ਅਧਿਆਪਕਾਂ ਨੇ ਸਪੀਕਰ ਸੰਧਵਾਂ ਦੇ ਘਰ ਅੱਗੇ ਕੀਤਾ ਮੁਜ਼ਾਹਰਾ
ਗੈਰਵਿਧਾਨਿਕ ਸ਼ਰਤ ਜਬਰੀ ਥੋਪਣ ਨੂੰ ਲੈਕੇ ਅਧਿਆਪਕਾਂ ਵੱਲੋਂ ਸਪੀਕਰ ਸੰਧਵਾਂ ਦੇ ਘਰ ਅੱਗੇ ਰੋਸ ਪ੍ਰਦਰਸ਼ਨ
Publish Date: Tue, 17 Mar 2026 06:16 PM (IST)
Updated Date: Wed, 18 Mar 2026 04:10 AM (IST)

ਗੈਰਵਿਧਾਨਿਕ ਸ਼ਰਤ ਜਬਰੀ ਥੋਪਣ ਨੂੰ ਲੈਕੇ ਅਧਿਆਪਕਾਂ ਵੱਲੋਂ ਸਪੀਕਰ ਸੰਧਵਾਂ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਹਰਪ੍ਰੀਤ ਸਿੰਘ ਚਾਨਾ, ਪੰਜਾਬੀ ਜਾਗਰਣ ਫਰੀਦਕੋਟ : ਸਾਂਝਾ ਅਧਿਆਪਕ ਮੋਰਚਾ ਵੱਲੋ ਦਿੱਤੇ ਸੱਦੇ ’ਤੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਫਰੀਦਕੋਟ ਵੱਲੋਂ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ ਦੀ ਅਗਵਾਈ ਵਿੱਚ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਸੰਧਵਾਂ ਵਿਖੇ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਸੁਪਰੀਮ ਕੋਰਟ ਰਾਹੀਂ ਟੈੱਟ ਦੀ ਬਿਲਕੁਲ ਬੇਲੋੜੀ, ਗੈਰਵਿਧਾਨਿਕ ਸ਼ਰਤ ਜਬਰੀ ਥੋਪਣ, ਪੰਜਾਬ ਸਰਕਾਰ ਵਲੋਂ ਬਜਟ ਸੈਸ਼ਨ ਦੌਰਾਨ ਅਧਿਆਪਕਾਂ ਦੀ ਸੇਵਾ ਸੁਰੱਖਿਆ ਲਈ ਬਿੱਲ ਨਾ ਲਿਆਉਣ, ਸੁਪਰੀਮ ਕੋਰਟ ਵਿੱਚ ਰੀਵਿਊ ਪਟੀਸ਼ਨ ਦਾਖਲ ਨਾ ਕਰਨ, ਸਿੱਖਿਆ ਵਿਭਾਗ ਵਲੋਂ ਕੁਝ ਵਰਗਾਂ ਨੂੰ ਟੈੱਟ ਤੋਂ ਛੋਟ ਦੇਣ ਦਾ ਪੱਤਰ ਰੱਦ ਕਰਨ, ਸੰਘਰਸ਼ ਦੌਰਾਨ ਜਲ ਤੋਪਾਂ, ਲਾਠੀਚਾਰਜ ਅਤੇ ਅਥਰੂ ਗੈਸ ਦੇ ਗੋਲਿਆਂ ਦੀ ਅੰਨ੍ਹੇਵਾਹ ਵਰਤੋਂ ਕਰਕੇ ਅਧਿਆਪਕਾਂ ਨੂੰ ਜਖਮੀ ਕਰਕੇ ਰਾਸ਼ਟਰ ਨਿਰਮਾਤਾ ਅਧਿਆਪਕਾਂ ਦੇ ਮਾਨ ਸਨਮਾਨ ਨੂੰ ਸੱਟ ਮਾਰਨ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ। ਇਸ ਮੌਕੇ ਗਗਨ ਪਾਹਵਾ ਅਤੇ ਹਰਜਸਦੀਪ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਚਾਰ ਸਾਲ ਦੇ ਕਾਰਜਕਾਲ ਵਿੱਚ ਅਧਿਆਪਕਾਂ ਦੀ ਕਿਸੇ ਵੀ ਸਮੱਸਿਆ ਦਾ ਹੱਲ ਕਰਨ ਦੀ ਬਜਾਏ ਅਧਿਆਪਕਾਂ ਦੇ ਹਰ ਵਰਗ ਤੇ ਪੁਲਸੀਆ ਤਸ਼ੱਦਦ ਹੀ ਕੀਤਾ ਹੈ। ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਲੰਗੜਾ ਨੋਟੀਫਿਕੇਸ਼ਨ ਜਾਰੀ ਕਰਨ ਦੇ ਬਾਵਜੂਦ ਹੁਣ ਤੱਕ ਲਾਗੂ ਨਹੀਂ ਕੀਤੀ ਗਈ, ਤਨਖਾਹ ਦੁਹਰਾਈ ਦੇ ਬਕਾਏ, ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ ਅਤੇ ਜਾਰੀ ਕੀਤੀਆਂ ਕਿਸ਼ਤਾਂ ਦੇ ਬਕਾਏ ਮਿੱਟੀ ਘੱਟੇ ਰਲਾ ਦਿੱਤੇ ਗਏ ਹਨ, ਸੋਧਣ ਦੇ ਨਾਂ ਤੇ ਬੰਦ ਕੀਤੇ ਸਮੁੱਚੇ ਭੱਤੇ ਬਹਾਲ ਨਹੀਂ ਕੀਤੇ ਜਾ ਰਹੇ, ਤਨਖਾਹ ਕਮਿਸ਼ਨ ਦੀ ਪੂਰੀ ਰਿਪੋਰਟ ਵੀ ਜਾਰੀ ਨਹੀਂ ਕੀਤੀ ਗਈ, ਸਕੂਲਾਂ ਵਿੱਚ ਅਧਿਆਪਕਾਂ ਦੀਆਂ ਅਤੇ ਸਕੂਲ ਮੁਖੀਆਂ ਦੀਆਂ ਹਜ਼ਾਰਾਂ ਪੋਸਟਾਂ ਖਾਲੀ ਹੋਣ ਦੇ ਬਾਵਜੂਦ ਬੇਰੁਜ਼ਗਾਰ ਅਧਿਆਪਕਾਂ ਨੂੰ ਰੁਜ਼ਗਾਰ ਨਹੀਂ ਦਿੱਤਾ ਜਾ ਰਿਹਾ। ਸਰਕਾਰ ਵਲੋਂ ਖ਼ਜ਼ਾਨਾ ਭਰੇ ਹੋਣ ਦੇ ਦਮਗਜੇ ਮਾਰੇ ਜਾ ਰਹੇ ਹਨ, ਪਰ ਅਧਿਆਪਕਾਂ ਦੇ ਵਿੱਤੀ ਮਸਲੇ ਹੱਲ ਨਹੀਂ ਕੀਤੇ ਜਾ ਰਹੇ, ਬਹੁਗਿਣਤੀ ਅਧਿਆਪਕ ਫਰਵਰੀ ਮਹੀਨੇ ਦੀ ਤਨਖਾਹ ਨੂੰ ਤਰਸ ਰਹੇ ਹਨ। ਇਹਨਾਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਸੇਵਾ ਨਿਭਾ ਰਹੇ ਅਧਿਆਪਕਾਂ ਦੇ ਸਿਰ ਤੇ ਛਾਂਟੀ ਦੀ ਤਲਵਾਰ ਲਟਕਾ ਦਿੱਤੀ ਗਈ ਹੈ। ਇਸ ਪ੍ਰਦਰਸ਼ਨ ਵਿੱਚ ਪ੍ਰਦੀਪ ਸਿੰਘ,ਸਵਰਨਪਾਲ ਸਿੰਘ , ਗੁਰਪਰੀਤ ਸਿੰਘ, ਹਰਵਰਿੰਦਰ ਸਿੰਘ, ਮਦਨ ਲਾਲ, ਦੀਪਕ ਆਹੂਜਾ, ਮਹੇਸ਼ ਸ਼ਰਮਾ, ਜਸਪ੍ਰੀਤ ਸਿੰਘ, ਜਤਿੰਦਰ ਸਿੰਘ ,ਪ੍ਰਵੀਨ ਕੁਮਾਰ, ਗੁਰਬਿੰਦਰ ਸਿੰਘ, ਰਾਜ ਕੁਮਾਰ ਟੋਨੀ, ਸਵਰਾਜ ਸਿੰਘ ਮਾਨ, ਰਿੰਕੂ ਕੁਮਾਰ, ਸੰਗੀਤਾ ਰਾਣੀ, ਦਿਨੇਸ਼ ਕੁਮਾਰ ਆਦਿ ਹਾਜ਼ਰ ਸਨ।