ਹਰਪ੍ਰੀਤ ਸਿੰਘ ਚਾਨਾ, ਫ਼ਰੀਦਕੋਟ : ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੀ ਮਹਿਲਾ ਡਾਕਟਰ ਵੱਲੋਂ ਯੂਨੀਵਰਸਿਟੀ ਦੇ ਇਕ ਸੀਨੀਅਰ ਡਾਕਟਰ ਅਤੇ ਇਕ ਸੀਨੀਅਰ ਅਧਿਕਾਰੀ 'ਤੇ ਲਾਏ ਜਿਣਸੀ ਸ਼ੋਸ਼ਣ ਦੇ ਦੋਸ਼ਾਂ ਦੀ ਤੱਥ ਖੋਜ ਰਿਪੋਰਟ ਜਨਤਕ ਕਰਦਿਆਂ ਜਮਹੂਰੀ ਅਧਿਕਾਰ ਸਭਾ ਨੇ ਕਿਹਾ ਕਿ ਮਹਿਲਾ ਡਾਕਟਰ ਵੱਲੋਂ ਲਾਏ ਗਏ ਦੋਸ਼ ਬਿਲਕੁਲ ਦਰੁਸਤ ਹਨ ਤੇ ਵਾਈਸ ਚਾਂਸਲਰ ਨੇ ਪੀੜਤ ਡਾਕਟਰ ਨੂੰ ਇਨਸਾਫ਼ ਦੇਣ ਦੀ ਥਾਂ ਉਲਟਾ ਉਨ੍ਹਾਂ ਨੂੰ ਹੀ ਵਿਭਾਗੀ ਮਾਮਲਿਆਂ ਵਿਚ ਉਲਝਾਉਣ ਦੀ ਕੋਸ਼ਿਸ਼ ਕੀਤੀ ਹੈ। ਇਹ ਰਿਪੋਰਟ ਉਹ ਜ਼ਿਲ੍ਹਾ ਪੁਲਿਸ ਮੁਖੀ ਅਤੇ ਡਿਪਟੀ ਕਮਿਸ਼ਨਰ ਨੂੰ ਸੌਂਪਣਗੇ।

ਸਭਾ ਦੇ ਸੂਬਾਈ ਜਨਰਲ ਸਕੱਤਰ ਪ੍ਰੋ. ਜਗਮੋਹਨ ਸਿੰਘ, ਪ੍ਰੋ. ਏਕੇ ਮਲੇਰੀ, ਵਿਧੀ ਸ਼ੇਖਰ ਭਾਰਦਵਾਜ, ਡਾ. ਅਜੀਤਪਾਲ ਸਿੰਘ ਅਤੇ ਬੱਗਾ ਸਿੰਘ ਨੇ ਕਿਹਾ ਕਿ ਵਾਈਸ ਚਾਂਸਲਰ ਮਹਿਲਾ ਡਾਕਟਰ ਨੂੰ ਇਨਸਾਫ਼ ਦੇਣ ਦੀ ਥਾਂ ਕਸੂਰਵਾਰਾਂ ਨੂੰ ਬਚਾਉਣ ਲਈ ਯਤਨ ਕਰਦੇ ਆ ਰਹੇ ਹਨ। ਪ੍ਰੋ. ਜਗਮੋਹਨ ਸਿੰਘ ਨੇ ਰਿਪਰੋਟ ਵਿਚ ਸਪੱਸ਼ਟ ਕੀਤਾ ਹੈ ਕਿ ਯੂਨੀਵਰਸਿਟੀ 'ਚ ਕੰਮਕਾਰ ਕਰਨ ਵਾਲੀਆਂ ਔਰਤਾਂ ਨੂੰ ਸੁਰੱਖਿਆ ਦੇਣ ਲਈ ਕੋਈ ਪ੍ਰਬੰਧ ਨਹੀਂ। ਰਿਪੋਰਟ ਅਨੁਸਾਰ ਜਿਸ ਡਾਕਟਰ ਖ਼ਿਲਾਫ਼ ਜਿਣਸੀ ਸ਼ੋਸ਼ਣ ਦੇ ਦੋਸ਼ ਲੱਗੇ ਹਨ, ਉਸ ਡਾਕਟਰ ਖ਼ਿਲਾਫ਼ ਪਹਿਲਾਂ ਵੀ ਦੋ ਗੰਭੀਰ ਸ਼ਿਕਾਇਤਾਂ ਯੂਨੀਵਰਸਿਟੀ ਕੋਲ ਆਈਆਂ ਹਨ। ਲਿਖਤੀ ਸ਼ਿਕਾਇਤਾਂ ਅਤੇ ਸਬੂਤ ਮਿਲਣ ਦੇ ਬਾਵਜੂਦ ਯੂਨੀਵਰਸਿਟੀ ਨੇ ਇਸ ਡਾਕਟਰ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ। ਅਧਿਕਾਰ ਸਭਾ ਦੀ ਰਿਪੋਰਟ ਅਨੁਸਾਰ ਯੂਨੀਵਰਸਿਟੀ ਦੇ ਸਾਬਕਾ ਰਜਿਸਟਰਾਰ ਅਰਵਿੰਦ ਸ਼ਰਮਾ ਦੇ ਬਿਆਨ ਦਾ ਵੀ ਜ਼ਿਕਰ ਕੀਤਾ ਗਿਆ ਹੈ, ਜਿਸ ਨੇ ਮਹਿਲਾ ਡਾਕਟਰ ਨਾਲ ਜਿਣਸੀ ਸ਼ੋਸ਼ਣ ਅਤੇ ਹੋਰ ਧੱਕੇਸ਼ਾਹੀ ਹੋਣ ਦੀ ਪੁਸ਼ਟੀ ਕੀਤੀ ਹੈ।

ਕੀ ਕਹਿੰਦੇ ਨੇ ਉੱਚ ਅਧਿਕਾਰੀ

ਇਸ ਸਬੰਧੀ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੇ ਜਮਹੂਰੀ ਅਧਿਕਾਰ ਸਭਾ ਦੀ ਤੱਥ ਖੋਜ ਰਿਪੋਰਟ ਸਬੰਧੀ ਕੁਝ ਕਹਿਣ ਤੋਂ ਇਨਕਾਰ ਕਰ ਦਿੱਤਾ ਹੈ। ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਨੇ ਕਿਹਾ ਕਿ ਪੀੜਤਾਂ ਨੂੰ ਇਨਸਾਫ਼ ਦਿਵਾਉਣਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ, ਇਸ ਲਈ ਸਾਰੇ ਤੱਥਾਂ ਦੀ ਜਾਂਚ ਕੀਤੀ ਜਾਵੇਗੀ। ਸਪੈਸ਼ਲ ਜਾਂਚ ਕਮੇਟੀ ਦੇ ਐੱਸਪੀ ਗੁਰਮੀਤ ਕੌਰ ਨੇ ਕਿਹਾ ਕਿ ਜਿਣਸੀ ਸ਼ੋਸ਼ਣ ਮਾਮਲੇ ਦੇ ਸਾਲ 2016 ਤੋਂ ਦੋਸ਼ ਲਾਏ ਜਾ ਰਹੇ ਹਨ। ਇਸ ਲਈ ਇਸ ਮਾਮਲੇ ਦੀ ਗੰਭੀਰਤਾ ਨਾਲ ਨਿਰਪੱਖ ਜਾਂਚ ਕੀਤੀ ਜਾ ਰਹੀ ਹੈ, ਜੋ ਜਲਦ ਹੀ ਮੁਕੰਮਲ ਹੋ ਜਾਵੇਗੀ।