- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਵੱਲੋਂ ਕੀਤੀ ਜਾਂਚ ਦੌਰਾਨ ਇਹ ਵੀ ਪਤਾ ਲੱਗਾ ਹੈ ਕਿ ਮੁੱਖ ਸਰਗਨਾ ਦੀਪ ਸਿੰਘ ਉਰਫ਼ ਦੀਪਕ ਖ਼ਿਲਾਫ਼ ਥਾਣਾ ਘਰਿੰਡਾ, ਜ਼ਿਲ੍ਹਾ ਅੰਮ੍ਰਿਤਸਰ ਸਾਹਿਬ ਵਿੱਚ ਪਹਿਲਾਂ ਵੀ ਆਰਮਜ਼ ਐਕਟ ਅਤੇ ਨਸ਼ਾ ਤਸਕਰੀ ਨਾਲ ਸਬੰਧਤ ਮਾਮਲਾ ਦਰਜ ਹੈ। ਪੁਲਿਸ ਹੁਣ ਉਸ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਫਰੀਦਕੋਟ ਲਿਆ ਕੇ ਪੁੱਛਗਿੱਛ ਕਰੇਗੀ।

ਸ਼ਰਮਾ/ ਗਰਗ ਪੰਜਾਬੀ ਜਾਗਰਣ , ਫਰੀਦਕੋਟ: ਫਰੀਦਕੋਟ ਜ਼ਿਲ੍ਹਾ ਪੁਲਿਸ ਦੇ ਸੀਆਈਏ ਸਟਾਫ਼ ਨੇ ਅੰਤਰਰਾਸ਼ਟਰੀ ਗੈਰ-ਕਾਨੂੰਨੀ ਹਥਿਆਰ ਤਸਕਰੀ ਗਿਰੋਹ ਨਾਲ ਜੁੜੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 10 ਪਿਸਤੌਲ ਅਤੇ 20 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮਾਂ ਦੀ ਪਛਾਣ ਅੰਮ੍ਰਿਤਸਰ ਵਾਸੀ ਰਾਜਬੀਰ ਸਿੰਘ ਉਰਫ਼ ਅਮਿਤ ਅਤੇ ਅਮਰ ਸਿੰਘ ਉਰਫ਼ ਅਮਰ ਵਜੋਂ ਹੋਈ ਹੈ।
ਇਸ ਸਬੰਧੀ ਐਸਐਸਪੀ ਫਰੀਦਕੋਟ ਗੁਰਬੰਸ ਸਿੰਘ ਬੈਂਸ ਨੇ ਦੱਸਿਆ ਕਿ 16 ਸਤੰਬਰ ਨੂੰ ਸੀਆਈਏ ਸਟਾਫ਼ ਦੀ ਟੀਮ ਕੋਟਕਪੂਰਾ ਰੋਡ ਸਥਿਤ ਨਹਿਰ ਪੁਲ ’ਤੇ ਗਸ਼ਤ ਕਰ ਰਹੀ ਸੀ ਅਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁਲਿਸ ਨੂੰ ਸੂਚਨਾ ਮਿਲੀ ਕਿ ਦੋ ਵਿਅਕਤੀ ਭਾਰੀ ਮਾਤਰਾ ਵਿੱਚ ਹਥਿਆਰ ਲੈ ਕੇ ਤਲਵੰਡੀ ਭਾਈ ਰੋਡ ਸਥਿਤ ਕੇਂਦਰੀ ਮਾਡਰਨ ਜੇਲ੍ਹ ਦੇ ਆਸ-ਪਾਸ ਘੁੰਮ ਰਹੇ ਹਨ। ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਵਾਂ ਨੂੰ ਕਾਬੂ ਕਰ ਲਿਆ।ਤਲਾਸ਼ੀ ਦੌਰਾਨ ਮੁਲਜ਼ਮਾਂ ਕੋਲੋਂ 10 ਨਾਜਾਇਜ਼ ਪਿਸਤੌਲ ਅਤੇ 20 ਜ਼ਿੰਦਾ ਕਾਰਤੂਸ ਬਰਾਮਦ ਹੋਏ। ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਹਥਿਆਰ ਅੱਗੇ ਸਪਲਾਈ ਕਰਨ ਜਾਂ ਕਿਸੇ ਅਪਰਾਧਿਕ ਵਾਰਦਾਤ ਵਿੱਚ ਵਰਤੇ ਜਾਣੇ ਸਨ।
