ਵਿਸ਼ਵ ਹੈਪੇਟਾਈਟਸ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਕਰਵਾਇਆ ਫਰੀਦਕੋਟ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਹੈਪੇਟਾਈਟਸ ਬੀ ਅਤੇ ਸੀ ਦੀ ਜਾਂਚ ਤੇ ਇਲਾਜ ਮੁਫ਼ਤ: ਸਿਵਲ ਸਰਜਨ
Publish Date: Tue, 28 Jul 2026 05:16 PM (IST)
Updated Date: Wed, 29 Jul 2026 04:04 AM (IST)
ਫਰੀਦਕੋਟ ਦੇ ਸਾਰੇ ਸਰਕਾਰੀ ਹਸਪਤਾਲਾਂ ’ਚ ਜਾਂਚ ਤੇ ਇਲਾਜ ਮੁਫ਼ਤ : ਸਿਵਲ ਸਰਜਨ ਲੋਕਾਂ ਨੂੰ ਸਮੇਂ ਸਿਰ ਜਾਂਚ ਕਰਵਾਉਣ ਦੀ ਅਪੀਲ ਚਾਨਾ, ਪੰਜਾਬੀ ਜਾਗਰਣ, ਫਰੀਦਕੋਟ : ਵਿਸ਼ਵ ਹੈਪੇਟਾਈਟਸ ਦਿਵਸ ਮੌਕੇ ਸਿਵਲ ਸਰਜਨ ਫਰੀਦਕੋਟ ਡਾ. ਰਮਨਦੀਪ ਸਿੰਗਲਾ ਦੀ ਅਗਵਾਈ ਹੇਠ ਸਿਵਲ ਹਸਪਤਾਲ ਫਰੀਦਕੋਟ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਸਾਲ ਵਿਸ਼ਵ ਸਿਹਤ ਸੰਸਥਾ ਵੱਲੋਂ ਹੈਪੇਟਾਈਟਸ: ਆਓ ਰੁਕਾਵਟਾਂ ਦੂਰ ਕਰੀਏ ਥੀਮ ਤਹਿਤ ਲੋਕਾਂ ਨੂੰ ਹੈਪੇਟਾਈਟਸ ਦੀ ਰੋਕਥਾਮ, ਸਮੇਂ ਸਿਰ ਜਾਂਚ ਅਤੇ ਇਲਾਜ ਪ੍ਰਤੀ ਜਾਗਰੂਕ ਕਰਨ ਦਾ ਸੱਦਾ ਦਿੱਤਾ ਗਿਆ ਹੈ। ਇਸ ਮੌਕੇ ਸਿਵਲ ਹਸਪਤਾਲ ਦੇ ਸਟਾਫ, ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਹਿਮਾਂਸ਼ੂ ਗੁਪਤਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨੈਸ਼ਨਲ ਵਾਇਰਲ ਹੈਪੇਟਾਈਟਸ ਕੰਟਰੋਲ ਪ੍ਰੋਗਰਾਮ ਤਹਿਤ ਹੈਪੇਟਾਈਟਸ ਬੀ ਅਤੇ ਸੀ ਦੀ ਮੁਫ਼ਤ ਜਾਂਚ, ਸਲਾਹ ਅਤੇ ਇਲਾਜ ਸਰਕਾਰੀ ਸਿਹਤ ਸੰਸਥਾਵਾਂ ’ਚ ਉਪਲਬਧ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦੇ ਪਹਿਲੇ ਸੂਬਿਆਂ ਵਿੱਚੋਂ ਇੱਕ ਹੈ ਜਿਸ ਨੇ ਹੈਪੇਟਾਈਟਸ ਸੀ ਦੇ ਮੁਫ਼ਤ ਇਲਾਜ ਦੀ ਸ਼ੁਰੂਆਤ ਕੀਤੀ ਸੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੇ ਲੱਛਣ ਨਜ਼ਰ ਆਉਣ ਜਾਂ ਖਤਰੇ ਵਾਲੇ ਕਾਰਕ ਮੌਜੂਦ ਹੋਣ ਤੇ ਸਰਕਾਰੀ ਹਸਪਤਾਲ ਵਿੱਚ ਜਾਂਚ ਜ਼ਰੂਰ ਕਰਵਾਈ ਜਾਵੇ। ਉਨ੍ਹਾਂ ਦੱਸਿਆ ਕਿ ਹੈਪੇਟਾਈਟਸ ਏ ਅਤੇ ਈ ਦੂਸ਼ਿਤ ਪਾਣੀ ਅਤੇ ਦੂਸ਼ਿਤ ਭੋਜਨ ਰਾਹੀਂ ਫੈਲਦੇ ਹਨ, ਜਦਕਿ ਹੈਪੇਟਾਈਟਸ ਬੀ ਅਤੇ ਸੀ ਸੰਕਰਮਿਤ ਖੂਨ, ਪਹਿਲਾਂ ਵਰਤੀਆਂ ਸੂਈਆਂ ਦੀ ਦੁਬਾਰਾ ਵਰਤੋਂ, ਬਿਨਾਂ ਜਾਂਚੇ ਖੂਨ ਚੜ੍ਹਾਉਣ, ਅਸੁਰੱਖਿਅਤ ਸਰੀਰਕ ਸੰਬੰਧਾਂ, ਗਰਭਵਤੀ ਮਾਂ ਤੋਂ ਬੱਚੇ ਤੱਕ ਅਤੇ ਅਸੁਰੱਖਿਅਤ ਢੰਗ ਨਾਲ ਟੈਟੂ ਜਾਂ ਪੀਅਰਸਿੰਗ ਕਰਵਾਉਣ ਨਾਲ ਫੈਲ ਸਕਦੇ ਹਨ। ਨਸ਼ੀਲੇ ਪਦਾਰਥਾਂ ਦਾ ਟੀਕਿਆਂ ਰਾਹੀਂ ਸੇਵਨ ਕਰਨ ਵਾਲੇ ਵਿਅਕਤੀਆਂ ਵਿੱਚ ਹੈਪੇਟਾਈਟਸ ਬੀ ਅਤੇ ਸੀ ਦਾ ਖਤਰਾ ਕਾਫ਼ੀ ਵੱਧ ਹੁੰਦਾ ਹੈ।ਸਮਾਗਮ ਨੂੰ ਸੰਬੋਧਨ ਕਰਦਿਆਂ ਜ਼ਿਲਾ ਟੀਕਾਕਰਨ ਅਫਸਰ ਡਾ. ਹੁਸਨਪਾਲ ਸਿੱਧੂ ਨੇ ਕਿਹਾ ਕਿ ਹੈਪੇਟਾਈਟਸ ਬੀ ਦਾ ਵਾਇਰਸ ਕਈ ਸਾਲਾਂ ਤੱਕ ਸਰੀਰ ਵਿੱਚ ਬਿਨਾਂ ਲੱਛਣਾਂ ਦੇ ਰਹਿ ਸਕਦਾ ਹੈ ਅਤੇ ਹੌਲੀ-ਹੌਲੀ ਜਿਗਰ ਨੂੰ ਨੁਕਸਾਨ ਪਹੁੰਚਾ ਕੇ ਲਿਵਰ ਸਿਰੋਸਿਸ ਤੇ ਲਿਵਰ ਕੈਂਸਰ ਵਰਗੀਆਂ ਗੰਭੀਰ ਬਿਮਾਰੀਆਂ ਦਾ ਕਾਰਨ ਬਣ ਸਕਦਾ ਹੈ। ਜਦਕਿ ਹੈਪੇਟਾਈਟਸ ਸੀ ਦਾ ਸਮੇਂ ਸਿਰ ਪਤਾ ਲੱਗਣ ਤੇ ਪ੍ਰਭਾਵਸ਼ਾਲੀ ਦਵਾਈਆਂ ਨਾਲ ਪੂਰੀ ਤਰ੍ਹਾਂ ਇਲਾਜ ਸੰਭਵ ਹੈ ਅਤੇ ਹੈਪੇਟਾਈਟਸ ਬੀ ਨੂੰ ਮਾਹਿਰ ਡਾਕਟਰ ਦੀ ਨਿਗਰਾਨੀ ਹੇਠ ਦਵਾਈਆਂ ਰਾਹੀਂ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਵਿੱਚ ਰੱਖਿਆ ਜਾ ਸਕਦਾ ਹੈ। ਇਸ ਮੌਕੇ ਡਿਪਟੀ ਮਾਸ ਮੀਡੀਆ ਅਫ਼ਸਰ ਸੁਧੀਰ ਧੀਰ, ਡਿਪਟੀ ਮਾਸ ਮੀਡੀਆ ਅਫ਼ਸਰ ਲਖਵਿੰਦਰ ਕੈਂਥ ਅਤੇ ਡਿਪਟੀ ਮਾਸ ਮੀਡੀਆ ਅਫ਼ਸਰ ਡਾ. ਪ੍ਰਭਦੀਪ ਸਿੰਘ ਚਾਵਲਾ ਨੇ ਹੈਪੇਟਾਈਟਸ ਦੇ ਕਾਰਨ, ਲੱਛਣ ਅਤੇ ਬਚਾਅ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਭੁੱਖ ਘੱਟ ਲੱਗਣਾ, ਬੁਖਾਰ, ਪੇਟ ਦਰਦ, ਉਲਟੀਆਂ, ਗੂੜ੍ਹੇ ਰੰਗ ਦਾ ਪਿਸ਼ਾਬ, ਅੱਖਾਂ ਅਤੇ ਚਮੜੀ ਦਾ ਪੀਲਾ ਪੈ ਜਾਣਾ ਆਦਿ ਇਸ ਦੇ ਮੁੱਖ ਲੱਛਣ ਹੋ ਸਕਦੇ ਹਨ। ਕਿਸੇ ਵੀ ਤਰ੍ਹਾਂ ਦੇ ਲੱਛਣ ਨਜ਼ਰ ਆਉਣ ਤੇ ਤੁਰੰਤ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਦੇਸੀ ਟੂਣੇ-ਟੋਟਕਿਆਂ ਜਾਂ ਅਣਅਧਿਕਾਰਤ ਇਲਾਜ ਤੋਂ ਬਚਿਆ ਜਾਵੇ।