
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਫਰੀਦਕੋਟ ਦੀਆਂ ਅਧਿਆਪਕ ਜੱਥੇਬੰਦੀਆਂ ਨੇ ਮੁਲਾਜ਼ਮਾਂ ਵੱਲੋਂ ਮਹਾਬੰਦ ਨੂੰ ਸਕੂਲਾਂ ਵਿੱਚ ਲਾਗੂ ਕਰਨ ਦਾ ਲਿਆ ਫੈਸਲਾ

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਫਰੀਦਕੋਟ : ਜ਼ਿਲ੍ਹਾ ਫਰੀਦਕੋਟ ਦੀਆਂ ਸਮੂਹ ਅਧਿਆਪਕ ਜੱਥੇਬੰਦੀਆਂ ਦੀ ਸਾਂਝੀ ਮੀਟਿੰਗ ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਰੀਦਕੋਟ ਵਿਖੇ ਕੀਤੀ ਗਈ, ਇਹ ਮੀਟਿੰਗ ਸਾਂਝਾ ਮੁਲਾਜਮ ਫਰੰਟ ਅਤੇ ਮੁਲਾਜ਼ਮ ਮੰਚ ਤਹਿਤ ਬਣਾਈ ਤਾਲਮੇਲ ਕਮੇਟੀ ਦੇ ਫੈਂਸਲੇ ਨੂੰ ਲਾਗੂ ਕਰਨ ਸੰਬੰਧੀ ਕੀਤੀ ਗਈ, ਸਮੂਹ ਜੱਥੇਬੰਦੀਆਂ ਦੇ ਆਗੂਆਂ ਨੇ ਸਰਵਸੰਮਤੀ ਨਾਲ 27 ਅਗਸਤ 2026 ਨੂੰ ਸਮੂਹਿਕ ਛੁੱਟੀ ਲੈਣ ਦੇ ਸੂਬਾ ਕਮੇਟੀ ਦੇ ਫੈਂਸਲੇ ਨੂੰ ਪ੍ਰਵਾਨ ਕੀਤਾ ਅਤੇ 21 ਅਗਸਤ ਨੂੰ ਇਸ ਸੰਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਅਤੇ ਜਿਲਾ ਸਿੱਖਿਆ ਅਫਸਰ (ਪ੍.ਸਿ.) ਨੂੰ ਸਮੂਹ ਜੱਥੇਬੰਦੀਆਂ ਵੱਲੋਂ ਸਮੂਹਿਕ ਛੁੱਟੀ ਲੈਣ ਦਾ ਅਗਾਊਂ ਨੋਟਿਸ ਦਿੱਤਾ ਜਾਵੇਗਾ ਕਿ ਸਮੂਹ ਅਧਿਆਪਕ ਅਤੇ ਨਾਨ ਟੀਚਿੰਗ ਸਟਾਫ਼ ਸਮੇਤ ਸਕੂਲ ਹੈੱਡ 27 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਜ਼ਿਲ੍ਹਾ ਪੱਧਰ ਤੇ ਰੋਸ਼ ਮਾਰਚ ਦਾ ਹਿੱਸਾ ਬਣਨਗੇ । ਜੱਥੇਬੰਦੀਆਂ ਦੇ ਆਗੂਆਂ ਨੇ ਸਾਂਝਾ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਪੂਰਾ ਬਣਦਾ ਮਹਿੰਗਾਈ ਭੱਤਾ ਜ਼ਾਰੀ ਕਰਨ, 17-07-2020 ਅਤੇ 15-01-2015 ਦੇ ਮਾਰੂ ਪੱਤਰ ਨੂੰ ਰੱਦ ਕਰਨ, ਪੁਰਾਣੀ ਪੈਨਸ਼ਨ ਲਈ 2022 ਵਿੱਚ ਜ਼ਾਰੀ ਨੋਟੀਫਿਕੇਸ਼ਨ ਨੂੰ ਲਾਗੂ ਕਰਨ, ਸਮੂਹ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਆਦਿ ਮੰਗਾਂ ਦੇ ਪੂਰਾ ਕਰਵਾਉਣ ਤੱਕ ਸੰਘਰਸ਼ ਜ਼ਾਰੀ ਰੱਖਿਆ ਜਾਵੇਗਾ | ਇਸ ਮੌਕੇ ਸੁਖਵਿੰਦਰ ਸਿੰਘ ਸੁੱਖੀ ਜ਼ਿਲ੍ਹਾ ਪ੍ਰਧਾਨ ਡੀ.ਟੀ.ਐਫ. ਫਰੀਦਕੋਟ, ਪ੍ਰੀਤ ਭਗਵਾਨ ਪ੍ਰਧਾਨ ਐਲੀਮੈਂਟਰੀ ਟੀਚਰਜ਼ ਯੂਨੀਅਨ, ਧਰਮਿੰਦਰ ਸਿੰਘ ਪ੍ਰਧਾਨ ਮਾਸਟਰ ਕੇਡਰ ਯੂਨੀਅਨ, ਵਰਿੰਦਰ ਅਮਰ ਪ੍ਰਧਾਨ ਈਟੀਟੀ ਅਧਿਆਪਕ ਯੂਨੀਅਨ, ਗੁਰਿੰਦਰ ਮਨੀ ਪ੍ਰਧਾਨ ਜੀ.ਐਸ.ਟੀ.ਯੂ ਨੇ ਸਰਕਾਰ ਵਿਰੁੱਧ ਕੀਤੇ ਜਾ ਰਹੇ ਸੰਘਰਸ਼ ਵਿੱਚ ਇਕੱਠੇ ਹੋ ਕੇ ਲੜਨ ਦਾ ਅਹਿਦ ਲਿਆ। ਇਸ ਮੌਕੇ ਹੈੱਡਮਾਸਟਰ ਐਸੋਸੀਏਸ਼ਨ ਫਰੀਦਕੋਟ ਵੱਲੋਂ ਵੀ ਸਮੂਹਿਕ ਛੁੱਟੀ ਦੇ ਫੈਸਲੇ ਦਾ ਸਮਰਥਨ ਕੀਤਾ ਗਿਆ।ਇਸ ਮੌਕੇ ਉਪਰੋਕਤ ਤੋਂ ਇਲਾਵਾ ਸਾਰੀਆਂ ਜੱਥੇਬੰਦੀਆ ਦੇ ਹੋਰ ਵੀ ਅਧਿਆਪਕ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ।