ਵਿਧਾਇਕ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਕੀਤੀ ਸ਼ਲਾਘਾ
ਮੋਗਾ ਰੈਲੀ ’ਚ ਭਾਰੀ ਇਕੱਠ ਨੇ ਯੁੱਧ ਨਸ਼ਿਆਂ ਵਿਰੁੱਧ ਦੀ ਸਫ਼ਲਤਾ ’ਤੇ ਲਗਾਈ ਮੋਹਰ : ਵਿਧਾਇਕ ਅਮੋਲਕ ਸਿੰਘ
Publish Date: Thu, 19 Feb 2026 03:50 PM (IST)
Updated Date: Fri, 20 Feb 2026 04:01 AM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ‘ਆਪ’ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੋਗਾ ’ਚ ਕੀਤੀ ਗਈ ਵਿਸ਼ਾਲ ਰੈਲੀ ’ਚ ਲੋਕਾਂ ਦੇ ਭਾਰੀ ਇਕੱਠ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਵਾਸੀ ਨਸ਼ਿਆਂ ਦੇ ਖ਼ਿਲਾਫ਼ ਚੱਲ ਰਹੀ ਲੜਾਈ ’ਚ ਮਾਨ ਸਰਕਾਰ ਦੇ ਨਾਲ ਮਜ਼ਬੂਤੀ ਨਾਲ ਖੜੇ ਹਨ। ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ, ਗੈਂਗਸਟਰਾਂ ਅਤੇ ਅਪਰਾਧਿਕ ਤੱਤਾਂ ਵਿਰੁੱਧ ਜਿਹੜੀ ਕੜੀ ਕਾਰਵਾਈ ਸ਼ੁਰੂ ਕੀਤੀ ਹੈ, ਉਸਦੇ ਨਤੀਜੇ ਹੁਣ ਜ਼ਮੀਨੀ ਪੱਧਰ ’ਤੇ ਦਿਖਾਈ ਦੇ ਰਹੇ ਹਨ। ਨੌਜਵਾਨ ਵਰਗ ਮੁੜ ਸਹੀ ਰਾਹ ’ਤੇ ਆ ਰਿਹਾ ਹੈ ਅਤੇ ਸਮਾਜ ਵਿਚ ਸਕਾਰਾਤਮਕ ਬਦਲਾਅ ਮਹਿਸੂਸ ਕੀਤਾ ਜਾ ਰਿਹਾ ਹੈ। ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਕਿਹਾ ਕਿ ਮੋਗਾ ਰੈਲੀ ਵਿਚ ਸ਼ਾਮਿਲ ਹੋਏ ਹਜ਼ਾਰਾਂ ਲੋਕਾਂ ਦਾ ਜੋਸ਼ ਇਹ ਸਾਬਤ ਕਰਦਾ ਹੈ ਕਿ ਪੰਜਾਬ ਦੇ ਲੋਕ ਨਸ਼ਿਆਂ ਨੂੰ ਜੜੋਂ੍ਹ ਮੁਕਾਉਣ ਲਈ ਸਰਕਾਰ ਦੇ ਹਰ ਕਦਮ ਦਾ ਸਮਰਥਨ ਕਰਦੇ ਹਨ। ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਸਿਰਫ਼ ਇਕ ਮੁਹਿੰਮ ਨਹੀਂ, ਸਗੋਂ ਪੰਜਾਬ ਦੇ ਭਵਿੱਖ ਨੂੰ ਬਚਾਉਣ ਦੀ ਲੜਾਈ ਹੈ, ਲੋਕਾਂ ਦੇ ਸਹਿਯੋਗ ਨਾਲ ਇਹ ਲੜਾਈ ਜ਼ਰੂਰ ਜਿੱਤੀ ਜਾਵੇਗੀ। ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਅੱਗੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਜਿੱਥੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਕੇ ਸੂਬੇ ਵਿਚੋਂ ਨਸ਼ਿਆਂ ਦਾ ਮੁਕੰਮਲ ਤੌਰ ’ਤੇ ਖਾਤਮਾ ਕਰ ਰਹੀ ਹੈ, ਉੱਥੇ ਹੀ ਨਸ਼ਿਆਂ ਦੀ ਗ੍ਰਿਫ਼ਤ ਵਿਚ ਫਸੇ ਨੌਜਵਾਨਾ ਦਾ ਨਸ਼ਾ ਛੁਡਵਾ ਕੇ ਉਨ੍ਹਾਂ ਨੂੰ ਮੁੜ ਤੋਂ ਆਪਣੇ ਪੈਰਾਂ ਤੇ ਖੜੇ ਵੀ ਕਰ ਰਹੀ ਹੈ, ਤਾਂ ਜੋ ਉਹ ਸਮਾਜ ਵਿਚ ਬਿਹਤਰ ਜਿੰਦਗੀ ਬਤੀਤ ਕਰ ਸਕਣ। ਉਨ੍ਹਾਂ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਦਿਆਂ ਪ੍ਰੇਰਿਤ ਕੀਤਾ ਕਿ ਪੰਜਾਬ ਸਰਕਾਰ ਪਿੰਡਾਂ ਵਿਚ ਖੇਡ ਮੈਦਾਨ ਬਣਾ ਰਹੀ ਹੈ ਤਾਂ ਜੋ ਨੌਜਵਾਨਾਂ ਦੀ ਐਨਰਜੀ ਖੇਡਾਂ ਵੱਲ ਲਗ ਸਕੇ ਅਤੇ ਉਹ ਖੇਡਾਂ ਵਿਚ ਆਪਣਾ ਨਾਮ ਚਮਕਾਉਣ ਤੇ ਸੂਬੇ ਦਾ ਨਾਮ ਰੋਸ਼ਨ ਕਰਨ। ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਕਿਹਾ ਕਿ ਖੇਡਾਂ ਨਾਲ ਜੁੜ ਕੇ ਨਸ਼ਿਆਂ ਜਿਹੀਆਂ ਮਾੜੀਆਂ ਅਲਾਮਤਾਂ ਤੋਂ ਬਚਿਆ ਜਾ ਸਕਦਾ ਹੈ ਤੇ ਸੂਬੇ ਦੀ ਜਵਾਨੀ ਨੂੰ ਸਿਹਤਮੰਦ ਰੱਖਿਆ ਜਾ ਸਕਦਾ ਹੈ।