ਘਰੇਲੂ ਕਲੇਸ਼ ਨੇ ਲਈ ਜਾਨ: ਪਤੀ ਵੱਲੋਂ ਤੇਜ਼ਧਾਰ ਕਿਰਚ ਨਾਲ ਹਮਲਾ ਕਰਕੇ ਪਤਨੀ ਦਾ ਬੇਰਹਿਮੀ ਨਾਲ ਕਤਲ
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਦਰ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਪਿੰਡ ਕੁਹਾਰ ਵਾਲਾ ਨਿਵਾਸੀ ਗੁਰਜੰਟ ਸਿੰਘ ਦਾ ਆਪਣੀ ਪਤਨੀ ਸਰਬਜੀਤ ਕੌਰ ਨਾਲ ਘਰੇਲੂ ਕਲੇਸ਼ ਚੱਲਦਾ ਰਹਿੰਦਾ ਸੀ। ਦੋਵਾਂ ਦੇ ਦੋ ਕੁੜੀਆਂ ਅਤੇ ਇੱਕ ਮੁੰਡਾ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰਜੰਟ ਸਿੰਘ ਅਕਸਰ ਸ਼ਰਾਬ ਦੇ ਨਸ਼ੇ ਵਿੱਚ ਆਪਣੀ ਪਤਨੀ ਨਾਲ ਕੁੱਟਮਾਰ ਕਰਦਾ ਸੀ।
Publish Date: Sun, 20 Sep 2026 03:41 PM (IST)
Updated Date: Sun, 20 Sep 2026 03:44 PM (IST)
ਸ਼ਿਵ ਸ਼ਰਮਾ, ਪੰਜਾਬੀ ਜਾਗਰਣ, ਫ਼ਰੀਦਕੋਟ। ਕੋਟਕਪੂਰਾ ਦੇ ਪਿੰਡ ਕੁਹਾਰ ਵਾਲਾ ਵਿਖੇ ਘਰੇਲੂ ਕਲੇਸ਼ ਦੇ ਚੱਲਦਿਆਂ ਇੱਕ ਵਿਅਕਤੀ ਵੱਲੋਂ ਆਪਣੀ ਪਤਨੀ ਦਾ ਤੇਜ਼ਧਾਰ ਕਿਰਚ ਨਾਲ ਵਾਰ ਕਰਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ 30 ਸਾਲਾ ਸਰਬਜੀਤ ਕੌਰ ਵਜੋਂ ਹੋਈ ਹੈ।
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਦਰ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਪਿੰਡ ਕੁਹਾਰ ਵਾਲਾ ਨਿਵਾਸੀ ਗੁਰਜੰਟ ਸਿੰਘ ਦਾ ਆਪਣੀ ਪਤਨੀ ਸਰਬਜੀਤ ਕੌਰ ਨਾਲ ਘਰੇਲੂ ਕਲੇਸ਼ ਚੱਲਦਾ ਰਹਿੰਦਾ ਸੀ। ਦੋਵਾਂ ਦੇ ਦੋ ਕੁੜੀਆਂ ਅਤੇ ਇੱਕ ਮੁੰਡਾ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰਜੰਟ ਸਿੰਘ ਅਕਸਰ ਸ਼ਰਾਬ ਦੇ ਨਸ਼ੇ ਵਿੱਚ ਆਪਣੀ ਪਤਨੀ ਨਾਲ ਕੁੱਟਮਾਰ ਕਰਦਾ ਸੀ।
ਬੀਤੀ ਰਾਤ ਵੀ ਦੋਵਾਂ ਵਿਚਕਾਰ ਝਗੜਾ ਹੋਇਆ ਅਤੇ ਗੁਰਜੰਟ ਸਿੰਘ ਵੱਲੋਂ ਆਪਣੀ ਪਤਨੀ ਨਾਲ ਕੁੱਟਮਾਰ ਕੀਤੀ ਗਈ। ਇਸ ਤੋਂ ਬਾਅਦ ਸਰਬਜੀਤ ਕੌਰ ਆਪਣੇ ਗੁਆਂਢੀਆਂ ਦੇ ਘਰ ਚਲੀ ਗਈ ਅਤੇ ਉੱਥੇ ਹੀ ਰਾਤ ਨੂੰ ਸੌਂ ਗਈ। ਦੱਸਿਆ ਜਾ ਰਿਹਾ ਹੈ ਕਿ ਅੱਧੀ ਰਾਤ ਦੇ ਕਰੀਬ ਗੁਰਜੰਟ ਸਿੰਘ ਛੱਤ ਦੇ ਰਸਤੇ ਗੁਆਂਢੀਆਂ ਦੇ ਘਰ ਵਿੱਚ ਦਾਖਲ ਹੋ ਗਿਆ ਅਤੇ ਉੱਥੇ ਸੁੱਤੀ ਪਈ ਆਪਣੀ ਪਤਨੀ ’ਤੇ ਤੇਜ਼ਧਾਰ ਕਿਰਚ ਨਾਲ ਹਮਲਾ ਕਰ ਦਿੱਤਾ। ਹਮਲੇ ਦੌਰਾਨ ਉਸ ਨੇ ਸਰਬਜੀਤ ਕੌਰ ’ਤੇ ਕਈ ਵਾਰ ਕੀਤੇ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਸਦਰ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਮ੍ਰਿਤਕਾ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ, ਫਰੀਦਕੋਟ ਭੇਜ ਦਿੱਤਾ।
ਥਾਣਾ ਸਦਰ ਦੇ ਐੱਸ.ਐੱਚ.ਓ. ਸਿਕੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਮਾਮਲਾ ਦਰਜ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।