ਅਧਿਆਪਕਾਂ ਵੱਲੋਂ ਟੈੱਟ ਦੇ ਬੇਲੋੜੇ ਪੱਤਰ ਦੀਆਂ ਕਾਪੀਆਂ ਸਾੜਕੇ ਕੀਤਾ ਰੋਸ ਪ੍ਰਦਰਸ਼ਨ
ਅਧਿਆਪਕਾਂ ਵੱਲੋਂ ਟੈੱਟ ਦੇ ਬੇਲੋੜੇ ਪੱਤਰ ਦੀਆਂ ਕਾਪੀਆਂ ਸਾੜਕੇ ਕੀਤਾ ਰੋਸ ਪ੍ਰਦਰਸ਼ਨ
Publish Date: Wed, 11 Feb 2026 06:11 PM (IST)
Updated Date: Wed, 11 Feb 2026 06:14 PM (IST)

*ਪੰਜਾਬ ਸਰਕਾਰ ਖ਼ਿਲਾਫ਼ ਤਿੱਖੇ ਸੰਘਰਸ਼ ਦਾ ਐਲਾਨ* ਹਰਪ੍ਰੀਤ ਸਿੰਘ ਚਾਨਾ, ਪੰਜਾਬੀ ਜਾਗਰਣ, ਫਰੀਦਕੋਟ : ਪੰਜਾਬ ਸਰਕਾਰ ਸਿੱਖਿਆ ਵਿਭਾਗ ਵੱਲੋਂ ਸਾਲ 2011 ਤੋਂ ਬਾਅਦ ਪਦਉੱਨਤ ਹੋਏ ਅਧਿਆਪਕ ਅਤੇ ਹਰ ਕਾਡਰ ਦੀਆਂ ਪਦਉੱਨਤੀਆਂ ਲਈ ਟੈੱਟ ਦੀ ਬੇਲੋੜੀ ਸ਼ਰਤ ਥੋਪਣ ਖ਼ਿਲਾਫ਼ ਅਧਿਆਪਕ ਵਰਗ ਵਿੱਚ ਤਿੱਖਾ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਸੂਬੇ ਭਰ ਵਿੱਚ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ 7 ਫਰਵਰੀ ਦੇ ਪੱਤਰ ਦੀਆਂ ਕਾਪੀਆਂ ਸਾੜੀਆਂ ਗਈਆਂ। ਫਰੀਦਕੋਟ ਜ਼ਿਲ੍ਹੇ ਵਿੱਚ ਰੋਸ ਪ੍ਰਦਰਸ਼ਨ ਵਿੱਚ ਪਹੁੰਚੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਡੀ.ਟੀ.ਐੱਫ. ਫਰੀਦਕੋਟ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ, ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੇ ਜ਼ਿਲ੍ਹਾ ਸਕੱਤਰ ਗਗਨ ਪਾਹਵਾ ਨੇ ਸੂਬਾ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਇੱਕ ਪਾਸੇ ਸੂਬਾ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਦੀਆਂ ਟਾਹਰਾਂ ਮਾਰੀਆਂ ਜਾ ਰਹੀਆਂ ਹਨ ਦੂਜੇ ਪਾਸੇ ਹਜ਼ਾਰਾਂ ਅਧਿਆਪਕਾਂ ਨੂੰ ਬਿਨਾਂ ਵਜ੍ਹਾ ਟੈੱਟ ਟੈਸਟ ਵਿੱਚ ਉਲਝਾ ਕੇ ਖੱਜਲ-ਖੁਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਟੈਟ ਕਿਸੇ ਵੀ ਤਰ੍ਹਾਂ ਅਧਿਆਪਕ ਦੇ ਹੁਨਰ ਨੂੰ ਪਰਖਣ ਦਾ ਪੈਮਾਨਾ ਨਹੀਂ ਬਣਦਾ। ਅਧਿਆਪਕ ਆਗੂਆਂ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸੁਪਰੀਮ ਕੋਰਟ ਦੇ ਬਰਾਬਰ ਕੰਮ ਬਰਾਬਰ ਤਨਖਾਹ ਅਤੇ ਸਮੇਂ ਸਿਰ ਡੀ.