ਵੱਡੀ ਖ਼ਬਰ: ਫਰੀਦਕੋਟ ’ਚ ਤਿੰਨ ਸਕੂਲ-ਕਾਲਜਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਵੱਲੋਂ ਸਰਚ ਆਪ੍ਰੇਸ਼ਨ ਜਾਰੀ
ਫਰੀਦਕੋਟ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਤੋਂ ਪਹਿਲਾਂ ਤਿੰਨ ਸਕੂਲ-ਕਾਲਜਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਕਾਰਨ ਹਫੜਾ-ਦਫੜੀ ਮਚ ਗਈ।ਇਸ ਤੋਂ ਬਾਅਦ ਜ਼ਿਲ੍ਹਾ ਪੁਲਿਸ ਵੱਲੋਂ ਸਬੰਧਤ ਵਿਦਿਅਕ ਸੰਸਥਾਵਾਂ ਨੂੰ ਖਾਲੀ ਕਰਵਾ ਕੇ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਹਾਲਾਂਕਿ ਹੁਣ ਤੱਕ ਕਿਸੇ ਵੀ ਸਕੂਲ ਜਾਂ ਕਾਲਜ ਤੋਂ ਕੋਈ ਸ਼ੱਕੀ ਜਾਂ ਪਾਬੰਦੀਸ਼ੁਦਾ ਵਸਤੂ ਬਰਾਮਦ ਨਹੀਂ ਹੋਈ ਹੈ।
Publish Date: Thu, 07 May 2026 02:44 PM (IST)
Updated Date: Thu, 07 May 2026 02:47 PM (IST)
ਪੰਜਾਬੀ ਜਾਗਰਣ, ਫਰੀਦਕੋਟ। ਫਰੀਦਕੋਟ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਤੋਂ ਪਹਿਲਾਂ ਤਿੰਨ ਸਕੂਲ-ਕਾਲਜਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਕਾਰਨ ਹਫੜਾ-ਦਫੜੀ ਮਚ ਗਈ।ਇਸ ਤੋਂ ਬਾਅਦ ਜ਼ਿਲ੍ਹਾ ਪੁਲਿਸ ਵੱਲੋਂ ਸਬੰਧਤ ਵਿਦਿਅਕ ਸੰਸਥਾਵਾਂ ਨੂੰ ਖਾਲੀ ਕਰਵਾ ਕੇ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਹਾਲਾਂਕਿ ਹੁਣ ਤੱਕ ਕਿਸੇ ਵੀ ਸਕੂਲ ਜਾਂ ਕਾਲਜ ਤੋਂ ਕੋਈ ਸ਼ੱਕੀ ਜਾਂ ਪਾਬੰਦੀਸ਼ੁਦਾ ਵਸਤੂ ਬਰਾਮਦ ਨਹੀਂ ਹੋਈ ਹੈ।
ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀ “ਸ਼ੁਕਰਾਨਾ ਯਾਤਰਾ” ਤਹਿਤ ਅੱਜ ਫਰੀਦਕੋਟ ਅਤੇ ਕੋਟਕਪੂਰਾ ਪਹੁੰਚ ਰਹੇ ਹਨ। ਇਸੇ ਦੌਰਾਨ ਈ-ਮੇਲ ਰਾਹੀਂ ਸਾਦਿਕ ਦੇ ਸਰਕਾਰੀ ਕੰਨਿਆ ਸਕੂਲ, ਫਰੀਦਕੋਟ ਦੇ ਦਸ਼ਮੇਸ਼ ਪਬਲਿਕ ਸਕੂਲ ਅਤੇ ਦਸ਼ਮੇਸ਼ ਡੈਂਟਲ ਕਾਲਜ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ।
ਧਮਕੀ ਮਿਲਣ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ਵਿੱਚ ਆ ਗਈਆਂ। ਸਾਦਿਕ ਦੇ ਸਰਕਾਰੀ ਸਕੂਲ ਨੂੰ ਖਾਲੀ ਕਰਵਾ ਕੇ ਸਰਚ ਆਪ੍ਰੇਸ਼ਨ ਚਲਾਇਆ ਗਿਆ, ਜਦਕਿ ਫਰੀਦਕੋਟ ਦੀਆਂ ਦੋਵੇਂ ਵਿਦਿਅਕ ਸੰਸਥਾਵਾਂ ਵਿੱਚ ਵੀ ਪੁਲਿਸ ਵੱਲੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡੀ.ਐੱਸ.ਪੀ. ਤਰਲੋਚਨ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਪੁਲਿਸ ਵੱਲੋਂ ਤੁਰੰਤ ਸਰਚ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਹੁਣ ਤੱਕ ਕੋਈ ਵੀ ਸ਼ੱਕੀ ਜਾਂ ਪਾਬੰਦੀਸ਼ੁਦਾ ਵਸਤੂ ਬਰਾਮਦ ਨਹੀਂ ਹੋਈ ਹੈ। ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਇਹਤਿਆਤ ਵਜੋਂ ਸਕੂਲਾਂ ਵਿੱਚ ਛੁੱਟੀ ਕਰ ਦਿੱਤੀ ਗਈ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਹੋਣੀ ਤੋਂ ਬਚਿਆ ਜਾ ਸਕੇ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਦੇ ਕੁਝ ਹੋਰ ਸ਼ਹਿਰਾਂ ਵਿੱਚ ਇਸ ਤਰ੍ਹਾਂ ਦੀਆਂ ਧਮਕੀਆਂ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ।