- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫ਼ਰੀਦਕੋਟ ਵਿੱਚ ‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ’ ਹੋਈ ਹੋਰ ਤੇਜ਼, ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦਾ ਅਹਿਦ

ਭੋਲਾ ਸ਼ਰਮਾ (ਪੱਤਰ ਪ੍ਰੇਰਕ), ਪੰਜਾਬੀ ਜਾਗਰਣ, ਜੈਤੋ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ’ ਨੂੰ ਹੋਰ ਮਜ਼ਬੂਤੀ ਅਤੇ ਤੇਜ਼ੀ ਨਾਲ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਸਬੰਧੀ ਵਿਧਾਨ ਸਭਾ ਹਲਕਾ ਫ਼ਰੀਦਕੋਟ ਦੇ ਅਹੁਦੇਦਾਰਾਂ ਦੀ ਇਕ ਮਹੱਤਵਪੂਰਨ ਮੀਟਿੰਗ ਸੀਨੀਅਰ ਪੁਲਿਸ ਕਪਤਾਨ (ਐੱਸ.ਐੱਸ.ਪੀ.) ਫ਼ਰੀਦਕੋਟ ਗੁਰਬੰਸ ਸਿੰਘ ਬੈਂਸ (ਪੀ.ਪੀ.ਐੱਸ.) ਨਾਲ ਉਨ੍ਹਾਂ ਦੇ ਮੁੱਖ ਦਫ਼ਤਰ ਵਿਖੇ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੀ ਅਗਵਾਈ ਨਗਰ ਸੁਧਾਰ ਟਰੱਸਟ ਫ਼ਰੀਦਕੋਟ ਦੇ ਚੇਅਰਮੈਨ ਤੇ ਨਸ਼ਾ ਮੁਕਤੀ ਮੋਰਚਾ ਮਾਲਵਾ ਸੈਂਟਰ ਦੇ ਇੰਚਾਰਜ ਗਗਨਦੀਪ ਸਿੰਘ ਧਾਲੀਵਾਲ ਵੱਲੋਂ ਕੀਤੀ ਗਈ, ਜਦਕਿ ਨਸ਼ਾ ਮੁਕਤੀ ਮੋਰਚਾ ਜ਼ਿਲ੍ਹਾ ਫ਼ਰੀਦਕੋਟ ਦੇ ਇੰਚਾਰਜ ਤੇ ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਸਾਬਕਾ ਪ੍ਰਧਾਨ ਪ੍ਰੋ. ਗੁਰਸੇਵਕ ਸਿੰਘ ਨੇ ਇਸ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿੱਚ ਨਸ਼ਿਆਂ ਦੇ ਖ਼ਿਲਾਫ਼ ਚੱਲ ਰਹੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ, ਪਿੰਡ ਪੱਧਰ ’ਤੇ ਜਾਗਰੂਕਤਾ ਵਧਾਉਣ ਅਤੇ ਤਸਕਰੀ ਦੇ ਨੈੱਟਵਰਕ ਨੂੰ ਜੜ੍ਹੋਂ ਖ਼ਤਮ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਐੱਸ.ਐੱਸ.ਪੀ. ਗੁਰਬੰਸ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਇਸ ਮੁਹਿੰਮ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਹਰ ਸ਼ਿਕਾਇਤ ਨੂੰ ਤੁਰੰਤ ਕਾਰਵਾਈ ਲਈ ਲਿਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਮਾਜ ਦੇ ਸਹਿਯੋਗ ਤੋਂ ਬਿਨਾਂ ਨਸ਼ਿਆਂ ਖ਼ਿਲਾਫ਼ ਜੰਗ ਅਧੂਰੀ ਹੈ, ਇਸ ਲਈ ਜਨਤਾ ਅਤੇ ਸਮਾਜਿਕ ਸੰਸਥਾਵਾਂ ਦੀ ਭੂਮਿਕਾ ਬਹੁਤ ਅਹਿਮ ਹੈ। ਉਨ੍ਹਾਂ ਅਹੁਦੇਦਾਰਾਂ ਨੂੰ ਭਰੋਸਾ ਦਿਵਾਇਆ ਕਿ ਪੁਲਿਸ ਵੱਲੋਂ ਨਸ਼ਾ ਵਿਰੋਧੀ ਕਾਰਵਾਈਆਂ ਵਿੱਚ ਕੋਈ ਢਿੱਲ ਨਹੀਂ ਵਰਤੀ ਜਾਵੇਗੀ। ਇਸ ਮੌਕੇ ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ’ ਨੂੰ ਪਿੰਡ ਪੱਧਰ ਤੱਕ ਲੈ ਜਾਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਜਾਲ ਤੋਂ ਬਚਾਉਣ ਲਈ ਸਮਾਜਿਕ ਸੰਸਥਾਵਾਂ, ਪ੍ਰਸ਼ਾਸਨ ਅਤੇ ਲੋਕਾਂ ਦੀ ਸਾਂਝੀ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਨਸ਼ਾ ਮੁਕਤੀ ਮੋਰਚਾ ਪੂਰੀ ਤਨਦੇਹੀ ਨਾਲ ਸਰਕਾਰ ਦੀ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਵੇਗਾ। ਇਸ ਮੌਕੇ ਪ੍ਰੋ. ਗੁਰਸੇਵਕ ਸਿੰਘ ਫ਼ਰੀਦਕੋਟ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਸਿਰਫ਼ ਕਾਨੂੰਨੀ ਨਹੀਂ, ਸਗੋਂ ਇੱਕ ਸਮਾਜਿਕ ਚੁਣੌਤੀ ਹੈ, ਜਿਸਦਾ ਹੱਲ ਜਾਗਰੂਕਤਾ ਅਤੇ ਲਗਾਤਾਰ ਲੋਕ-ਭਾਗੀਦਾਰੀ ਨਾਲ ਹੀ ਸੰਭਵ ਹੈ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਮੋਰਚਾ ਜ਼ਿਲ੍ਹੇ ਦੇ ਹਰ ਪਿੰਡ ਅਤੇ ਵਾਰਡ ਵਿੱਚ ਜਾ ਕੇ ਲੋਕਾਂ ਨੂੰ ਜਾਗਰੂਕ ਕਰੇਗਾ ਅਤੇ ਨਸ਼ਾ ਵਿਰੋਧੀ ਮੁਹਿੰਮ ਨੂੰ ਇਕ ਮਜ਼ਬੂਤ ਜਨ ਅੰਦੋਲਨ ਬਣਾਉਣ ਲਈ ਵਚਨਬੱਧ ਹੈ। ਇਸ ਮੌਕੇ ਐੱਸ.ਐੱਸ.ਪੀ. ਫ਼ਰੀਦਕੋਟ ਅਤੇ ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ ਵੱਲੋਂ ਨਸ਼ਾ ਮੁਕਤੀ ਮੋਰਚਾ ਹਲਕਾ ਫ਼ਰੀਦਕੋਟ ਦੇ ਅਹੁਦੇਦਾਰਾਂ ਨੂੰ ਆਈਡੀ ਕਾਰਡ ਵੀ ਸੌਂਪੇ ਗਏ। ਇਹ ਕਦਮ ਮੁਹਿੰਮ ਵਿੱਚ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੇ ਕਾਰਕੁਨਾਂ ਦੀ ਭੂਮਿਕਾ ਨੂੰ ਹੋਰ ਸੁਚਾਰੂ ਅਤੇ ਪ੍ਰਭਾਵਸ਼ਾਲੀ ਬਣਾਉਣ ਵੱਲ ਇੱਕ ਮਹੱਤਵਪੂਰਨ ਪਹਿਲ ਵਜੋਂ ਦੇਖਿਆ ਜਾ ਰਿਹਾ ਹੈ। ਮੀਟਿੰਗ ਵਿੱਚ ਨਸ਼ਾ ਮੁਕਤੀ ਮੋਰਚਾ ਜ਼ਿਲ੍ਹਾ ਫ਼ਰੀਦਕੋਟ ਦੇ ਵਾਈਸ ਕੋਆਰਡੀਨੇਟਰ ਮਨਪ੍ਰੀਤ ਸਿੰਘ, ਹਲਕਾ ਵਾਈਸ ਕੋਆਰਡੀਨੇਟਰ ਉੱਤਮ ਸਿੰਘ ਡੋਡ, ਹਲਕਾ ਵਾਈਸ ਕੋਆਰਡੀਨੇਟਰ ਬਲਤੇਜ ਸਿੰਘ, ਪ੍ਰੀਤਮ ਸਿੰਘ ਭਾਣਾ ਸਮੇਤ ਸਮੂਹ ਬਲਾਕ ਕੋਆਰਡੀਨੇਟਰਾਂ ਨੇ ਸਰਗਰਮ ਹਿੱਸਾ ਲਿਆ ਅਤੇ ਮੁਹਿੰਮ ਨੂੰ ਪਿੰਡ-ਪਿੰਡ ਤੱਕ ਲੈ ਜਾਣ ਦਾ ਅਹਿਦ ਦੁਹਰਾਇਆ। ਮੀਟਿੰਗ ਦੇ ਅੰਤ ਵਿੱਚ ਸਾਰੇ ਅਹੁਦੇਦਾਰਾਂ ਨੇ ਸਾਂਝੇ ਤੌਰ ’ਤੇ ਨਸ਼ਾ ਮੁਕਤ ਪੰਜਾਬ ਬਣਾਉਣ ਦੇ ਸੰਕਲਪ ਨੂੰ ਦੁਹਰਾਉਂਦੇ ਹੋਏ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦਾ ਆਹਵਾਨ ਕੀਤਾ।