- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਿਸ਼ਨੰਦੀ ਤੋਂ ਜੈਤੋ ਤੱਕ 18 ਫੁੱਟ ਚੌੜੀ ਸੜਕ ਦਾ ਕੰਮ ਸ਼ੁਰੂ, ਇਲਾਕੇ ਦੇ ਲੋਕਾਂ ਦੀ ਦੋ ਦਹਾਕਿਆਂ ਪੁਰਾਣੀ ਮੰਗ ਹੋਈ ਪੂਰੀ

ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਜੈਤੋ ਤੋਂ ਬਿਸ਼ਨੰਦੀ ਤੱਕ 18 ਫੁੱਟ ਚੌੜੀ ਸੜਕ ਬਣਾਉਣ ਦਾ ਕੰਮ ਸ਼ੁਰੂ ਹੋਣ ਨਾਲ ਇਲਾਕੇ ਦੇ ਹਜ਼ਾਰਾਂ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਹੈ। ਕਰੀਬ 20 ਸਾਲਾਂ ਤੋਂ ਇਸ ਸੜਕ ਨੂੰ ਚੌੜਾ ਕਰਨ ਅਤੇ ਨਵੀਂ ਬਣਾਉਣ ਦੀ ਮੰਗ ਕੀਤੀ ਜਾ ਰਹੀ ਸੀ, ਜੋ ਹੁਣ ਅਮਲੀ ਰੂਪ ਧਾਰ ਰਹੀ ਹੈ। ਇਸ ਪ੍ਰੋਜੈਕਟ ਨਾਲ ਜੈਤੋ ਨੂੰ ਭਲਾਈਆਣਾ, ਗੋਨਿਆਣਾ ਅਤੇ ਆਸ-ਪਾਸ ਦੇ ਕਈ ਪਿੰਡਾਂ ਨਾਲ ਜੋੜਨ ਵਾਲਾ ਮੁੱਖ ਸੰਪਰਕ ਮਾਰਗ ਹੋਰ ਸੁਗਮ ਅਤੇ ਸੁਰੱਖਿਅਤ ਬਣੇਗਾ। ਇਸ ਸੜਕ ਦਾ ਲਾਭ ਕੋਠੇ ਸੰਪੂਰਨ ਸਿੰਘ ਵਾਲੇ, ਰਾਮਗੜ੍ਹ (ਭਗਤੂਆਣਾ), ਗੁੰਮਟੀ ਖੁਰਦ (ਸੇਵੇਵਾਲਾ), ਬਿਸ਼ਨੰਦੀ, ਬਰਕੰਦੀ, ਗੰਗਾ, ਦਾਨ ਸਿੰਘ ਵਾਲਾ ਅਤੇ ਅਬਰੂ ਕੋਟਲੀ ਸਮੇਤ ਕਈ ਪਿੰਡਾਂ ਦੇ ਵਸਨੀਕਾਂ ਨੂੰ ਮਿਲੇਗਾ। ਸੜਕ ਦੀ ਮਾੜੀ ਹਾਲਤ ਕਾਰਨ ਲੋਕਾਂ, ਵਿਦਿਆਰਥੀਆਂ, ਕਿਸਾਨਾਂ ਅਤੇ ਵਪਾਰੀਆਂ ਨੂੰ ਲੰਬੇ ਸਮੇਂ ਤੋਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਮੌਕੇ ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਡਾ. ਲਛਮਣ ਭਗਤੂਆਣਾ ਨੇ ਦੱਸਿਆ ਕਿ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਜੈਤੋ ਤੋਂ ਬਿਸ਼ਨੰਦੀ ਤੱਕ 18 ਫੁੱਟ ਚੌੜੀ ਸੜਕ ਮਨਜ਼ੂਰ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਸੜਕ ਦੇ ਨਿਰਮਾਣ ਨਾਲ ਆਵਾਜਾਈ ਸੁਚਾਰੂ ਹੋਵੇਗੀ ਅਤੇ ਹਾਦਸਿਆਂ ਵਿੱਚ ਵੀ ਕਮੀ ਆਵੇਗੀ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਸੜਕ ਦੇ ਦੋਵੇਂ ਪਾਸਿਆਂ ਸੋਲਰ ਸਟਰੀਟ ਲਾਈਟਾਂ ਲਗਾਈਆਂ ਜਾਣਗੀਆਂ, ਜਿਸ ਨਾਲ ਰਾਤ ਸਮੇਂ ਸਫ਼ਰ ਹੋਰ ਸੁਰੱਖਿਅਤ ਅਤੇ ਸੁਵਿਧਾਜਨਕ ਬਣੇਗਾ। ਇਸ ਮੌਕੇ ਸਮਾਜ ਸੇਵਕ ਅਤੇ ਯੂਥ ਐਵਾਰਡੀ ਡਾ. ਗੁਰਚਰਨ ਭਗਤੂਆਣਾ ਨੇ ਕਿਹਾ ਕਿ ਇਸ ਸੜਕ ਦੇ ਨਿਰਮਾਣ ਲਈ ਉਹ ਲਗਾਤਾਰ ਯਤਨਸ਼ੀਲ ਰਹੇ ਹਨ। ਉਨ੍ਹਾਂ ਕਈ ਵਾਰ ਡਿਪਟੀ ਕਮਿਸ਼ਨਰ ਫ਼ਰੀਦਕੋਟ ਅਤੇ ਪੰਜਾਬ ਮੰਡੀਕਰਨ ਬੋਰਡ ਨੂੰ ਪੱਤਰ ਲਿਖ ਕੇ ਇਸ ਮੰਗ ਨੂੰ ਉਠਾਇਆ। ਇਸ ਦੇ ਨਾਲ ਹੀ ਇਹ ਮਾਮਲਾ ਵੱਖ-ਵੱਖ ਅਖਬਾਰਾਂ ਦੀਆਂ ਸੁਰਖੀਆਂ ਵੀ ਬਣਿਆ, ਜਿਸ ਤੋਂ ਬਾਅਦ ਹੁਣ ਲੋਕਾਂ ਦੀ ਇਹ ਬਹੁਚਿਰਾਂ ਤੋਂ ਲਟਕੀ ਮੰਗ ਪੂਰੀ ਹੋ ਰਹੀ ਹੈ। ਡਾ. ਗੁਰਚਰਨ ਭਗਤੂਆਣਾ ਨੇ ਸੜਕ ਦੇ ਨਿਰਮਾਣ ਲਈ ਚੇਅਰਮੈਨ ਡਾ. ਲਛਮਣ ਭਗਤੂਆਣਾ ਅਤੇ ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਇੱਕ ਹੋਰ ਅਹਿਮ ਮੰਗ ਵੀ ਰੱਖੀ। ਉਨ੍ਹਾਂ ਕਿਹਾ ਕਿ ਇਸੇ ਸੜਕ ਤੋਂ ਪਿੰਡ ਗੁੰਮਟੀ ਖੁਰਦ (ਸੇਵੇਵਾਲਾ) ਨੂੰ ਜਾਂਦੀ ਲਿੰਕ ਸੜਕ, ਜਿਸ ਉੱਤੇ ਦੋ ਰਾਈਸ ਸ਼ੈਲਰ ਸਥਿਤ ਹਨ, ਬੁਰੀ ਤਰ੍ਹਾਂ ਖਸਤਾਹਾਲ ਹੋ ਚੁੱਕੀ ਹੈ। ਇਸ ਕਾਰਨ ਭਾਰੀ ਵਾਹਨਾਂ ਅਤੇ ਆਮ ਲੋਕਾਂ ਨੂੰ ਰੋਜ਼ਾਨਾ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਸੂਬਾ ਸਰਕਾਰ ਤੋਂ ਇਸ ਸੜਕ ਦੀ ਵੀ ਜਲਦ ਮੁਰੰਮਤ ਅਤੇ ਨਿਰਮਾਣ ਕਰਵਾਉਣ ਦੀ ਮੰਗ ਕੀਤੀ। ਇਲਾਕਾ ਵਾਸੀਆਂ ਨੇ ਉਮੀਦ ਜਤਾਈ ਹੈ ਕਿ ਸੜਕ ਦਾ ਕੰਮ ਨਿਰਧਾਰਤ ਸਮੇਂ ਅੰਦਰ ਉੱਚ ਗੁਣਵੱਤਾ ਨਾਲ ਪੂਰਾ ਕੀਤਾ ਜਾਵੇਗਾ, ਤਾਂ ਜੋ ਲੋਕਾਂ ਨੂੰ ਬਿਹਤਰ ਆਵਾਜਾਈ, ਖੇਤੀਬਾੜੀ ਉਪਜ ਦੀ ਢੁਆਈ ਅਤੇ ਰੋਜ਼ਾਨਾ ਆਵਾਜਾਈ ਵਿੱਚ ਵੱਡੀ ਰਾਹਤ ਮਿਲ ਸਕੇ।