ਫਰੀਦਕੋਟ ਦੇ ਨਰਸਿੰਗ ਹੋਸਟਲ ’ਚ ਖਰੜ ਦੀ ਰਹਿਣ ਵਾਲੀ ਤੀਜੇ ਸਮੈਸਟਰ ਦੀ ਵਿਦਿਆਰਥਣ ਨੇ ਜੀਵਨ ਲੀਲਾ ਕੀਤੀ ਸਮਾਪਤ
ਸ਼ਾਸਨ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਪਤਾ ਲੱਗਾ ਕਿ ਵਿਦਿਆਰਥਣ ਦੀ ਮੌਤ ਹੋ ਚੁੱਕੀ ਸੀ। ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
Publish Date: Sun, 31 May 2026 08:11 AM (IST)
Updated Date: Sun, 31 May 2026 08:18 AM (IST)
ਪੱਤਰ ਪ੍ਰੇਰਕ, ਫਰੀਦਕੋਟ : ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਅਧੀਨ ਚੱਲ ਰਹੇ ਯੂਨੀਵਰਸਿਟੀ ਕਾਲਜ ਆਫ ਨਰਸਿੰਗ ਦੇ ਹੋਸਟਲ ਵਿੱਚ ਇਕ ਵਿਦਿਆਰਥਣ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਅਮਨਪ੍ਰੀਤ ਕੌਰ ਪੁੱਤਰੀ ਗੁਰਮੁਖੀ ਸਿੰਘ ਵਾਸੀ ਖਰੜ (ਮੁਹਾਲੀ) ਵਜੋਂ ਹੋਈ ਹੈ, ਜੋ ਬੀਐੱਸਸੀ ਨਰਸਿੰਗ ਦੇ ਤੀਜੇ ਸਮੈਸਟਰ ਦੀ ਵਿਦਿਆਰਥਣ ਸੀ ਅਤੇ ਹੋਸਟਲ ਵਿੱਚ ਰਹਿ ਰਹੀ ਸੀ।
ਮਿਲੀ ਜਾਣਕਾਰੀ ਅਨੁਸਾਰ ਸ਼ਨਿੱਚਰਵਾਰ ਤੜਕੇ ਕਰੀਬ 2.30 ਵਜੇ ਅਮਨਪ੍ਰੀਤ ਕੌਰ ਨੇ ਆਪਣੇ ਹੋਸਟਲ ਦੇ ਕਮਰੇ ਵਿੱਚ ਫਾਹਾ ਲੈ ਲਿਆ। ਸਾਥੀ ਵਿਦਿਆਰਥਣਾਂ ਨੂੰ ਘਟਨਾ ਦਾ ਪਤਾ ਲੱਗਣ ’ਤੇ ਤੁਰੰਤ ਹੋਸਟਲ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਗਿਆ। ਪ੍ਰਸ਼ਾਸਨ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਪਤਾ ਲੱਗਾ ਕਿ ਵਿਦਿਆਰਥਣ ਦੀ ਮੌਤ ਹੋ ਚੁੱਕੀ ਸੀ। ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਡੀਐੱਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਫਿਲਹਾਲ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦੇ ਫਰੀਦਕੋਟ ਪਹੁੰਚਣ ਤੋਂ ਬਾਅਦ ਉਨ੍ਹਾਂ ਦੇ ਬਿਆਨ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਵੱਲੋਂ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਖੁਦਕੁਸ਼ੀ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇ।