- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇੰਟਰਨੈਸ਼ਨਲ ਮਿਲੇਨੀਅਮ ਸਕੂਲ ਕੋਟਕਪੂਰਾ ਵਿਖੇ ਭਗਵਾਨ ਸ੍ਰੀ ਕ੍ਰਿਸ਼ਨ ਜਨਮਾਸ਼ਟਮੀ ਦਾ ਤਿਉਹਾਰ ਮਨਾਇਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕੋਟਕਪੂਰਾ : ਮੋਗਾ-ਕੋਟਕਪੂਰਾ ਰੋਡ ’ਤੇ ਪੰਜਗਰਾਈਂ ਕਲਾਂ ਦੇ ਨੇੜੇ ਸਥਿਤ ਇੰਟਰਨੈਸ਼ਨਲ ਮਿਲੇਨੀਅਮ ਸਕੂਲ, ਕੋਟਕਪੂਰਾ ਵਿਖੇ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਜਨਮ ਉਤਸਵ ਜਨਮਾਸ਼ਟਮੀ ਦਾ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਕੈਂਪਸ ਨੂੰ ਰੰਗ-ਬਿਰੰਗੀਆਂ ਸਜਾਵਟਾਂ ਨਾਲ ਸੁੰਦਰ ਢੰਗ ਨਾਲ ਸਜਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਦਰਸਾਉਂਦੇ ਭਜਨ, ਕਵਿਤਾਵਾਂ, ਨਾਚ ਅਤੇ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਪੇਸ਼ ਕੀਤੀਆਂ। ਨੰਨ੍ਹੇ-ਮੁੰਨੇ ਬੱਚਿਆਂ ਨੇ ਸ਼੍ਰੀ ਕ੍ਰਿਸ਼ਨ ਅਤੇ ਰਾਧਾ ਦੇ ਰੂਪ ਧਾਰ ਕੇ ਸਾਰਿਆਂ ਦਾ ਮਨ ਮੋਹ ਲਿਆ। ਇਸ ਤੋਂ ਇਲਾਵਾ ਵਿਦਿਆਰਥੀਆਂ ਵੱਲੋਂ ਮਟਕੀ ਸਜਾਵਟ ਸਮੇਤ ਹੋਰ ਰਚਨਾਤਮਕ ਗਤੀਵਿਧੀਆਂ ਵਿੱਚ ਵੀ ਉਤਸ਼ਾਹ ਨਾਲ ਭਾਗ ਲਿਆ ਗਿਆ। ਸਕੂਲ ਦੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਭਗਵਾਨ ਸ੍ਰੀ ਕ੍ਰਿਸ਼ਨ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਧਰਮ, ਸੱਚਾਈ, ਪਿਆਰ, ਦਇਆ ਅਤੇ ਨਿਸ਼ਕਾਮ ਕਰਮ ਦੇ ਸੰਦੇਸ਼ ਬਾਰੇ ਜਾਣਕਾਰੀ ਦਿੱਤੀ। ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਭਾਰਤੀ ਸੰਸਕ੍ਰਿਤੀ ਅਤੇ ਧਾਰਮਿਕ ਪਰੰਪਰਾਵਾਂ ਨਾਲ ਜੋੜਨਾ ਅਤੇ ਉਨ੍ਹਾਂ ਵਿੱਚ ਨੈਤਿਕ ਕਦਰਾਂ-ਕੀਮਤਾਂ ਦਾ ਵਿਕਾਸ ਕਰਨਾ ਸੀ। ਸਕੂਲ ਦੇ ਚੇਅਰਮੈਨ ਵਾਸੂ ਸ਼ਰਮਾ, ਰਕਸ਼ੰਦਾ ਸ਼ਰਮਾ, ਡਾਇਰੈਕਟਰ ਸੀਮਾ ਸ਼ਰਮਾ, ਅਕਾਦਮਿਕ ਡਾਇਰੈਕਟਰ ਵਿਨੋਦ ਵਰਮਾ ਅਤੇ ਪ੍ਰਿੰਸੀਪਲ ਨੀਲਮ ਵਰਮਾ ਨੇ ਇਸ ਮੌਕੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਜਨਮਾਸ਼ਟਮੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ।