ਜਨਗਣਨਾ ਦੀ ਤਿਆਰੀ ਸਬੰਧੀ ਟ੍ਰੇਨਿੰਗ ਕਰਵਾਈ
ਜਨਗਣਨਾ 2027 ਲਈ ਫ਼ਰੀਦਕੋਟ ਵਿਖੇ 3 ਰੋਜ਼ਾ ਟ੍ਰੇਨਿੰਗ ਪ੍ਰੋਗਰਾਮ
Publish Date: Fri, 10 Apr 2026 03:36 PM (IST)
Updated Date: Sat, 11 Apr 2026 03:59 AM (IST)

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਫ਼ਰੀਦਕੋਟ : ਭਾਰਤ ਦੀ ਮਰਦਮਸ਼ੁਮਾਰੀ 2027 ਨੂੰ ਸੁਚਾਰੂ, ਸਹੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਅਮਲ ਵਿੱਚ ਲਿਆਉਣ ਲਈ ਜ਼ਿਲ੍ਹਾ ਫ਼ਰੀਦਕੋਟ ਵਿੱਚ ਤਿਆਰੀਆਂ ਜੰਗੀ ਪੱਧਰ ‘ਤੇ ਜਾਰੀ ਹਨ। ਇਸੇ ਤਹਿਤ ਮੈਡਮ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਸ ਅਫਸਰ ਫ਼ਰੀਦਕੋਟ ਦੀ ਅਗਵਾਈ ਹੇਠ ਅਸ਼ੋਕ ਚੱਕਰ ਮੀਟਿੰਗ ਹਾਲ ਮਕਾਨਸੂਚੀਕਰਣ ਅਤੇ ਮਕਾਨਾਂ ਦੀ ਗਿਣਤੀ ਸਬੰਧੀ ਫੀਲਡ ਟ੍ਰੇਨਰਾਂ ਲਈ 3 ਰੋਜ਼ਾ ਟ੍ਰੇਨਿੰਗ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਟ੍ਰੇਨਿੰਗ ਵਿੱਚ ਫੀਲਡ ਟ੍ਰੇਨਰਾਂ ਵੱਲੋਂ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਜਨਗਣਨਾ ਦੇ ਪਹਿਲੇ ਪੜਾਅ ਲਈ ਤਿਆਰ ਕਰਨ ਦੇ ਮੰਤਵ ਨਾਲ ਭਾਗ ਲਿਆ ਗਿਆ। ਜ਼ਿਲ੍ਹਾ ਸਿੱਖਿਆ ਵਿਭਾਗ ਫ਼ਰੀਦਕੋਟ ਦੇ ਮਾਸਟਰ ਟ੍ਰੇਨਰ ਹਰਜਿੰਦਰ ਸਿੰਘ ਵੱਲੋਂ ਮਰਦਮਸ਼ੁਮਾਰੀ ਨਾਲ ਸੰਬੰਧਿਤ ਮਹੱਤਵਪੂਰਨ ਪੱਖਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਟ੍ਰੇਨਿੰਗ ਦੌਰਾਨ ਮਕਾਨਸੂਚੀਕਰਣ ਦੇ ਤਰੀਕੇ, ਮਕਾਨਾਂ ਦੀ ਸਹੀ ਪਛਾਣ, ਪਰਿਵਾਰਕ ਇਕਾਈਆਂ ਦੀ ਗਿਣਤੀ, ਡਾਟਾ ਇਕੱਠਾ ਕਰਨ ਦੀ ਵਿਧੀ ਅਤੇ ਰਿਕਾਰਡ ਭਰਨ ਦੀ ਪ੍ਰਕਿਰਿਆ ਬਾਰੇ ਸਪਸ਼ਟ ਅਤੇ ਆਸਾਨ ਢੰਗ ਨਾਲ ਸਮਝਾਇਆ ਗਿਆ। ਇਸ ਤੋਂ ਇਲਾਵਾ ਮੈਦਾਨੀ ਪੱਧਰ ‘ਤੇ ਆ ਸਕਣ ਵਾਲੀਆਂ ਸੰਭਾਵਿਤ ਸਮੱਸਿਆਵਾਂ ਜਿਵੇਂ ਡਾਟਾ ਇਕੱਠਾ ਕਰਨ ਵਿੱਚ ਆਉਣ ਵਾਲੀਆਂ ਰੁਕਾਵਟਾਂ, ਲੋਕਾਂ ਨਾਲ ਸੰਚਾਰ ਦੀਆਂ ਚੁਣੌਤੀਆਂ ਅਤੇ ਤਕਨੀਕੀ ਦਿੱਕਤਾਂ ਬਾਰੇ ਵੀ ਚਰਚਾ ਕਰਕੇ ਉਨ੍ਹਾਂ ਦੇ ਹੱਲ ਸਾਂਝੇ ਕੀਤੇ ਗਏ। ਟ੍ਰੇਨਿੰਗ ਵਿੱਚ ਨਵੇਂ ਡਿਜ਼ੀਟਲ ਸਾਧਨਾਂ ਦੀ ਵਰਤੋਂ ‘ਤੇ ਖਾਸ ਧਿਆਨ ਦਿੱਤਾ ਗਿਆ ਤਾਂ ਜੋ ਡਾਟਾ ਇਕੱਠਾ ਕਰਨ ਦੀ ਪ੍ਰਕਿਰਿਆ ਨੂੰ ਹੋਰ ਆਸਾਨ, ਤੇਜ਼ ਅਤੇ ਪਾਰਦਰਸ਼ੀ ਬਣਾਇਆ ਜਾ ਸਕੇ। ਟ੍ਰੇਨਿੰਗ ਦੇ ਆਖਰੀ ਦਿਨ ਫੀਲਡ ਟ੍ਰੇਨਰਾਂ ਨੂੰ ਮੈਦਾਨ ਵਿੱਚ ਭੇਜ ਕੇ ਡਾਟਾ ਇਕੱਠਾ ਕਰਨ ਦੀ ਰਿਹਰਸਲ ਵੀ ਕਰਵਾਈ ਗਈ । ਟ੍ਰੇਨਿੰਗ ਦੌਰਾਨ ਗੁਰਿੰਦਰ ਸਿੰਘ, ਡਿਪਟੀ ਈ.ਐਸ.ਏ-ਕਮ-ਵਧੀਕ ਜ਼ਿਲ੍ਹਾ ਸੈਂਸਸ ਅਫਸਰ, ਸੰਦੀਪ ਸਿੰਘ ਇਨਵੈਸਟਿਗੇਟਰ, ਮਨਪ੍ਰੀਤ ਕੌਰ ਵਾਈ.ਪੀ., ਜ਼ਿਲ੍ਹਾ ਅੰਕੜਾ ਦਫਤਰ ਫ਼ਰੀਦਕੋਟ, ਜ਼ਿਲ੍ਹਾ ਸਿੱਖਿਆ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।