ਏ. ਦੇ ਬਕਾਏ ਜਾਰੀ ਕਰਨ ਦੇ ਹੁਕਮਾਂ ਦੀ ਕਦੇ ਪਰਵਾਹ ਨਹੀਂ ਕੀਤੀ ਪ੍ਰੰਤੂ ਜਿਹੜਾ ਫੈਸਲਾ ਅਧਿਆਪਕਾਂ ਦੇ ਖਿਲਾਫ ਭੁਗਤਦਾ ਹੈ ਉਸ ਫੈਸਲੇ ਨੂੰ ਲਾਗੂ ਕਰਨ ਲਈ ਪੱਬਾਂ ਭਾਰ ਹੋਈ ਪਈ ਹੈ। ਜੱਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਹਰਜਸਦੀਪ ਸਿੰਘ, ਬਲਾਕ ਪ੍ਰਧਾਨ ਕੁਲਦੀਪ ਸਿੰਘ ਘਣੀਆ ਨੇ ਚੇਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਟੈਟ ਦੀ ਬੇਲੋੜੀ ਸ਼ਰਤ ਵਾਪਸ ਨਾ ਹੋਣ ਦੀ ਸੂਰਤ ਵਿੱਚ ਪੰਜਾਬ ਸਰਕਾਰ ਖਿਲਾਫ ਆਰ- ਪਾਰ ਦੀ ਲੜਾਈ ਲੜੀ ਜਾਵੇਗੀ। ਉਹਨਾਂ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲ ਕਰਨ ਅਤੇ ਡੀਏ ਦੀਆਂ ਕਿਸ਼ਤਾਂ ਦੇ ਬਕਾਏ ਅਧਿਆਪਕਾਂ ਨੂੰ ਦੇਣ ਤੋਂ ਭਗੌੜੀ ਹੋਈ ਆਪ ਸਰਕਾਰ ਬਿਨਾਂ ਵਜ੍ਹਾ ਅਧਿਆਪਕਾਂ ਨਾਲ ਵੱਖਰਾ ਕਲੇਸ਼ ਖੜਾ ਕਰ ਰਹੀ ਹੈ। ਪਰਮਿੰਦਰ ਸਿੰਘ ਪ੍ਰਧਾਨ ਮੈਥ ਮਾਸਟਰ ਯੂਨੀਅਨ ਅਤੇ ਗੁਰਪ੍ਰੀਤ ਸਿੰਘ ਔਲਖ ਨੇ ਜੋਰ ਦੇ ਕੇ ਕਿਹਾ ਕਿ ਅਧਿਆਪਕਾਂ ਦੀਆਂ ਲਗਭਗ ਸੱਤ ਸਾਲ ਤੋਂ ਰੁਕੀਆਂ ਹੋਈਆਂ ਤਰੱਕੀਆਂ ਤੁਰੰਤ ਕੀਤੀਆਂ ਜਾਣ, ਅਧਿਆਪਕਾਂ ਤੇ ਕੇਂਦਰੀ ਤਨਖਾਹ ਕਮਿਸ਼ਨ ਲਾਗੂ ਕਰਨ ਦੀ ਥਾਂ ਉਨ੍ਹਾਂ ਨੂੰ ਪੰਜਾਬ ਦੇ ਤਨਖਾਹ ਕਮਿਸ਼ਨ ਅਨੁਸਾਰ ਪੂਰੀ ਤਨਖਾਹ ਦਿੱਤੀ ਜਾਵੇ, ਹਰ ਤਰ੍ਹਾਂ ਦੀਆਂ ਵਿੱਤੀ ਪਾਬੰਦੀਆਂ ਤੁਰੰਤ ਖਤਮ ਕੀਤੀਆਂ ਜਾਣ, ਪੇਂਡੂ ਭੱਤੇ ਸਮੇਤ ਕੱਟੇ ਹੋਏ 37 ਤਰ੍ਹਾਂ ਦੇ ਪੱਤੇ ਤੁਰੰਤ ਬਹਾਲ ਕੀਤੇ ਜਾਣ। ਇਸ ਮੌਕੇ ਅਧਿਆਪਕ ਆਗੂਆਂ ਵੱਲੋਂ ਅਧਿਆਪਕਾਂ ਨੂੰ 12 ਫਰਵਰੀ ਦੀ ਦੇਸ਼ ਵਿਆਪੀ ਹੜਤਾਲ ਵਿੱਚ ਸ਼ਾਮਿਲ ਹੋਣ ਦਾ ਸੱਦਾ ਵੀ ਦਿੱਤਾ ਗਿਆ ਅਤੇ 22 ਫਰਵਰੀ ਨੂੰ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਟੇਟ ਪੱਧਰੀ ਰੋਸ ਮੁਜਾਰੇ ਵਿੱਚ ਸ਼ਾਮਿਲ ਹੋਣ ਦੀ ਅਪੀਲ ਵੀ ਕੀਤੀ ਗਈ। ।ਇਸ ਸਮੇਂ ਜ਼ਿਲਾ ਕਮੇਟੀ ਮੈਂਬਰ ਦਿਲਬਾਗ ਸਿੰਘ ਬਰਾੜ, ਗੁਰਸੇਵਕ ਸਿੰਘ, ਨਵਪ੍ਰੀਤ ਸਿੰਘ ਬਰਾੜ, ਕਰਨਵੀਰ ਸਿੰਘ ਬਰਾੜ, ਜਸਪ੍ਰੀਤ ਸਿੰਘ ਸੰਧੂ, ਲਖਵਿੰਦਰਪਾਲ ਅਤੇ ਵੱਡੀ ਗਿਣਤੀ ਵਿਚ ਅਧਿਆਪਕ ਹਾਜ਼ਰ ਸਨ।