- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ੀ: ਵਿਧਾਇਕ ਅਮੋਲਕ ਸਿੰਘ ਨੇ ਜਾਗਰੂਕਤਾ ਈ-ਰਿਕਸ਼ਿਆਂ ਨੂੰ ਦਿਖਾਈ ਹਰੀ ਝੰਡੀ

ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ-ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਾਗਰੂਕਤਾ ਗਤੀਵਿਧੀਆਂ ਨੂੰ ਹੋਰ ਤੇਜ਼ ਕਰਦਿਆਂ ਵਿਧਾਨ ਸਭਾ ਹਲਕਾ ਜੈਤੋ ਦੇ ਵਿਧਾਇਕ ਇੰਜੀ. ਅਮੋਲਕ ਸਿੰਘ ਨੇ ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਈ-ਰਿਕਸ਼ਿਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਈ-ਰਿਕਸ਼ੇ ਪਿੰਡਾਂ, ਕਸਬਿਆਂ ਅਤੇ ਸ਼ਹਿਰੀ ਵਾਰਡਾਂ ਵਿੱਚ ਜਾ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਉਣਗੇ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਜਾਗਰੂਕਤਾ ਫੈਲਾਉਣਗੇ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਇੰਜੀ. ਅਮੋਲਕ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਜੰਗੀ ਪੱਧਰ ’ਤੇ ਕੰਮ ਕਰ ਰਹੀ ਹੈ ਅਤੇ ਇਸ ਮੁਹਿੰਮ ਨੂੰ ਜਨ-ਅੰਦੋਲਨ ਦਾ ਰੂਪ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਸਰਕਾਰ ਵੱਲੋਂ ਕਈ ਵੱਡੇ ਕਦਮ ਚੁੱਕੇ ਗਏ ਹਨ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੀ ਇਲਾਕੇ ਵਿੱਚ ਨਸ਼ਿਆਂ ਦੀ ਵਿਕਰੀ ਜਾਂ ਤਸਕਰੀ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਪੁਲਿਸ ਜਾਂ ਪ੍ਰਸ਼ਾਸਨ ਨਾਲ ਸਾਂਝੀ ਕੀਤੀ ਜਾਵੇ। ਅਜਿਹੀ ਹਰ ਸੂਚਨਾ ’ਤੇ ਤੁਰੰਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਦੀ ਭਾਗੀਦਾਰੀ ਵੀ ਬਹੁਤ ਜ਼ਰੂਰੀ ਹੈ। ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ, ਸਿੱਖਿਆ, ਰੁਜ਼ਗਾਰ ਅਤੇ ਸਮਾਜਿਕ ਜਾਗਰੂਕਤਾ ਨੂੰ ਪ੍ਰੋਤਸਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਮਕਸਦ ਸਿਰਫ਼ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਨਾ ਹੀ ਨਹੀਂ, ਸਗੋਂ ਸਮਾਜ ਵਿੱਚ ਨਸ਼ਿਆਂ ਪ੍ਰਤੀ ਜਾਗਰੂਕਤਾ ਪੈਦਾ ਕਰਕੇ ਇੱਕ ਸਿਹਤਮੰਦ ਅਤੇ ਸੁਰੱਖਿਅਤ ਪੰਜਾਬ ਦੀ ਉਸਾਰੀ ਕਰਨਾ ਵੀ ਹੈ। ਇਸ ਮੌਕੇ ਨਸ਼ਾ ਮੁਕਤੀ ਮੋਰਚਾ ਹਲਕਾ ਜੈਤੋ ਦੇ ਕੋਆਰਡੀਨੇਟਰ ਮੱਖਣ ਸਿੰਘ ਝੱਖੜਵਾਲਾ, ਬਲਾਕ ਕੋਆਰਡੀਨੇਟਰ ਇੰਦਰਜੀਤ ਸਿੰਘ ਝੱਖੜਵਾਲਾ, ਕੌਂਸਲਰ ਨਰਿੰਦਰਪਾਲ ਸਿੰਘ ਰਾਮੇਆਣਾ, ਕੌਂਸਲਰ ਬੇਅੰਤ ਸਿੰਘ ‘ਰਾਜੂ ਸਿੱਧੂ’, ਬਲਾਕ ਸੰਮਤੀ ਮੈਂਬਰ ਚਰਨਜੀਵ ਸਿੰਘ ‘ਟੋਨੀ ਢਿੱਲੋਂ’ ਦਬੜ੍ਹੀਖਾਨਾ, ਸਰਪੰਚ ਹਰਦੀਪਕ ਸਿੰਘ ਢਿੱਲੋਂ ਗੋਬਿੰਦਗੜ੍ਹ (ਦਬੜ੍ਹੀਖਾਨਾ), ਸਰਪੰਚ ਹਰਜੀਤ ਸਿੰਘ ਬਰਾੜ ਸਿਬੀਆਂ, ਸਰਪੰਚ ਧਰਮਪਾਲ ਸਿੰਘ ਗੁਰੂਸਰ, ਸਰਪੰਚ ਜਸਪਾਲ ਸਿੰਘ ਗੋਰਾ ਕਰੀਰਵਾਲੀ, ਸਰਪੰਚ ਸਾਧੂ ਸਿੰਘ, ਦਵਿੰਦਰ ਸਿੰਘ ਮੜ੍ਹਾਕ, ਗੁਰਧੀਰ ਸਿੰਘ ਘਣੀਆਂ, ਗੁਰਵਿੰਦਰ ਸਿੰਘ ਬੁਰਜ਼ ਹਰੀ ਕਾ, ਹਰਜੀਤ ਸਿੰਘ ਬਾਜਾਖਾਨਾ, ਨਿਰਮਲ ਸਿੰਘ ਰਾਮੂਵਾਲਾ (ਡੇਲਿਆਂਵਾਲੀ), ਫੀਲਡ ਐਗਜ਼ੀਕਿਊਟਿਵ ਵਿਜੇ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਪੰਚ, ਸਰਪੰਚ, ਸਮਾਜ ਸੇਵੀ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।