾਂ ਲਈ ਨਵਾਂ ਟੈਂਡਰ ਜਾਰੀ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ
Publish Date: Fri, 10 Apr 2026 03:50 PM (IST)
Updated Date: Sat, 11 Apr 2026 04:00 AM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਠੇਕਾ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ, ਬਲਿਹਾਰ ਸਿੰਘ ਕਟਾਰੀਆ, ਜਸਵੀਰ ਸਿੰਘ ਦੰਦੀਵਾਲ, ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂ, ਸ਼ੇਰ ਸਿੰਘ ਖੰਨਾ, ਜਸਪ੍ਰੀਤ ਸਿੰਘ ਗਗਨ, ਸਿਮਰਨਜੀਤ ਸਿੰਘ ਨੀਲੋ, ਜਗਸੀਰ ਸਿੰਘ ਭੰਗੂ, ਰਮਨਦੀਪ ਸਿੰਘ, ਪਰਮਜੀਤ ਸਿੰਘ, ਹਰਜਿੰਦਰਪਾਲ ਸਿੰਘ, ਲਛਮਨ ਸਿੰਘ ਅਤੇ ਜਗਦੀਪ ਸਿੰਘ ਵੱਲੋਂ ਜਾਰੀ ਸਾਂਝੇ ਬਿਆਨ ਵਿੱਚ ਕਿਹਾ ਗਿਆ ਕਿ ਪੰਜਾਬ ਸਰਕਾਰ ਇਕ ਪਾਸੇ ਠੇਕਾ ਤੇ ਆਉਟਸੋਰਸ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਨੀਤੀ ਬਣਾਉਣ ਦੇ ਦਾਅਵੇ ਕਰ ਰਹੀ ਹੈ, ਪਰ ਦੂਜੇ ਪਾਸੇ ਇਸ ਨੀਤੀ ਦੀ ਹਕੀਕਤ ਉਸ ਵੇਲੇ ਸਾਹਮਣੇ ਆ ਗਈ ਜਦੋਂ ਸਰਕਾਰ ਵੱਲੋਂ ਪੰਜਾਬ ਵਿੱਚ ਚੱਲ ਰਹੇ ਫਰਦ ਕੇਂਦਰਾਂ ਲਈ ਨਵਾਂ ਟੈਂਡਰ ਜਾਰੀ ਕਰ ਦਿੱਤਾ ਗਿਆ। ਆਗੂਆਂ ਨੇ ਕਿਹਾ ਕਿ ਫਰਦ ਕੇਂਦਰਾਂ ਵਿੱਚ ਲੰਬੇ ਸਮੇਂ ਤੋਂ ਸੇਵਾ ਨਿਭਾ ਰਹੇ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਪੱਕਾ ਕਰਨ ਦੀ ਬਜਾਏ ਬਾਹਰੀ ਕੰਪਨੀਆਂ ਰਾਹੀਂ ਟੈਂਡਰ ਜਾਰੀ ਕਰਨਾ ਸਰਕਾਰ ਦੀ ਦੋਹਰੀ ਨੀਤੀ ਨੂੰ ਸਪਸ਼ਟ ਤੌਰ ‘ਤੇ ਬੇਨਕਾਬ ਕਰਦਾ ਹੈ। ਇਸ ਫੈਸਲੇ ਨਾਲ ਮੁਲਾਜ਼ਮਾਂ ਦੀਆਂ ਉਮੀਦਾਂ ਨੂੰ ਵੱਡਾ ਝਟਕਾ ਲੱਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਚੋਣਾਂ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਵਾਅਦੇ ਕਰਕੇ ਸੱਤਾ ਵਿੱਚ ਆਈ ਸੀ, ਪਰ ਹੁਣ ਉਹ ਆਪਣੇ ਵਾਅਦਿਆਂ ਤੋਂ ਮੁਕਰਦੀ ਨਜ਼ਰ ਆ ਰਹੀ ਹੈ। ਇਕ ਪਾਸੇ ਠੇਕਾ ਸੰਘਰਸ਼ ਮੋਰਚਾ ਨਾਲ ਮੀਟਿੰਗਾਂ ਕਰਕੇ ਨੀਤੀ ਬਣਾਉਣ ਦੀ ਗੱਲ ਕੀਤੀ ਜਾ ਰਹੀ ਹੈ, ਜਦਕਿ ਦੂਜੇ ਪਾਸੇ ਫਰਦ ਕੇਂਦਰ ਮੁਲਾਜ਼ਮਾਂ ਨਾਲ ਟੈਂਡਰ ਜਾਰੀ ਕਰਕੇ ਵਿਤਕਰਾ ਕੀਤਾ ਜਾ ਰਿਹਾ ਹੈ। ਠੇਕਾ ਸੰਘਰਸ਼ ਮੋਰਚਾ ਪੰਜਾਬ ਵੱਲੋਂ ਇਸ ਟੈਂਡਰ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ਅਤੇ ਫਰਦ ਕੇਂਦਰ ਮੁਲਾਜ਼ਮਾਂ ਨਾਲ ਡੱਟ ਕੇ ਖੜ੍ਹੇ ਰਹਿਣ ਦਾ ਐਲਾਨ ਕੀਤਾ ਗਿਆ। ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਹ ਟੈਂਡਰ ਤੁਰੰਤ ਰੱਦ ਨਾ ਕੀਤਾ ਗਿਆ ਅਤੇ ਮੁਲਾਜ਼ਮਾਂ ਨੂੰ ਬਣ ਰਹੀ ਨੀਤੀ ਦੇ ਦਾਇਰੇ ਵਿੱਚ ਨਾ ਲਿਆਂਦਾ ਗਿਆ, ਤਾਂ ਪੰਜਾਬ ਭਰ ਦੀਆਂ ਠੇਕਾ ਮੁਲਾਜ਼ਮ ਜਥੇਬੰਦੀਆਂ ਵੱਲੋਂ ਸਰਕਾਰ ਖ਼ਿਲਾਫ਼ ਤਿੱਖੇ ਸੰਘਰਸ਼ ਅਤੇ ਪ੍ਰਦਰਸ਼ਨ ਕੀਤੇ ਜਾਣਗੇ।