ਨਵੋਦਿਆ ਪ੍ਰਵੇਸ਼ ਪ੍ਰੀਖਿਆ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ
ਸਰਕਾਰੀ ਪ੍ਰਾਇਮਰੀ ਸਕੂਲ ਰਾਊਵਾਲਾ ਦੇ ਵਿਦਿਆਰਥੀਆਂ ਨੇ ਨਵੋਦਿਆ ਪ੍ਰਵੇਸ਼ ਪ੍ਰੀਖਿਆ-2026 ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ
Publish Date: Sun, 29 Mar 2026 04:56 PM (IST)
Updated Date: Mon, 30 Mar 2026 04:03 AM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਸਰਕਾਰੀ ਪ੍ਰਾਇਮਰੀ ਸਕੂਲ ਰਾਊਵਾਲਾ ਦੇ ਵਿਦਿਆਰਥੀਆਂ ਨੇ ਨਵੋਦਿਆ ਪ੍ਰਵੇਸ਼ ਪ੍ਰੀਖਿਆ-2026 ’ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੁਖੀ ਅਧਿਆਪਕਾ ਵੀਰਪਾਲ ਕੌਰ ਨੇ ਦੱਸਿਆ ਕਿ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਅਕਾਸ਼ਜੀਤ ਕੌਰ ਪੁੱਤਰੀ ਸੁਰਜੀਤ ਸਿੰਘ, ਨਮਨਦੀਪ ਸਿੰਘ ਪੁੱਤਰ ਜਸਵਿੰਦਰ ਸਿੰਘ, ਗੁਰਨੂਰ ਕੌਰ ਪੁੱਤਰੀ ਰਾਜਪਾਲ ਸਿੰਘ, ਅੰਜਲੀ ਪੁੱਤਰੀ ਰਾਮ ਬਿਲਾਸ ਨੇ ਇਹ ਉਪਲਬਧੀ ਹਾਸਿਲ ਕਰਕੇ ਆਪਣੇ ਮਾਪਿਆਂ, ਅਧਿਆਪਕਾਂ ਅਤੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ। ਇਸ ਮੌਕੇ ਵਿਦਿਆਰਥੀਆਂ ਦੀ ਸਫ਼ਲਤਾ ’ਤੇ ਸਮੁੱਚੇ ਸਕੂਲ ਸਟਾਫ਼, ਸਕੂਲ ਮੈਨੇਜਮੈਂਟ ਕਮੇਟੀ ਮੈਂਬਰਾਂ, ਪਿੰਡ ਦੇ ਸਰਪੰਚ ਬਾਬੂ ਸਿੰਘ ਅਤੇ ਸਮੂਹ ਪੰਚਾਇਤ ਮੈਂਬਰਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੈਂਟਰ ਸਕੂਲ ਮੁਖੀ ਰੀਤੂ ਬਾਲਾ ਵੱਲੋਂ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਆਪਣੇ ਇਸ ਸਕੂਲ ਦੀਆਂ ਸ਼ਾਨਦਾਰ ਪ੍ਰਾਪਤੀਆਂ ’ਤੇ ਮਾਣ ਕਰਦੇ ਹਨ। ਇਸ ਮੌਕੇ ਪੰਜਵੀਂ ਜਮਾਤ ਦੇ ਇੰਚਾਰਜ ਵੀਰਪਾਲ ਕੌਰ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਬੱਚਿਆਂ ਨੂੰ ਅਜਿਹੀ ਕਾਮਯਾਬੀ ਉਸ ਵੇਲੇ ਹੀ ਮਿਲਦੀ ਹੈ ਜਦੋਂ ਉਹਨਾਂ ਨੂੰ ਮੁੱਢ ਤੋਂ ਹੀ ਮਜ਼ਬੂਤ ਤੇ ਗੁਣਵੱਤਾ ਵਾਲੀ ਸਿੱਖਿਆ ਦਿੱਤੀ ਜਾਵੇ। ਅਜਿਹੀ ਸਫ਼ਲਤਾ ਪਿੱਛੇ ਸਕੂਲ ਦਾ ਸਮੁੱਚਾ ਵਾਤਾਵਰਨ ਅਤੇ ਮਾਪਿਆਂ ਦਾ ਸਹਿਯੋਗ ਵੀ ਵੱਡਾ ਰੋਲ ਨਿਭਾਉਂਦਾ ਹੈ। ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਜੈਤੋ ਸੁਸ਼ੀਲ ਕੁਮਾਰ ਆਹੂਜਾ ਨੇ ਸਮੂਹ ਸਟਾਫ਼, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ ਹੈ।