- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਤ ਰਿਸ਼ੀ ਰਾਮ ਨੂੰ ਇੰਦਰਜੀਤ ਸਿੰਘ ਖਾਲਸਾ ਯਾਦਗਾਰੀ ਪੁਰਸਕਾਰ ਮਿਲਣ ’ਤੇ ਭਰਵਾਂ ਸਵਾਗਤ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜੈਤੋ : ਸਮਾਜ ਭਲਾਈ ਦੇ ਖੇਤਰ ਵਿੱਚ ਲੰਮੇ ਸਮੇਂ ਤੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਲਈ ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਸੁਸਾਇਟੀ ਜੈਤੋ ਦੇ ਸੰਚਾਲਕ ਸੰਤ ਰਿਸ਼ੀ ਰਾਮ ਨੂੰ ਬੀਤੇ ਦਿਨੀਂ ਬਾਬਾ ਫ਼ਰੀਦ ਆਗਮਨ ਪੁਰਬ ਮੌਕੇ ਇੰਦਰਜੀਤ ਸਿੰਘ ਖਾਲਸਾ ਯਾਦਗਾਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਮਿਲਣ ਉਪਰੰਤ ਇਲਾਕੇ ਦੀਆਂ ਵੱਖ-ਵੱਖ ਸ਼ਖ਼ਸੀਅਤਾਂ ਵੱਲੋਂ ਸੰਤ ਰਿਸ਼ੀ ਰਾਮ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਹਲਕਾ ਜੈਤੋ ਦੇ ਸੀਨੀਅਰ ਕਾਂਗਰਸੀ ਆਗੂ ਦਰਸ਼ਨ ਸਿੰਘ ਢਿੱਲਵਾਂ ਨੇ ਕਿਹਾ ਕਿ ਸੰਤ ਰਿਸ਼ੀ ਰਾਮ ਨੂੰ ਮਿਲਿਆ ਇਹ ਸਨਮਾਨ ਪੂਰੇ ਇਲਾਕੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸਮਾਜ ਸੇਵਾ ਦੇ ਖੇਤਰ ਵਿੱਚ ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਪਛਾਣ ਹੁਣ ਦੇਸ਼-ਵਿਦੇਸ਼ ਤੱਕ ਬਣੀ ਹੈ। ਉਨ੍ਹਾਂ ਕਿਹਾ ਕਿ ਸੰਤ ਰਿਸ਼ੀ ਰਾਮ ਨੂੰ ਸਨਮਾਨ ਮਿਲਣ ਨਾਲ ਹਲਕਾ ਜੈਤੋ ਦੇ ਵਸਨੀਕਾਂ ਵਿੱਚ ਖੁਸ਼ੀ ਦੀ ਲਹਿਰ ਹੈ ਅਤੇ ਇਲਾਕੇ ਦੀਆਂ ਵੱਖ-ਵੱਖ ਸ਼ਖ਼ਸੀਅਤਾਂ ਵੱਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਜਾ ਰਹੀ ਹੈ। ਦਰਸ਼ਨ ਸਿੰਘ ਢਿੱਲਵਾਂ ਨੇ ਕਿਹਾ ਕਿ ਇਹ ਇਲਾਕੇ ਲਈ ਵੀ ਮਾਣ ਵਾਲੀ ਗੱਲ ਹੈ ਕਿ ਇੱਥੋਂ ਦੀ ਸੰਸਥਾ ਵੱਲੋਂ ਨਿਰੰਤਰ ਸਮਾਜ ਸੇਵਾ ਦੇ ਕਾਰਜ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਕਾਰਜਾਂ ਨੂੰ ਵੱਡੇ ਪੱਧਰ ’ਤੇ ਮਾਨਤਾ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਸਮਾਜ ਦੀ ਭਲਾਈ ਲਈ ਕੀਤੇ ਜਾਣ ਵਾਲੇ ਅਜਿਹੇ ਕਾਰਜ ਹੋਰਨਾਂ ਲੋਕਾਂ ਨੂੰ ਵੀ ਸੇਵਾ ਲਈ ਪ੍ਰੇਰਿਤ ਕਰਦੇ ਹਨ। ਇਸ ਮੌਕੇ ਰਾਜਵਿੰਦਰ ਸਿੰਘ ਭੁੱਲਰ ਰੋੜੀਕਪੂਰਾ, ਜਗਦੀਸ਼ ਸਿੰਘ ਘਣੀਆਂ ਸਾਬਕਾ ਚੇਅਰਮੈਨ, ਭਗਵੰਤ ਸਿੰਘ ਚੈਨਾ ਸਾਬਕਾ ਸਰਪੰਚ, ਜਸਵਿੰਦਰ ਸਿੰਘ ਪਟਵਾਰੀ ਰੋੜੀਕਪੂਰਾ, ਸ਼ਿੰਦਰ ਸਿੰਘ ਡੋਡ ਸਰਪੰਚ ਅਤੇ ਹਰਭਜਨ ਸਿੰਘ ਸੇਵੇਵਾਲਾ ਸਮੇਤ ਹੋਰਨਾਂ ਪਤਵੰਤੇ ਸੱਜਣਾਂ ਨੇ ਸੰਤ ਰਿਸ਼ੀ ਰਾਮ ਨੂੰ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ।