- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੁਖਰੀਤ ਸਿੰਘ ਰੋਮਾਣਾ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ‘ਆਪ’ ਬਲਾਕ ਜੈਤੋ ਦੇ ਪ੍ਰਧਾਨ ਨਿਯੁਕਤ

ਭੋਲਾ ਸ਼ਰਮਾ (ਪੱਤਰ ਪ੍ਰੇਰਕ) ਪੰਜਾਬੀ ਜਾਗਰਣ, ਜੈਤੋ : ਆਮ ਆਦਮੀ ਪਾਰਟੀ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਅਹਿਮ ਫ਼ੈਸਲਾ ਲੈਂਦਿਆਂ ਸੁਖਰੀਤ ਸਿੰਘ ਰੋਮਾਣਾ ਨੂੰ ‘ਆਪ’ ਬਲਾਕ ਜੈਤੋ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਦੀ ਪੁਰਜ਼ੋਰ ਸਿਫ਼ਾਰਸ਼ ’ਤੇ ਕੀਤੀ ਗਈ ਹੈ। ਸੁਖਰੀਤ ਸਿੰਘ ਰੋਮਾਣਾ ਪਿਛਲੇ ਲੰਮੇ ਸਮੇਂ ਤੋਂ ਆਮ ਆਦਮੀ ਪਾਰਟੀ ਨਾਲ ਜੁੜ ਕੇ ਸਰਗਰਮੀ ਨਾਲ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਉਹ ਇਸ ਤੋਂ ਪਹਿਲਾਂ ‘ਆਪ’ ਯੂਥ ਵਿੰਗ ਜ਼ਿਲ੍ਹਾ ਫ਼ਰੀਦਕੋਟ ਦੇ ਜੁਆਇੰਟ ਸਕੱਤਰ, ‘ਆਪ’ ਸੋਸ਼ਲ ਮੀਡੀਆ ਬਲਾਕ ਜੈਤੋ ਦੇ ਪ੍ਰਧਾਨ ਅਤੇ ‘ਆਪ’ ਬੀ.ਸੀ. ਵਿੰਗ ਵਿਧਾਨ ਸਭਾ ਹਲਕਾ ਜੈਤੋ ਦੇ ਕੋਆਰਡੀਨੇਟਰ ਵਜੋਂ ਜ਼ਿੰਮੇਵਾਰੀਆਂ ਨਿਭਾ ਚੁੱਕੇ ਹਨ। ਪਾਰਟੀ ਪ੍ਰਤੀ ਉਨ੍ਹਾਂ ਦੀ ਵਫ਼ਾਦਾਰੀ, ਮਿਹਨਤ, ਸਮਰਪਣ ਅਤੇ ਸੰਗਠਨਾਤਮਕ ਗਤੀਵਿਧੀਆਂ ਵਿੱਚ ਸਰਗਰਮ ਭੂਮਿਕਾ ਨੂੰ ਦੇਖਦਿਆਂ ਹਾਈਕਮਾਨ ਵੱਲੋਂ ਉਨ੍ਹਾਂ ਨੂੰ ਬਲਾਕ ਪੱਧਰ ਦੀ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਗਈ ਹੈ। ਸੁਖਰੀਤ ਸਿੰਘ ਰੋਮਾਣਾ ਦੀ ਨਿਯੁਕਤੀ ਦੀ ਖ਼ਬਰ ਮਿਲਦਿਆਂ ਹੀ ਜੈਤੋ ਹਲਕੇ ਦੇ ਆਮ ਆਦਮੀ ਪਾਰਟੀ ਦੇ ਆਗੂਆਂ, ਵਰਕਰਾਂ ਅਤੇ ਨੌਜਵਾਨ ਆਗੂਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਵੱਖ-ਵੱਖ ਆਗੂਆਂ ਨੇ ਕਿਹਾ ਕਿ ਸੁਖਰੀਤ ਸਿੰਘ ਰੋਮਾਣਾ ਇੱਕ ਮਿਹਨਤੀ ਅਤੇ ਜ਼ਮੀਨੀ ਪੱਧਰ ਨਾਲ ਜੁੜੇ ਆਗੂ ਹਨ, ਜਿਨ੍ਹਾਂ ਦੀ ਅਗਵਾਈ ਹੇਠ ਬਲਾਕ ਜੈਤੋ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਹੁਲਾਰਾ ਮਿਲੇਗਾ ਅਤੇ ਸੰਗਠਨ ਹੋਰ ਮਜ਼ਬੂਤ ਹੋਵੇਗਾ। ਆਪਣੀ ਨਿਯੁਕਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸੁਖਰੀਤ ਸਿੰਘ ਰੋਮਾਣਾ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਪ੍ਰਦੇਸ਼ ਇੰਚਾਰਜ ਮਨੀਸ਼ ਸਿਸੋਦੀਆ, ਪੰਜਾਬ ਪ੍ਰਧਾਨ ਅਮਨ ਅਰੋੜਾ ਅਤੇ ਹਲਕਾ ਜੈਤੋ ਦੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਗਈ ਇਹ ਜ਼ਿੰਮੇਵਾਰੀ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਹ ਇਸ ਅਹੁਦੇ ਦੀ ਮਰਿਆਦਾ ਨੂੰ ਕਾਇਮ ਰੱਖਦੇ ਹੋਏ ਪੂਰੀ ਮਿਹਨਤ, ਇਮਾਨਦਾਰੀ ਅਤੇ ਲਗਨ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਬਲਾਕ ਜੈਤੋ ਦੇ ਹਰ ਪਿੰਡ ਅਤੇ ਵਾਰਡ ਪੱਧਰ ’ਤੇ ਵਰਕਰਾਂ ਨਾਲ ਤਾਲਮੇਲ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਾਰਟੀ ਪੱਧਰ ’ਤੇ ਉਠਾਉਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨੂੰ ਆਮ ਲੋਕਾਂ ਤੱਕ ਪਹੁੰਚਾਉਣਾ, ਨੌਜਵਾਨਾਂ ਨੂੰ ਸੰਗਠਨ ਨਾਲ ਜੋੜਨਾ ਅਤੇ ਵਰਕਰਾਂ ਨੂੰ ਬਣਦਾ ਸਨਮਾਨ ਦੇਣਾ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਰਹਿਣਗੀਆਂ। ਇਸ ਮੌਕੇ ਜਲ ਸਪਲਾਈ ਤੇ ਸੀਵਰੇਜ ਬੋਰਡ ਪੰਜਾਬ ਦੇ ਸੀਨੀਅਰ ਵਾਈਸ ਚੇਅਰਮੈਨ ਧਰਮਜੀਤ ਸਿੰਘ ਰਾਮੇਆਣਾ, ‘ਆਪ’ ਯੂਥ ਵਿੰਗ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਐਡਵੋਕੇਟ ਹਰਸਿਮਰਨ ਸਿੰਘ ਮਲਹੋਤਰਾ ਰਾਮੇਆਣਾ, ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਡਾ. ਲਛਮਣ ਸ਼ਰਮਾ ਭਗਤੂਆਣਾ, ‘ਆਪ’ ਵਿਧਾਨ ਸਭਾ ਹਲਕਾ ਜੈਤੋ ਦੇ ਸੰਗਠਨ ਇੰਚਾਰਜ ਗੋਬਿੰਦਰ ਸਿੰਘ ਵਾਲੀਆ ਰਣ ਸਿੰਘ ਵਾਲਾ, ਦਸ਼ਮੇਸ਼ ਟਰੱਕ ਯੂਨੀਅਨ ਬਾਜਾਖਾਨਾ ਦੇ ਪ੍ਰਧਾਨ ਇਕਬਾਲ ਸਿੰਘ ਡੋਡ, ਨਗਰ ਕੌਂਸਲ ਜੈਤੋ ਦੇ ਸਾਬਕਾ ਪ੍ਰਧਾਨ ਡਾ. ਹਰੀਸ਼ ਚੰਦਰ ਗੋਇਲ, ਨਗਰ ਕੌਂਸਲ ਜੈਤੋ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਨਰਿੰਦਰਪਾਲ ਸਿੰਘ ਰਾਮੇਆਣਾ, ‘ਆਪ’ ਜ਼ਿਲ੍ਹਾ ਫ਼ਰੀਦਕੋਟ ਦੇ ਸਕੱਤਰ ਡਾ. ਹਰਪਾਲ ਸਿੰਘ ਢਿੱਲਵਾਂ, ‘ਨਸ਼ਾ ਮੁਕਤੀ ਮੋਰਚਾ’ ਜ਼ਿਲ੍ਹਾ ਫ਼ਰੀਦਕੋਟ ਦੇ ਕੋਆਰਡੀਨੇਟਰ ਪ੍ਰੋ. ਗੁਰਸੇਵਕ ਸਿੰਘ, ‘ਆਪ’ ਯੂਥ ਵਿੰਗ ਬਲਾਕ ਜੈਤੋ ਦੇ ਕੋਆਰਡੀਨੇਟਰ ਨੰਬਰਦਾਰ ਸੰਦੀਪ ਸਿੰਘ ਬਰਾੜ ਰੋੜੀਕਪੂਰਾ, ‘ਆਪ’ ਯੂਥ ਵਿੰਗ ਜੈਤੋ ਸ਼ਹਿਰੀ ਦੇ ਪ੍ਰਧਾਨ ਨੰਬਰਦਾਰ ਧਰਮਿੰਦਰਪਾਲ ਸਿੰਘ ਤੋਤਾ, ਦੀ ਗੰਗਸਰ ਜੈਤੋ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮ: ਜੈਤੋ ਦੇ ਡਾਇਰੈਕਟਰ ਡਾ. ਹਰਪਾਲ ਸਿੰਘ ਡੇਲਿਆਂਵਾਲੀ, ‘ਆਪ’ ਯੂਥ ਵਿੰਗ ਵਿਧਾਨ ਸਭਾ ਹਲਕਾ ਜੈਤੋ ਦੇ ਕੋਆਰਡੀਨੇਟਰ ਰੁਪਿੰਦਰ ਸਿੰਘ, ਬਲਾਕ ਸੰਮਤੀ ਮੈਂਬਰ ਚਰਨਜੀਵ ਸਿੰਘ ‘ਟੋਨੀ ਢਿੱਲੋਂ’ ਦਬੜ੍ਹੀਖਾਨਾ, ‘ਆਪ’ ਬਲਾਕ ਪ੍ਰਧਾਨ ਅੰਕੁਸ਼ ਬਾਂਸਲ, ‘ਆਪ’ ਸ਼ੋਸ਼ਲ ਮੀਡੀਆ ਦੇ ਬਲਾਕ ਪ੍ਰਧਾਨ ਲੱਬੀ ਧਾਲੀਵਾਲ ਵਾੜਾ ਭਾਈਕਾ, ਸਰਪੰਚ ਕੁਲਦੀਪ ਸਿੰਘ ਗਿੱਲ ਡੋਡ, ਸਰਪੰਚ ਹਰਦੀਪਕ ਸਿੰਘ ਢਿੱਲੋਂ ਗੋਬਿੰਦਗੜ੍ਹ (ਦਬੜ੍ਹੀਖਾਨਾ), ਸਰਪੰਚ ਹਰਜੀਤ ਸਿੰਘ ਬਰਾੜ ਸਿਬੀਆਂ, ਸਰਪੰਚ ਜਸਪਾਲ ਸਿੰਘ ‘ਜੱਸੀ ਬਰਾੜ’ ਕੋਠੇ ਚੰਦ ਸਿੰਘ ਵਾਲੇ (ਜੈਤੋ), ਸਰਪੰਚ ਡਾ. ਗੁਰਲਾਲ ਸਿੰਘ ਬਰਾੜ ਦਲ ਸਿੰਘ ਵਾਲਾ, ਸਰਪੰਚ ਅਰਵਿੰਦਰ ਸਿੰਘ ‘ਬਿੰਦਰ ਬਰਾੜ’ ਗੁਲਾਬਗੜ੍ਹ (ਰੋੜੀਕਪੂਰਾ), ਸਰਪੰਚ ਜਸਕਰਨ ਸਿੰਘ ਬਰਾੜ ਨਵਾਂ ਰੋੜੀਕਪੂਰਾ, ਸਰਪੰਚ ਜਸਪਾਲ ਸਿੰਘ ‘ਜੱਸਾ ਬਰਾੜ’ ਰੋੜੀਕਪੂਰਾ, ਪੰਚ ਹਰਮੇਲ ਸਿੰਘ ਬਾਠ ਕਰੀਰਵਾਲੀ, ਪੀ.ਏ ਕੁਲਦੀਪ ਸਿੰਘ ਦਲ ਸਿੰਘ ਵਾਲਾ, ‘ਆਪ’ ਯੂਥ ਆਗੂ ਰਣਜੀਤ ਸਿੰਘ ਬਰਾੜ ਡੇਲਿਆਂਵਾਲੀ ਆਦਿ ਨੇ ਵੀ ਸੁਖਰੀਤ ਸਿੰਘ ਰੋਮਾਣਾ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ।