ਫਰੀਦਕੋਟ ’ਚ ਹਸਪਤਾਲ ਤੋਂ ਸੁਰੱਖਿਆ ਗਾਰਡ ਨੂੰ ਚਕਮਾ ਦੇ ਕੇ ਭੱਜਿਆ NDPS ਐਕਟ ਦਾ ਮੁਲਜ਼ਮ, ਲਾਪਰਵਾਹੀ ਦੇ ਦੋਸ਼ ਹੇਠ ਗਾਰਡ ਮੁਅੱਤਲ
ਇਸ ਮਾਮਲੇ ਦੀ ਪੁਸ਼ਟੀ ਕਰਦਿਆਂ ਜੇਲ੍ਹ ਸੁਪਰਡੈਂਟ ਇਕਬਾਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਧਰਮਕੋਟ ਵਾਸੀ ਜਗਦੀਪ ਸਿੰਘ ਦੀ ਸਿਹਤ ਖ਼ਰਾਬ ਹੋਣ ਕਾਰਨ ਉਸ ਨੂੰ ਪਿਛਲੇ ਕੁਝ ਦਿਨਾਂ ਤੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਨਿਯਮਾਂ ਅਨੁਸਾਰ ਉਸ ਦੀ ਸੁਰੱਖਿਆ ਲਈ ਗਾਰਡ ਵੀ ਤਾਇਨਾਤ ਕੀਤੇ ਗਏ ਸਨ।
Publish Date: Mon, 23 Nov 2026 12:05 PM (IST)
Updated Date: Mon, 23 Nov 2026 12:14 PM (IST)
ਸ਼ਿਵ ਕੁਮਾਰ, ਪੰਜਾਬੀ ਜਾਗਰਣ, ਫਰੀਦਕੋਟ। ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਇਲਾਜ ਅਧੀਨ ਕੇਂਦਰੀ ਮਾਡਰਨ ਜੇਲ੍ਹ ਦਾ ਇੱਕ ਹਵਾਲਾਤੀ ਸੁਰੱਖਿਆ ਗਾਰਡ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਫਰਾਰ ਹੋਏ ਹਵਾਲਾਤੀ ਦੀ ਪਛਾਣ ਜਗਦੀਪ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਧਰਮਕੋਟ (ਮੋਗਾ) ਵਜੋਂ ਹੋਈ ਹੈ।
ਘਟਨਾ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੇ ਪੁਲਿਸ ਨੂੰ ਸੂਚਿਤ ਕਰਦਿਆਂ ਫਰਾਰ ਹਵਾਲਾਤੀ ਅਤੇ ਸੁਰੱਖਿਆ ਵਿੱਚ ਤਾਇਨਾਤ ਗਾਰਡ ਖ਼ਿਲਾਫ਼ ਕੇਸ ਦਰਜ ਕਰਨ ਲਈ ਸ਼ਿਕਾਇਤ ਭੇਜ ਦਿੱਤੀ ਹੈ।
ਇਸ ਮਾਮਲੇ ਦੀ ਪੁਸ਼ਟੀ ਕਰਦਿਆਂ ਜੇਲ੍ਹ ਸੁਪਰਡੈਂਟ ਇਕਬਾਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਧਰਮਕੋਟ ਵਾਸੀ ਜਗਦੀਪ ਸਿੰਘ ਦੀ ਸਿਹਤ ਖ਼ਰਾਬ ਹੋਣ ਕਾਰਨ ਉਸ ਨੂੰ ਪਿਛਲੇ ਕੁਝ ਦਿਨਾਂ ਤੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਨਿਯਮਾਂ ਅਨੁਸਾਰ ਉਸ ਦੀ ਸੁਰੱਖਿਆ ਲਈ ਗਾਰਡ ਵੀ ਤਾਇਨਾਤ ਕੀਤੇ ਗਏ ਸਨ।
ਉਨ੍ਹਾਂ ਦੱਸਿਆ ਕਿ ਐਤਵਾਰ ਦੇਰ ਰਾਤ ਸੁਰੱਖਿਆ ਵਿੱਚ ਤਾਇਨਾਤ ਗਾਰਡ ਦੀ ਲਾਪਰਵਾਹੀ ਦਾ ਫਾਇਦਾ ਉਠਾ ਕੇ ਹਵਾਲਾਤੀ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ।
ਜੇਲ੍ਹ ਸੁਪਰਡੈਂਟ ਅਨੁਸਾਰ ਇਸ ਮਾਮਲੇ ਵਿੱਚ ਡਿਊਟੀ ਦੌਰਾਨ ਲਾਪਰਵਾਹੀ ਵਰਤਣ ਵਾਲੇ ਸੁਰੱਖਿਆ ਗਾਰਡ ਅਤੇ ਫਰਾਰ ਹੋਏ ਹਵਾਲਾਤੀ ਖ਼ਿਲਾਫ਼ ਕੇਸ ਦਰਜ ਕਰਵਾਉਣ ਲਈ ਸ਼ਿਕਾਇਤ ਭੇਜੀ ਗਈ ਹੈ। ਇਸ ਦੇ ਨਾਲ ਹੀ ਸਬੰਧਤ ਸੁਰੱਖਿਆ ਗਾਰਡ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਵੀ ਕਰ ਦਿੱਤਾ ਗਿਆ ਹੈ।