ਮੁੱਖ ਮੰਤਰੀ ਸਿਹਤ ਯੋਜਨਾ ਲਈ ਰਜਿਸਟ੍ਰੇਸ਼ਨ ਦਾ ਆਗਾਜ਼
‘ਆਪ’ ਦੇ ਵਲੰਟੀਅਰ ਤੇ ਪਾਰਟੀ ਮੈਂਬਰ ਹੈਲਥ ਕਾਰਡ ਲਈ ਰਜਿਸਟਰੇਸ਼ਨ ਲੋਕਾਂ ਦੇ ਘਰ ਜਾ ਕੇ ਕਰਨਗੇ : ਵਿਧਾਇਕ ਅਮੋਲਕ ਸਿੰਘ
Publish Date: Wed, 04 Feb 2026 05:57 PM (IST)
Updated Date: Thu, 05 Feb 2026 04:05 AM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਲਈ ਰਜਿਸਟਰੇਸ਼ਨ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਤਹਿਤ ਪੰਜਾਬ ਦੇ ਤਿੰਨ ਕਰੋੜ ਤੋਂ ਵੱਧ ਲੋਕਾਂ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਤੇ ਕੈਸ਼ਲੇਸ ਇਲਾਜ ਦੀ ਸਹੂਲਤ ਦਿੱਤੀ ਜਾਵੇਗੀ। ਇਹ ਗੱਲ ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੀ ਅਨੁਮਾਨ ਕੇਮਟੀ ਤੇ ਪੇਪਰ ਐਂਡ ਲਾਇਬ੍ਰੇਰੀ ਦੇ ਮੈਂਬਰ ਇੰਜੀਨੀਅਰ ਅਮੋਲਕ ਸਿੰਘ ਨੇ ਇੱਥੇ ਗੱਲਬਾਤ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦਾ ਮੁੱਖ ਮੰਤਵ ਹਰ ਵਰਗ ਦੇ ਲੋਕਾਂ ਨੂੰ ਬਿਨਾ ਕਿਸੇ ਆਰਥਿਕ ਬੋਝ ਦੇ ਉੱਚ ਪੱਧਰੀ ਸੇਵਾਵਾਂ ਪ੍ਰਦਾਨ ਕਰਨਾ ਹੈ। ਇਸ ਯੋਜਨਾ ਰਾਹੀਂ ਗਰੀਬ, ਮੱਧ ਵਰਗ ਦੇ ਲੋੜਵੰਦ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੇਗੀ। ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਯੂਥ ਸੇਵਾਵਾਂ ਕਲੱਬ ਦੇ ਮੈਂਬਰ, ਵਲੰਟੀਅਰ ਤੇ ਪਾਰਟੀ ਦੇ ਮੈਂਬਰ ਘਰ-ਘਰ ਜਾ ਕੇ ਲੋਕਾਂ ਦੀ ਰਜਿਸਟਰੇਸ਼ਨ ਕਰਨਗੇ ਅਤੇ ਹੈਲਥ ਕਾਰਡ ਲਈ ਅਪਵਾਇਟਮੈਂਟ ਸਲਿਪ ਪਿ੍ਰੰਟ ਕਰਕੇ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦੇ ਹਰੇਕ ਵਿਅਕਤੀ ਲਈ ਵੋਟਰ ਕਾਰਡ ਤੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਜਨਮ ਸਰਟੀਫਿਕੇਟ ਲਾਜ਼ਮੀ ਹੈ ਅਤੇ ਆਧਾਰ ਕਾਰਡ ਨਾਲ ਮੋਬਾਈਲ ਨੰਬਰ ਲਿੰਕ ਹੋਣਾ ਚਾਹੀਦਾ ਹੈ। ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਕਿਹਾ ਕਿ ਘਰ ਤੋਂ ਮਿਲਣ ਵਾਲੀ ਰਜਿਸਟਰੇਸ਼ਨ ਸਲਿੱਪ ਨਾਲ ਲਾਭਪਾਤਰੀ ਆਪਣੇ ਪਿੰਡ ਜਾਂ ਵਾਰਡ ਦੇ ਮੈਪਡ ਸੀ.ਐੱਚ.ਸੀ. ਸੈਂਟਰ ’ਤੇ ਜਾ ਕੇ ਆਈ.ਡੀ. ਪਰੂਫ਼ ਅਤੇ ਫ਼ੋਟੋ ਦੇ ਕੇ ਮੁੱਖ ਮੰਤਰੀ ਸਿਹਤ ਬੀਮਾ ਹੈਲਥ ਕਾਰਡ ਪ੍ਰਾਪਤ ਕਰ ਸਕਦੇ ਹਨ। ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਕਿਹਾ ਕਿ ਇਸ ਯੋਜਨਾ ਤਹਿਤ ਹੈਲਥ ਕਾਰਡ ਬਣਾਉਣ ਤੋਂ ਲੈ ਕੇ ਇਲਾਜ ਦੀ ਸਾਰੀ ਪ੍ਰਕਿਰਿਆ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੀਤੀ ਜਾ ਰਹੀ ਹੈ। ਇਸ ਮੌਕੇ ਆਮ ਆਦਮੀ ਪਾਰਟੀ ਯੂਥ ਵਿੰਗ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ, ਆਲ ਪੰਜਾਬ ਟਰੱਕ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ, ਜ਼ਿਲ੍ਹਾ ਟਰਾਂਸਪੋਰਟ ਵਿੰਗ ਫ਼ਰੀਦਕੋਟ ਦੇ ਪ੍ਰਧਾਨ ਤੇ ਦੀ ਟਰੱਕ ਆਪ੍ਰੇਟਰਜ਼ ਐਸੋਸੀਏਸ਼ਨ ਜੈਤੋ ਦੇ ਪ੍ਰਧਾਨ ਐਡਵੋਕੇਟ ਹਰਸਿਮਰਨ ਸਿੰਘ ਮਲਹੋਤਰਾ ਰਾਮੇਆਣਾ ਹਾਜ਼ਰ ਸਨ।