ਸ਼ਿਵਾਲਿਕ ਪਬਲਿਕ ਸਕੂਲ ਜੈਤੋ ਦੇ ਵਿਦਿਆਰਥੀਆਂ ਨੇ ਲਗਾਇਆ ਵਿੱਦਿਅਕ ਟੂਰ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜੈਤੋ : ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਰੋਡ ਜੈਤੋ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਇੱਕ ਰੋਜ਼ਾ ਵਿੱਦਿਅਕ ਟੂਰ ਦੌਰਾਨ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਲਜਾਇਆ ਗਿਆ। ਸਭ ਤੋਂ ਪਹਿਲਾਂ ਵਿਦਿਆਰਥੀਆਂ ਨੇ ਸਿੱਖ ਧਰਮ ਦੇ ਪਾਵਨ ਅਸਥਾਨ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਰਸ਼ਨ ਕਰ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਵਿਦਿਆਰਥੀਆਂ ਨੇ ਅਧਿਆਪਕਾਂ ਤੋਂ ਸ੍ਰੀ ਦਰਬਾਰ ਸਾਹਿਬ ਦੇ ਇਤਿਹਾਸ ਬਾਰੇ ਮਹੱਤਵਪੂਰਨ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸ੍ਰੀ ਗੁਰੂ ਰਾਮ ਦਾਸ ਲੰਗਰ ਵਿੱਚ ਸੇਵਾ ਕੀਤੀ ਅਤੇ ਪ੍ਰਸ਼ਾਦਾ ਛਕਣ ਉਪਰੰਤ ਇਤਿਹਾਸਕ ਸਥਾਨ ਜਲ੍ਹਿਆਂਵਾਲੇ ਬਾਗ ਵਿਖੇ ਹਾਜ਼ਰੀ ਭਰੀ। ਜਿੱਥੇ ਵਿਦਿਆਰਥੀਆਂ ਨੇ ਸ਼ਹੀਦਾਂ ਦੀ ਯਾਦ ਵਿੱਚ ਬਣੇ ਸਮਾਰਕ ਦੇਖੇ ਅਤੇ ਉਨ੍ਹਾਂ ਨੇ ਦਿਲਚਸਪੀ ਨਾਲ ਇਤਿਹਾਸਕ ਤੱਥਾਂ ਨੂੰ ਸਮਝਿਆ। ਇੱਥੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ 13 ਅਪ੍ਰੈਲ 1919 ਨੂੰ ਵਿਸਾਖੀ ਵਾਲੇ ਦਿਨ ਬਰਤਾਨਵੀ ਸਾਮਰਾਜ ਵੱਲੋਂ ਹਜ਼ਾਰਾਂ ਨਿਰਦੋਸ਼ ਭਾਰਤੀਆਂ ਦੇ ਰੂਹ ਕੰਬਾਊ ਸਾਕੇ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਇਸ ਤੋਂ ਬਾਅਦ ਵਿਦਿਆਰਥੀ ਸਾਡਾ ਪਿੰਡ ਵਿੱਚ ਗਏ ਜਿੱਥੇ ਉਨ੍ਹਾਂ ਨੇ ਪੰਜਾਬ ਦੇ ਪਿੰਡਾਂ ਦੇ ਅਮੀਰ ਸੱਭਿਆਚਾਰ ਦੀ ਤਸਵੀਰ ਦੇਖੀ ਅਤੇ ਆਪਣੇ ਅਮੀਰ ਸੱਭਿਆਚਾਰ ਦੀ ਰੌਣਕ ਅਤੇ ਸੁੰਦਰਤਾ ਨੂੰ ਮਹਿਸੂਸ ਕੀਤਾ। ਉਨ੍ਹਾਂ ਨੇ ਪੰਜਾਬ ਦੀਆਂ ਪਰੰਪਰਾਵਾਂ, ਸੱਭਿਆਚਾਰ, ਕਲਾ, ਲੋਕ-ਨਾਚ, ਲੋਕ-ਸੰਗੀਤ, ਖਾਣ-ਪੀਣ ਅਤੇ ਪੇਂਡੂ ਜੀਵਨ ਨੂੰ ਨੇੜਿਓਂ ਦੇਖਿਆ। ਵਿਦਿਆਰਥੀਆਂ ਨੇ ਮਿਊਜ਼ੀਅਮ ਅਤੇ ਸੱਭਿਆਚਾਰਕ ਥੀਮ ਪਾਰਕ ਵੀ ਦੇਖੇ। ਇਸ ਟੂਰ ’ਚ ਵਿਦਿਆਰਥੀਆਂ ਦੇ ਖਾਣ-ਪੀਣ, ਅਰਾਮ ਅਤੇ ਹੋਰ ਲੋੜਾਂ ਦਾ ਵੀ ਪੁਖਤਾ ਪ੍ਰਬੰਧ ਕੀਤਾ ਗਿਆ ਸੀ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸਰਬਜੀਤ ਸਿੰਘ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੇ ਵਿੱਦਿਅਕ ਟੂਰ ਵਿਦਿਆਰਥੀਆਂ ਦੇ ਗਿਆਨ ਤੇ ਅਨੁਭਵ ਵਿੱਚ ਵਾਧਾ ਕਰਦੇ ਹਨ ਅਤੇ ਉਨ੍ਹਾਂ ਨੂੰ ਆਪਣੇ ਇਤਿਹਾਸ ਤੇ ਸੰਸਕ੍ਰਿਤੀ ਨਾਲ ਜੋੜਦੇ ਹਨ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਅਸ਼ਵਨੀ ਕੁਮਾਰ ਗਰਗ ਗੋਰੀਆ ਨੇ ਕਿਹਾ ਕਿ ਅਜਿਹੇ ਵਿੱਦਿਅਕ ਟੂਰ ਜਿੱਥੇ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਦੇ ਹਨ ਉੱਥੇ ਹੀ ਵਿਦਿਆਰਥੀਆਂ ਦੇ ਮਨਾਂ ਵਿੱਚ ਆਤਮ ਵਿਸ਼ਵਾਸ ਦੀ ਭਾਵਨਾ ਵੀ ਪੈਦਾ ਕਰਦੇ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੇ ਸਮੇਂ ਦੌਰਾਨ ਵੀ ਸਕੂਲ ਵੱਲੋਂ ਅਜਿਹੇ ਉਪਰਾਲੇ ਕੀਤੇ ਜਾਂਦੇ ਰਹਿਣਗੇ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਸ਼ੋਕ ਕੁਮਾਰ ਗਰਗ, ਡਾਇਰੈਕਟਰ ਦੀਪੀ ਗਰਗ, ਮੈਨੇਜਿੰਗ ਡਾਇਰੈਕਟਰ ਗੌਰਵ ਕੁਮਾਰ ਲੱਕੀ ਗਰਗ, ਮੈਂਬਰ ਜਗਮੇਲ ਸਿੰਘ ਬਰਾੜ ਅਤੇ ਮੈਂਬਰ ਘਨੱਈਆ ਲਾਲ ਗਰਗ ਨੇ ਟੂਰ ਦੇ ਚੰਗੇ ਪ੍ਰਬੰਧ ਲਈ ਜਿੱਥੇ ਪ੍ਰਿੰਸੀਪਲ ਸਰਬਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਦੇ ਬਾਕੀ ਮੈਂਬਰਾਂ ਦੀ ਵਿਸ਼ੇਸ਼ ਤੌਰ ’ਤੇ ਸ਼ਲਾਘਾ ਕੀਤੀ ਉੱਥੇ ਹੀ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਵੀ ਕੀਤੀ ਜਿਨ੍ਹਾਂ ਨੇ ਟੂਰ ਸਬੰਧੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਬਾਖੂਬੀ ਨਿਭਾਇਆ।