- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਲਗਾਤਾਰ ਲੋਕ-ਪੱਖੀ ਉਪਰਾਲੇ ਕਰ ਰਹੀ ਹੈ : ਅਮਨ ਸਿੱਧੂ

ਭੋਲਾ ਸ਼ਰਮਾ (ਪੱਤਰ ਪ੍ਰੇਰਕ) ਪੰਜਾਬੀ ਜਾਗਰਣ, ਜੈਤੋ : ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੀ ਮਹਿਲਾ ਆਗੂ ਅਮਨਦੀਪ ਕੌਰ ‘ਅਮਨ ਸਿੱਧੂ’ ਨੇ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਅਤੇ ਸਮਾਜਿਕ-ਆਰਥਿਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਲੋਕ-ਪੱਖੀ ਫ਼ੈਸਲੇ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਜ਼ਮੀਨੀ ਪੱਧਰ ਤੱਕ ਲਾਗੂ ਕੀਤਾ ਜਾ ਰਿਹਾ ਹੈ ਤਾਂ ਜੋ ਹਰ ਯੋਗ ਅਤੇ ਲੋੜਵੰਦ ਵਿਅਕਤੀ ਨੂੰ ਸਰਕਾਰੀ ਯੋਜਨਾਵਾਂ ਦਾ ਪੂਰਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਸ਼ੁਰੂ ਕੀਤੀ ਗਈ ‘ਮਾਵਾਂ-ਧੀਆਂ ਸਤਿਕਾਰ’ ਯੋਜਨਾ ਪੰਜਾਬ ਸਰਕਾਰ ਦਾ ਇੱਕ ਇਤਿਹਾਸਕ ਅਤੇ ਮਹਿਲਾ-ਪੱਖੀ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਸੂਬੇ ਦੀਆਂ ਮਹਿਲਾਵਾਂ ਨੂੰ ਆਰਥਿਕ ਸਹਾਰਾ ਮਿਲੇਗਾ ਅਤੇ ਉਹ ਹੋਰ ਵੱਧ ਆਤਮ-ਨਿਰਭਰ ਬਣਨਗੀਆਂ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦਾ ਸਸ਼ਕਤੀਕਰਨ ਹੀ ਸਮਾਜ ਦੇ ਸਮੁੱਚੇ ਵਿਕਾਸ ਦੀ ਮਜ਼ਬੂਤ ਨੀਂਹ ਹੈ ਅਤੇ ਸਰਕਾਰ ਇਸ ਦਿਸ਼ਾ ਵਿੱਚ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਹੋਰ ਲੋਕ-ਭਲਾਈ ਕਾਰਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਕਾਇਆਕਲਪ ਕੀਤੀ ਗਈ ਹੈ। ਸਕੂਲਾਂ ਵਿੱਚ ਆਧੁਨਿਕ ਸਹੂਲਤਾਂ, ਬਿਹਤਰ ਬੁਨਿਆਦੀ ਢਾਂਚਾ, ਸਮਾਰਟ ਕਲਾਸਰੂਮ ਅਤੇ ਵਿਦਿਆਰਥੀਆਂ ਲਈ ਗੁਣਵੱਤਾ ਭਰਪੂਰ ਸਿੱਖਿਆ ਯਕੀਨੀ ਬਣਾਈ ਗਈ ਹੈ, ਜਿਸ ਕਾਰਨ ਸਰਕਾਰੀ ਸਕੂਲਾਂ ਪ੍ਰਤੀ ਲੋਕਾਂ ਦਾ ਵਿਸ਼ਵਾਸ ਹੋਰ ਮਜ਼ਬੂਤ ਹੋਇਆ ਹੈ। ਅਮਨਦੀਪ ਕੌਰ ‘ਅਮਨ ਸਿੱਧੂ’ ਜੈਤੋ ਨੇ ਦੱਸਿਆ ਕਿ ਲੋੜਵੰਦ ਅਤੇ ਗਰੀਬ ਪਰਿਵਾਰਾਂ ਨੂੰ ‘ਮੇਰੀ ਰਸੋਈ’ ਯੋਜਨਾ ਤਹਿਤ ਮੁਫ਼ਤ ਰਾਸ਼ਨ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਆਰਥਿਕ ਮਦਦ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਸੂਬੇ ਦੇ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਉਪਲਬਧ ਕਰਵਾਇਆ ਜਾ ਰਿਹਾ ਹੈ, ਜਿਸ ਨਾਲ ਲੱਖਾਂ ਪਰਿਵਾਰਾਂ ਨੂੰ ਮਹਿੰਗੇ ਇਲਾਜ ਦੇ ਬੋਝ ਤੋਂ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ 600 ਯੂਨਿਟ ਤੱਕ ਮੁਫ਼ਤ ਬਿਜਲੀ ਦੀ ਸਹੂਲਤ, ਪਿੰਡਾਂ ਅਤੇ ਸ਼ਹਿਰਾਂ ਵਿੱਚ ਬੁਨਿਆਦੀ ਢਾਂਚੇ ਦਾ ਵਿਕਾਸ, ਸੜਕਾਂ, ਸਿਹਤ ਅਤੇ ਸਿੱਖਿਆ ਸਹੂਲਤਾਂ ਵਿੱਚ ਸੁਧਾਰ, ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਲੋਕਾਂ ਵੱਲੋਂ ਭਰਪੂਰ ਸਮਰਥਨ ਮਿਲ ਰਿਹਾ ਹੈ। ਅਮਨਦੀਪ ਕੌਰ ‘ਅਮਨ ਸਿੱਧੂ’ ਜੈਤੋ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਹਰ ਨਾਗਰਿਕ ਨੂੰ ਬਿਨਾਂ ਕਿਸੇ ਭੇਦਭਾਵ ਦੇ ਸਰਕਾਰੀ ਸਹੂਲਤਾਂ ਦਾ ਲਾਭ ਪਹੁੰਚਾਉਣਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਸਰਕਾਰ ਲੋਕ-ਹਿੱਤਾਂ ਨੂੰ ਪਹਿਲ ਦੇਂਦਿਆਂ ਵਿਕਾਸ ਅਤੇ ਭਲਾਈ ਦੇ ਨਵੇਂ ਮਾਪਦੰਡ ਸਥਾਪਤ ਕਰੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਹੋਰਨਾਂ ਨੂੰ ਵੀ ਇਨ੍ਹਾਂ ਯੋਜਨਾਵਾਂ ਬਾਰੇ ਜਾਣੂ ਕਰਵਾਉਣ।