ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਚੁੱਕੇ ਸਵਾਲ, ਕਿਹਾ- ਤਿੰਨ ਸਰਕਾਰਾਂ ਆਉਣ ਦੇ ਬਾਵਜੂਦ ਨਹੀਂ ਮਿਲਿਆ ਨਿਆਂ
ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲ ਹੋਣ ਤੋਂ ਬਾਅਦ ਸਾਧੂ ਸਿੰਘ ਨੇ ਕਿਹਾ ਕਿ ਪਿਛਲੇ ਸਾਲਾਂ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਅਤੇ ਆਮ ਆਦਮੀ ਪਾਰਟੀ ਦੇ ਆਗੂ ਵੀ ਉਨ੍ਹਾਂ ਕੋਲ ਆਏ ਪਰ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਹੁਣ ਉਹ ਇਨਸਾਫ਼ ਦੀ ਉਮੀਦ ਲੈ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਜੁੜੇ ਹਨ।
Publish Date: Mon, 05 Oct 2026 09:00 AM (IST)
Updated Date: Mon, 05 Oct 2026 09:03 AM (IST)
ਸ਼ਿਵ ਸ਼ਰਮਾ, ਪੰਜਾਬੀ ਜਾਗਰਣ, ਫ਼ਰੀਦਕੋਟ। ਬੇਅਦਬੀ ਮਾਮਲੇ ’ਚ ਇਨਸਾਫ਼ ਦੀ ਮੰਗ ਨੂੰ ਲੈ ਕੇ 14 ਅਕਤੂਬਰ 2015 ਨੂੰ ਬਹਿਬਲ ਕਲਾਂ 'ਚ ਸ਼ਾਂਤੀਪੂਰਨ ਧਰਨੇ 'ਤੇ ਬੈਠੀ ਸਿੱਖ ਸੰਗਤ ਨੂੰ ਜ਼ਬਰਦਸਤੀ ਚੁੱਕਣ ਦੌਰਾਨ ਹੋਈ ਪੁਲਿਸ ਫਾਇਰਿੰਗ 'ਚ ਮਾਰੇ ਗਏ ਪਿੰਡ ਸਰਾਂਵਾਂ ਵਾਸੀ ਗੁਰਜੀਤ ਸਿੰਘ ਦੇ ਪਿਤਾ ਸਾਧੂ ਸਿੰਘ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲ ਹੋ ਗਏ। ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ, ਦਲੇਰ ਸਿੰਘ ਡੋਡ ਸਮੇਤ ਪਾਰਟੀ ਦੇ ਹੋਰ ਆਗੂਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ।
ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲ ਹੋਣ ਤੋਂ ਬਾਅਦ ਸਾਧੂ ਸਿੰਘ ਨੇ ਕਿਹਾ ਕਿ ਪਿਛਲੇ ਸਾਲਾਂ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਅਤੇ ਆਮ ਆਦਮੀ ਪਾਰਟੀ ਦੇ ਆਗੂ ਵੀ ਉਨ੍ਹਾਂ ਕੋਲ ਆਏ ਪਰ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਹੁਣ ਉਹ ਇਨਸਾਫ਼ ਦੀ ਉਮੀਦ ਲੈ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਜੁੜੇ ਹਨ।
ਇਸ ਦੌਰਾਨ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਬਹਿਬਲ ਕਲਾਂ ਗੋਲੀਕਾਂਡ ਅਤੇ ਬੇਅਦਬੀ ਦੇ ਮਾਮਲਿਆਂ ਨੂੰ 11 ਸਾਲ ਬੀਤ ਚੁੱਕੇ ਹਨ ਪਰ ਪੀੜਤ ਪਰਿਵਾਰਾਂ ਨੂੰ ਅਜੇ ਤੱਕ ਇਨਸਾਫ਼ ਨਹੀਂ ਮਿਲ ਸਕਿਆ। ਉਨ੍ਹਾਂ ਕਿਹਾ ਕਿ ਗੁਰਜੀਤ ਸਿੰਘ ਸਰਾਂਵਾਂ ਦੇ ਪਿਤਾ ਸਾਧੂ ਸਿੰਘ ਨੇ ਤਿੰਨ ਸਰਕਾਰਾਂ ਦੇ ਕਾਰਜਕਾਲ ਵਿੱਚ ਇਨਸਾਫ਼ ਦੀ ਉਮੀਦ ਕੀਤੀ, ਪਰ ਉਨ੍ਹਾਂ ਦੀ ਮੰਗ ਪੂਰੀ ਨਹੀਂ ਹੋਈ। ਇੰਨਾ ਹੀ ਨਹੀਂ, ਸਾਰੇ ਕੇਸ ਵੀ ਚੰਡੀਗੜ੍ਹ ਤਬਦੀਲ ਕੀਤੇ ਜਾ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਜਦੋਂ ਤੱਕ ਪੰਜਾਬ ਵਿੱਚ ਪੰਥ-ਦਰਦੀ ਸਰਕਾਰ ਨਹੀਂ ਬਣਦੀ, ਉਦੋਂ ਤੱਕ ਬੇਅਦਬੀ ਅਤੇ ਗੋਲੀਕਾਂਡ ਦੇ ਪੀੜਤਾਂ ਨੂੰ ਇਨਸਾਫ਼ ਮਿਲਣਾ ਮੁਸ਼ਕਿਲ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਜੇਕਰ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਰਕਾਰ ਬਣਦੀ ਹੈ ਤਾਂ ਬੇਅਦਬੀ ਅਤੇ ਗੋਲੀਕਾਂਡ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣਾ ਪਹਿਲ ਹੋਵੇਗੀ। ਗੁਰਜੀਤ ਸਿੰਘ ਦੀ ਯਾਦ ਵਿੱਚ ਵਿਸ਼ੇਸ਼ ਯਾਦਗਾਰ ਜਾਂ ਹੋਰ ਪਹਿਲਕਦਮੀਆਂ ਕੀਤੇ ਜਾਣ ਦੀ ਗੱਲ ਵੀ ਕਹੀ ਗਈ।
ਪੰਜਾਬ ਦੇ ਗੰਭੀਰ ਮੁੱਦਿਆਂ 'ਤੇ ਇਕਜੁੱਟ ਹੋਣ ਦੀ ਲੋੜ
ਤਰਸੇਮ ਸਿੰਘ ਨੇ ਕਿਹਾ ਕਿ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਆਪਸੀ ਵਿਰੋਧ ਤੋਂ ਉੱਪਰ ਉੱਠ ਕੇ ਨਸ਼ੇ, ਪੰਜਾਬ ਨਾਲ ਹੋ ਰਹੀ ਕਥਿਤ ਧੱਕੇਸ਼ਾਹੀ, ਕਾਨੂੰਨ-ਵਿਵਸਥਾ ਅਤੇ ਵਪਾਰੀਆਂ ਦੀ ਸੁਰੱਖਿਆ ਵਰਗੇ ਗੰਭੀਰ ਮੁੱਦਿਆਂ 'ਤੇ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਇਨ੍ਹਾਂ ਸਮੱਸਿਆਵਾਂ ਨਾਲ ਨਜਿੱਠਣ 'ਚ ਨਾਕਾਮ ਰਹੀ ਹੈ। ਪੰਜਾਬ ਵਿੱਚ ਦਿਨ-ਦਿਹਾੜੇ ਕਤਲ ਅਤੇ ਫਿਰੌਤੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਅਤੇ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲਿਆਂ ਨੂੰ ਵੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ।