
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਡਿਪਟੀ ਕਮਿਸ਼ਨਰ ਦਫ਼ਤਰ ਨੂੰ ਕਥਿਤ ਤੌਰ ’ਤੇ ਖਾਲਿਸਤਾਨ ਨੈਸ਼ਨਲ ਆਰਮੀ ਦੇ ਨਾਮ ’ਤੇ ਈਮੇਲ ਭੇਜ ਕੇ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ। ਈਮੇਲ ਮਿਲਣ ਤੋਂ ਤੁਰੰਤ ਬਾਅਦ ਪੁਲਿਸ ਨੂੰ ਇਸ ਸਬੰਧੀ ਸੂਚਿਤ ਕੀਤਾ ਗਿਆ। ਪੁਲਿਸ ਨੇ ਦਫ਼ਤਰ ਵਿੱਚ ਮੌਜੂਦ ਕਰਮਚਾਰੀਆਂ ਅਤੇ ਆਮ ਲੋਕਾਂ ਨੂੰ ਬਾਹਰ ਕੱਢ ਕੇ ਪੂਰੀ ਜਾਂਚ ਸ਼ੁਰੂ ਕਰ ਦਿੱਤੀ।

ਵਿਕਾਸ ਕੁਮਾਰ ਗਰਗ, ਪੰਜਾਬੀ ਜਾਗਰਣ, ਫਰੀਦਕੋਟ : ਸਥਾਨਕ ਮਿੰਨੀ ਸਕੱਤਰੇਤ ਸਥਿਤ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਮੰਗਲਵਾਰ ਦੁਪਹਿਰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਜ਼ਿਲ੍ਹਾ ਪੁਲਿਸ ਵਿੱਚ ਹੜਕੰਪ ਮਚ ਗਿਆ। ਧਮਕੀ ਨੂੰ ਗੰਭੀਰਤਾ ਨਾਲ ਲੈਂਦਿਆਂ ਡੀਐਸਪੀ ਤਰਲੋਚਨ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਤੁਰੰਤ ਡਿਪਟੀ ਕਮਿਸ਼ਨਰ ਦਫ਼ਤਰ ਦੇ ਵਿੱਚ ਸਰਚ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ।
ਜਾਣਕਾਰੀ ਅਨੁਸਾਰ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਕਥਿਤ ਤੌਰ ’ਤੇ ਖਾਲਿਸਤਾਨ ਨੈਸ਼ਨਲ ਆਰਮੀ ਦੇ ਨਾਮ ’ਤੇ ਈਮੇਲ ਭੇਜ ਕੇ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ। ਈਮੇਲ ਮਿਲਣ ਤੋਂ ਤੁਰੰਤ ਬਾਅਦ ਪੁਲਿਸ ਨੂੰ ਇਸ ਸਬੰਧੀ ਸੂਚਿਤ ਕੀਤਾ ਗਿਆ। ਪੁਲਿਸ ਨੇ ਦਫ਼ਤਰ ਵਿੱਚ ਮੌਜੂਦ ਕਰਮਚਾਰੀਆਂ ਅਤੇ ਆਮ ਲੋਕਾਂ ਨੂੰ ਬਾਹਰ ਕੱਢ ਕੇ ਪੂਰੀ ਜਾਂਚ ਸ਼ੁਰੂ ਕਰ ਦਿੱਤੀ। ਸਰਚ ਆਪ੍ਰੇਸ਼ਨ ਦੌਰਾਨ ਐਂਟੀ-ਸੈਬੋਟਾਜ ਟੀਮ ਅਤੇ ਡੌਗ ਸਕੁਐਡ ਦੀ ਮਦਦ ਨਾਲ ਡਿਪਟੀ ਕਮਿਸ਼ਨਰ ਦਫ਼ਤਰ ਦੀ ਇਮਾਰਤ, ਆਸ-ਪਾਸ ਦੇ ਇਲਾਕੇ ਅਤੇ ਹੋਰ ਸਥਾਨਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ।
ਹਾਲਾਂਕਿ ਤਲਾਸ਼ੀ ਦੌਰਾਨ ਪੁਲਿਸ ਨੂੰ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਜਾਂ ਇਤਰਾਜ਼ਯੋਗ ਵਸਤੂ ਬਰਾਮਦ ਨਹੀਂ ਹੋਈ। ਇਸ ਸਬੰਧੀ ਡੀਐਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਈਮੇਲ ਰਾਹੀਂ ਧਮਕੀ ਮਿਲਣ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਪੂਰੇ ਮਿੰਨੀ ਸਕੱਤਰੇਤ ਦੀ ਗਹਿਰਾਈ ਨਾਲ ਜਾਂਚ ਕੀਤੀ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਸੂਬੇ ਦੇ ਵੱਖ-ਵੱਖ ਹਿੱਸਿਆਂ ਅਤੇ ਫਰੀਦਕੋਟ ਵਿੱਚ ਇਸ ਤਰ੍ਹਾਂ ਦੀਆਂ ਝੂਠੀਆਂ ਧਮਕੀਆਂ ਮਿਲ ਚੁੱਕੀਆਂ ਹਨ, ਪਰ ਪੁਲਿਸ ਪ੍ਰਸ਼ਾਸਨ ਵੱਲੋਂ ਹਰ ਧਮਕੀ ਨੂੰ ਗੰਭੀਰਤਾ ਨਾਲ ਲੈਂਦਿਆਂ ਸੁਰੱਖਿਆ ਦੇ ਸਾਰੇ ਲੋੜੀਂਦੇ ਕਦਮ ਚੁੱਕੇ ਜਾਂਦੇ ਹਨ।
ਡੀਐਸਪੀ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦਫ਼ਤਰ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਗਈ ਹੈ। ਫਿਲਹਾਲ ਕੋਈ ਇਤਰਾਜ਼ਯੋਗ ਵਸਤੂ ਨਹੀਂ ਮਿਲੀ ਹੈ, ਪਰ ਪੁਲਿਸ ਪ੍ਰਸ਼ਾਸਨ ਵੱਲੋਂ ਸਥਿਤੀ ’ਤੇ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਪੂਰੀ ਤਰ੍ਹਾਂ ਚੌਕਸ ਰੱਖਿਆ ਗਿਆ ਹੈ।