ਪੰਜਾਬ 'ਚ ਸਿਆਸੀ ਭੂਚਾਲ : 8ਵੀਂ ਜਮਾਤ ਤੋਂ ਹੀ ਸਕੂਲਾਂ 'ਚ ਸ਼ੁਰੂ ਹੋਵੇਗੀ ਸਕਿੱਲ ਟ੍ਰੇਨਿੰਗ, ਸੁਖਬੀਰ ਬਾਦਲ ਨੇ ਪੰਜਾਬ ਦੇ ਵਪਾਰੀਆਂ ਤੇ ਨੌਜਵਾਨਾਂ ਲਈ ਖੋਲ੍ਹੇ ਪੱਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਕਈ ਅਹਿਮ ਰਾਹਤਾਂ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਛੋਟੇ ਦੁਕਾਨਦਾਰਾਂ ਨੂੰ ਬਿਜਲੀ ਦੇ ਬਿੱਲਾਂ ਵਿੱਚ ਵਿਸ਼ੇਸ਼ ਰਿਆਇਤ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਛੋਟੇ ਵਪਾਰੀਆਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਕੱਟਣ ਅਤੇ ਅਫਸਰਾਂ ਦੀ ਕਥਿਤ ਧੱਕੇਸ਼ਾਹੀ ਤੋਂ ਮੁਕਤ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵਪਾਰ ਕਰਨ ਵਾਲੇ ਲੋਕਾਂ ਨੂੰ ਸਰਕਾਰੀ ਪ੍ਰਣਾਲੀ ਦੀਆਂ ਉਲਝਣਾਂ ਦੀ ਬਜਾਏ ਆਪਣੇ ਕਾਰੋਬਾਰ ਵੱਲ ਧਿਆਨ ਦੇਣ ਦਾ ਮੌਕਾ ਮਿਲਣਾ ਚਾਹੀਦਾ ਹੈ।
Publish Date: Wed, 11 Nov 2026 02:02 PM (IST)
Updated Date: Wed, 11 Nov 2026 03:51 PM (IST)
ਜਗਮੀਤ ਸਿੰਘ/ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਕਈ ਅਹਿਮ ਰਾਹਤਾਂ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਛੋਟੇ ਦੁਕਾਨਦਾਰਾਂ ਨੂੰ ਬਿਜਲੀ ਦੇ ਬਿੱਲਾਂ ਵਿੱਚ ਵਿਸ਼ੇਸ਼ ਰਿਆਇਤ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਛੋਟੇ ਵਪਾਰੀਆਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਕੱਟਣ ਅਤੇ ਅਫਸਰਾਂ ਦੀ ਕਥਿਤ ਧੱਕੇਸ਼ਾਹੀ ਤੋਂ ਮੁਕਤ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵਪਾਰ ਕਰਨ ਵਾਲੇ ਲੋਕਾਂ ਨੂੰ ਸਰਕਾਰੀ ਪ੍ਰਣਾਲੀ ਦੀਆਂ ਉਲਝਣਾਂ ਦੀ ਬਜਾਏ ਆਪਣੇ ਕਾਰੋਬਾਰ ਵੱਲ ਧਿਆਨ ਦੇਣ ਦਾ ਮੌਕਾ ਮਿਲਣਾ ਚਾਹੀਦਾ ਹੈ।
ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਮੌਜੂਦਾ ਕਾਨੂੰਨ ਵਿਵਸਥਾ ’ਤੇ ਸਵਾਲ ਚੁੱਕਦਿਆਂ ਦਾਅਵਾ ਕੀਤਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮੁੜ ਲੀਹ ’ਤੇ ਲਿਆਉਣਾ ਉਨ੍ਹਾਂ ਲਈ ਵੱਡੀ ਚੁਣੌਤੀ ਨਹੀਂ ਹੋਵੇਗੀ। ਉਨ੍ਹਾਂ ਕਿਹਾ, ''ਮੈਂ ਪੰਜਾਬ ਦਾ ਲਾਅ ਐਂਡ ਆਰਡਰ ਇੱਕ ਦਿਨ ਵਿੱਚ ਠੀਕ ਕਰ ਦੇਵਾਂਗਾ।'' ਉਨ੍ਹਾਂ ਮੁਤਾਬਕ ਸੂਬੇ ਵਿੱਚ ਅਮਨ-ਸ਼ਾਂਤੀ ਕਾਇਮ ਕਰਨਾ ਕਿਸੇ ਵੀ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੁੰਦੀ ਹੈ ਅਤੇ ਜੇਕਰ ਪ੍ਰਸ਼ਾਸਨ ਨੂੰ ਸਪੱਸ਼ਟ ਦਿਸ਼ਾ-ਨਿਰਦੇਸ਼ ਦਿੱਤੇ ਜਾਣ ਤਾਂ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਬਹਾਲ ਕੀਤੀ ਜਾ ਸਕਦੀ ਹੈ।
ਉਨ੍ਹਾਂ ਕਿਹਾ ਕਿ ਛੋਟੇ ਦੁਕਾਨਦਾਰ ਪੰਜਾਬ ਦੀ ਆਰਥਿਕਤਾ ਦੀ ਅਹਿਮ ਕੜੀ ਹਨ। ਸ਼ਹਿਰਾਂ ਅਤੇ ਕਸਬਿਆਂ ਦੇ ਬਾਜ਼ਾਰਾਂ ਵਿੱਚ ਹਜ਼ਾਰਾਂ ਪਰਿਵਾਰ ਆਪਣੀਆਂ ਛੋਟੀਆਂ ਦੁਕਾਨਾਂ ਰਾਹੀਂ ਰੋਜ਼ੀ-ਰੋਟੀ ਕਮਾਉਂਦੇ ਹਨ। ਅਜਿਹੇ ਵਪਾਰੀਆਂ ਨੂੰ ਬਿਜਲੀ ਦੇ ਵਧਦੇ ਖਰਚਿਆਂ ਅਤੇ ਸਰਕਾਰੀ ਕਾਰਵਾਈਆਂ ਕਾਰਨ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਦੁਕਾਨਦਾਰਾਂ ਨੂੰ ਬਿਜਲੀ ਵਿੱਚ ਰਿਆਇਤ ਦੇਣ ਦੇ ਨਾਲ-ਨਾਲ ਅਜਿਹਾ ਮਾਹੌਲ ਬਣਾਇਆ ਜਾਵੇਗਾ, ਜਿਸ ਵਿੱਚ ਕੋਈ ਅਫਸਰ ਛੋਟੇ ਦੁਕਾਨਦਾਰ ਨੂੰ ਬਿਨਾਂ ਵਜ੍ਹਾ ਤੰਗ ਨਾ ਕਰ ਸਕੇ।
ਸੁਖਬੀਰ ਬਾਦਲ ਨੇ ਸਿੱਖਿਆ ਪ੍ਰਣਾਲੀ ਵਿੱਚ ਕਿੱਤਾਮੁਖੀ ਸਿਖਲਾਈ ਨੂੰ ਵੀ ਤਰਜੀਹ ਦੇਣ ਦੀ ਗੱਲ ਆਖੀ। ਉਨ੍ਹਾਂ ਕਿਹਾ ਕਿ ਅੱਠਵੀਂ ਜਮਾਤ ਤੋਂ ਬਾਅਦ ਹਰ ਸਕੂਲ ਵਿੱਚ ਸਕਿੱਲ ਟ੍ਰੇਨਿੰਗ ਸ਼ੁਰੂ ਕੀਤੀ ਜਾਵੇਗੀ, ਤਾਂ ਜੋ ਵਿਦਿਆਰਥੀ ਸਿਰਫ਼ ਕਿਤਾਬੀ ਗਿਆਨ ਤੱਕ ਸੀਮਤ ਨਾ ਰਹਿਣ, ਸਗੋਂ ਉਨ੍ਹਾਂ ਨੂੰ ਪੜ੍ਹਾਈ ਦੇ ਨਾਲ-ਨਾਲ ਕੋਈ ਕਿੱਤਾ ਜਾਂ ਹੁਨਰ ਸਿੱਖਣ ਦਾ ਮੌਕਾ ਵੀ ਮਿਲੇ।
ਉਨ੍ਹਾਂ ਅਨੁਸਾਰ ਅੱਜ ਦੇ ਸਮੇਂ ਵਿੱਚ ਸਿਰਫ਼ ਡਿਗਰੀਆਂ ਹਾਸਲ ਕਰਨਾ ਹੀ ਨੌਜਵਾਨਾਂ ਦੇ ਰੁਜ਼ਗਾਰ ਦੀ ਗਾਰੰਟੀ ਨਹੀਂ ਹੈ। ਜੇਕਰ ਵਿਦਿਆਰਥੀਆਂ ਨੂੰ ਸਕੂਲੀ ਪੱਧਰ ਤੋਂ ਹੀ ਤਕਨੀਕੀ ਅਤੇ ਕਿੱਤਾਮੁਖੀ ਸਿਖਲਾਈ ਦਿੱਤੀ ਜਾਵੇ ਤਾਂ ਉਹ ਭਵਿੱਖ ਵਿੱਚ ਆਪਣਾ ਕਾਰੋਬਾਰ ਸ਼ੁਰੂ ਕਰਨ ਦੇ ਨਾਲ-ਨਾਲ ਵੱਖ-ਵੱਖ ਖੇਤਰਾਂ ਵਿੱਚ ਰੁਜ਼ਗਾਰ ਹਾਸਲ ਕਰਨ ਦੇ ਵੀ ਸਮਰੱਥ ਹੋ ਸਕਦੇ ਹਨ।
ਉਨ੍ਹਾਂ ਕਿਹਾ ਕਿ ਸਿੱਖਿਆ, ਵਪਾਰ ਅਤੇ ਕਾਨੂੰਨ ਵਿਵਸਥਾ ਕਿਸੇ ਵੀ ਸੂਬੇ ਦੇ ਵਿਕਾਸ ਦੇ ਤਿੰਨ ਅਹਿਮ ਆਧਾਰ ਹਨ। ਪੰਜਾਬ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ, ਛੋਟੇ ਵਪਾਰੀਆਂ ਨੂੰ ਆਰਥਿਕ ਸਹਾਰਾ ਦੇਣ ਅਤੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਲਈ ਠੋਸ ਨੀਤੀਆਂ ਦੀ ਲੋੜ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ ਸੱਤਾ ਵਿੱਚ ਆਉਣ ’ਤੇ ਇਨ੍ਹਾਂ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰੇਗਾ।