- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖੁਰਾਕ ਸੁਰੱਖਿਆ ਟੀਮ ਵੱਲੋਂ ਫ਼ਰੀਦਕੋਟ ਵਿੱਚ ਵਿਸ਼ੇਸ਼ ਚੈਕਿੰਗ ਕੀਤੀ

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਫਰੀਦਕੋਟ, ਡਿਪਟੀ ਕਮਿਸ਼ਨਰ ਫਰੀਦਕੋਟ ਰਾਹੁਲ ਚਾਬਾ ਅਤੇ ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਫਰੀਦਕੋਟ ਦੀ ਖੁਰਾਕ ਸੁਰੱਖਿਆ ਟੀਮ ਵੱਲੋਂ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਰੇਸ਼ ਕੁਮਾਰ ਦੀ ਅਗਵਾਈ ਹੇਠ ‘ਮੇਲਾ ਬਾਬਾ ਫਰੀਦ ਜੀ’ ਦੇ ਪਵਿੱਤਰ ਮੌਕੇ ਦੇ ਨੇੜੇ ਆਉਣ ਦੇ ਮੱਦੇਨਜ਼ਰ ਫ਼ਰੀਦਕੋਟ ਸ਼ਹਿਰ ਵਿੱਚ ਅਤੇ ਜੈਤੋ ਮੰਡੀ ਵਿਖੇ ਵੱਖ-ਵੱਖ ਖਾਣ-ਪੀਣ ਵਾਲੀਆਂ ਦੁਕਾਨਾਂ ਦੀ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਚੈਕਿੰਗ ਦੌਰਾਨ ਖਾਣ-ਪੀਣ ਵਾਲੀਆਂ ਵਸਤਾਂ ਦੀ ਗੁਣਵੱਤਾ ਅਤੇ ਸਫਾਈ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਚਮ-ਚਮ, ਦੁੱਧ ਅਤੇ ਦੇਸੀ ਘਿਓ ਦੇ 3 ਨਮੂਨੇ ਲਏ ਗਏ। ਇਹ ਲਏ ਗਏ ਨਮੂਨੇ ਜਾਂਚ ਲਈ ਲੈਬੌਰਟਰੀ ਭੇਜੇ ਜਾਣਗੇ ਅਤੇ ਰਿਪੋਰਟ ਦੇ ਆਧਾਰ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਖੋਆ ਅਤੇ ਪਨੀਰ ਦੇ ਨਮੂਨੇ ਲਏ ਗਏ ਤਾਂ ਜੋ ਲੋਕਾਂ ਨੂੰ ਮਿਆਰੀ ਅਤੇ ਸੁਰੱਖਿਅਤ ਖੁਰਾਕੀ ਵਸਤਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾ ਸਕੇ।ਇਸ ਮੌਕੇ ਡਾ. ਸੁਰੇਸ਼ ਕੁਮਾਰ ਜ਼ਿਲ੍ਹਾ ਸਿਹਤ ਅਫ਼ਸਰ ਅਤੇ ਫੂਡ ਸੇਫਟੀ ਅਫ਼ਸਰ ਨਵਦੀਪ ਚਾਹਲ ਨੇ ਖਾਣ-ਪੀਣ ਦੇ ਕਾਰੋਬਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਖੁਰਾਕ ਤਿਆਰ ਕਰਨ ਵਾਲੇ ਕਾਮਿਆਂ ਦੀ ਨਿੱਜੀ ਸਫਾਈ ਦੇ ਨਾਲ-ਨਾਲ ਕੰਮ ਵਾਲੀ ਥਾਂ ਦੀ ਸਫਾਈ ਦਾ ਵੀ ਵਿਸ਼ੇਸ਼ ਧਿਆਨ ਰੱਖਣ। ਖਾਣ-ਪੀਣ ਵਾਲੀਆਂ ਵਸਤਾਂ ਨੂੰ ਢੱਕ ਕੇ ਰੱਖਣ ਅਤੇ ਸਾਫ਼-ਸੁਥਰੇ ਵਾਤਾਵਰਨ ਵਿੱਚ ਤਿਆਰ ਕਰਨ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ ਗਿਆ।ਉਨ੍ਹਾਂ ਨੇ ਕਾਰੋਬਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਆਪਣੇ ਉਤਪਾਦ ਤਿਆਰ ਕਰਨ ਲਈ ਕੇਵਲ ਮਿਆਰੀ ਅਤੇ ਬ੍ਰਾਂਡਡ ਕੱਚਾ ਮਾਲ ਹੀ ਖਰੀਦਣ ਅਤੇ ਹਰ ਖਰੀਦ ਦਾ ਉਚਿਤ ਬਿੱਲ ਜ਼ਰੂਰ ਪ੍ਰਾਪਤ ਕਰਨ।