ਪੁਲਿਸ ਜਾਂਚ ਅਨੁਸਾਰ ਇਹ ਗਿਰੋਹ ਪਾਕਿਸਤਾਨ ਵਿੱਚ ਮੌਜੂਦ ਹਥਿਆਰ ਤਸਕਰਾਂ ਨਾਲ ਸੰਪਰਕ ਕਰ ਕੇ ਡਰੋਨ ਰਾਹੀਂ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਗੋਲਾ-ਬਾਰੂਦ ਮੰਗਵਾਉਂਦਾ ਸੀ। ਜਾਂਚ ਵਿੱਚ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਅੰਮ੍ਰਿਤਸਰ ਜੇਲ੍ਹ ਵਿੱਚ ਬੰਦ ਗਿਰੋਹ ਦੇ ਮੁੱਖ ਸਰਗਨਾ ਦੀਪ ਸਿੰਘ ਉਰਫ਼ ਦੀਪਕ ਵੱਲੋਂ ਆਪਣੇ ਸਾਥੀਆਂ ਰਾਹੀਂ ਹਥਿਆਰਾਂ ਦੀ ਖੇਪ ਸੰਭਾਲਣ ਅਤੇ ਅੱਗੇ ਸਪਲਾਈ ਕਰਨ ਸਬੰਧੀ ਨਿਰਦੇਸ਼ ਦਿੱਤੇ ਜਾਂਦੇ ਸਨ।
---
ਮੁੱਖ ਸਰਗਨਾ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਫਰੀਦਕੋਟ ਲਿਆਂਦਾ ਜਾਵੇਗਾ
ਪੁਲਿਸ ਵੱਲੋਂ ਕੀਤੀ ਜਾਂਚ ਦੌਰਾਨ ਇਹ ਵੀ ਪਤਾ ਲੱਗਾ ਹੈ ਕਿ ਮੁੱਖ ਸਰਗਨਾ ਦੀਪ ਸਿੰਘ ਉਰਫ਼ ਦੀਪਕ ਖ਼ਿਲਾਫ਼ ਥਾਣਾ ਘਰਿੰਡਾ, ਜ਼ਿਲ੍ਹਾ ਅੰਮ੍ਰਿਤਸਰ ਸਾਹਿਬ ਵਿੱਚ ਪਹਿਲਾਂ ਵੀ ਆਰਮਜ਼ ਐਕਟ ਅਤੇ ਨਸ਼ਾ ਤਸਕਰੀ ਨਾਲ ਸਬੰਧਤ ਮਾਮਲਾ ਦਰਜ ਹੈ। ਪੁਲਿਸ ਹੁਣ ਉਸ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਫਰੀਦਕੋਟ ਲਿਆ ਕੇ ਪੁੱਛਗਿੱਛ ਕਰੇਗੀ।
---
ਗਿਰੋਹ ਦੇ ਹੋਰ ਮੈਂਬਰਾਂ ਦੀ ਵੀ ਕੀਤੀ ਜਾ ਰਹੀ ਹੈ ਜਾਂਚ
ਪੁਲਿਸ ਨੇ ਦੋਵਾਂ ਗ੍ਰਿਫ਼ਤਾਰ ਮੁਲਜ਼ਮਾਂ ਖ਼ਿਲਾਫ਼ ਥਾਣਾ ਸਿਟੀ ਫਰੀਦਕੋਟ ਵਿੱਚ ਆਰਮਜ਼ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਇਸ ਪੂਰੇ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਅਤੇ ਸੰਭਾਵਿਤ ਅੰਤਰਰਾਸ਼ਟਰੀ ਸੰਪਰਕਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ ਤਾਂ ਜੋ ਹਥਿਆਰਾਂ ਦੀ ਸਪਲਾਈ ਦੇ ਸਰੋਤ ਅਤੇ ਗਿਰੋਹ ਦੇ ਹੋਰ ਮੈਂਬਰਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ।