ਅਲਾਇੰਸ ਇੰਟਰਨੈਸ਼ਨਲ ਸਕੂਲ ਜੈਤੋ ’ਚ ਵਿਸ਼ਵ ਧਰਤੀ ਦਿਵਸ ਮਨਾਇਆ
ਅਲਾਇੰਸ ਇੰਟਰਨੈਸ਼ਨਲ ਸਕੂਲ ਜੈਤੋ ’ਚ ‘ਵਿਸ਼ਵ ਧਰਤੀ ਦਿਵਸ’ ਮਨਾਇਆ
Publish Date: Fri, 24 Apr 2026 04:50 PM (IST)
Updated Date: Sat, 25 Apr 2026 04:02 AM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਅਲਾਇੰਸ ਇੰਟਰਨੈਸ਼ਨਲ ਸਕੂਲ, ਸਾਹਮਣੇ ਸ਼੍ਰੀ ਹਨੂੰਮਾਨ ਮੰਦਰ (ਪੰਚਾਇਤੀ ਗਉਸ਼ਾਲਾ ਰੋਡ) ਜੈਤੋ ਵਿਖੇ ਪ੍ਰਿੰਸੀਪਲ ਗੁਰਸੇਵਕ ਕੌਰ ਮਾਨ ਦੀ ਰਹਿਨੁਮਾਈ ਹੇਠ ‘ਵਿਸ਼ਵ ਧਰਤੀ ਦਿਵਸ’ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਧਰਤੀ ਅਤੇ ਵਾਤਾਵਰਨ ਸਬੰਧੀ ਕਵਿਤਾਵਾਂ, ਭਾਸ਼ਣ, ਗੀਤ ਆਦਿ ਪੇਸ਼ ਕੀਤੇ ਗਏ। ਇਸ ਦੌਰਾਨ ‘ਵਿਸ਼ਵ ਧਰਤੀ ਦਿਵਸ’ ਸਬੰਧੀ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਜਿਸ ਵਿਚ ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਪ੍ਰਿੰਸੀਪਲ ਗੁਰਸੇਵਕ ਕੌਰ ਮਾਨ ਨੇ ਵਿਸ਼ੇਸ਼ ਕਰਕੇ ਪੰਜਾਬ ਦੇ ਨਿੱਘਰ ਰਹੇ ਵਾਤਾਵਰਣ ਦੀ ਤਸਵੀਰ ਵਿਦਿਆਰਥੀਆਂ ਸਾਹਮਣੇ ਪੇਸ਼ ਕਰਦਿਆਂ ਕਿਹਾ ਕਿ ਜੇਕਰ ਅਸੀਂ ਵਾਤਾਵਰਣ ਦੀ ਸੰਭਾਲ ਪੱਖੋਂ ਇਉਂ ਹੀ ਅਵੇਸਲੇ ਰਹੇ ਤਾਂ ਮਨੁੱਖੀ ਜ਼ਿੰਦਗੀ ਨੂੰ ਇਸ ਦੀ ਭਾਰੀ ਕੀਮਤ ਚੁਕਾਉਣੀ ਪੈ ਸਕਦੀ ਹੈ। ਉਨ੍ਹਾਂ ਕਿਹਾ ਕਿ ਰੁੱਖਾਂ ਹੇਠਲੇ ਰਕਬੇ ਦਾ ਘਟਣਾ, ਅੰਨ੍ਹੇਵਾਹ ਕੀਟਨਾਸ਼ਕਾਂ ਦੀ ਵਰਤੋਂ, ਰਸਾਇਣਕ ਖਾਦਾਂ ਅਤੇ ਲੋਕਾਂ ਦੇ ਅਵੇਸਲੇਪਣ ਸਦਕਾ ਪੰਜਾਬ ਦਾ ਵਾਤਾਵਰਣ ਦਿਨ-ਬ-ਦਿਨ ਚਿੰਤਾਜਨਕ ਹੋ ਰਿਹਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ ਉਹ ਇਕ ਮਿਸਾਲ ਬਣ ਕੇ ਵਾਤਾਵਰਣ ਦੀ ਰਾਖੀ ਲਈ ਅੱਗੇ ਆਉਣ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਅਸ਼ਵਨੀ ਕੁਮਾਰ ਗਰਗ (ਗੋਰੀਆਂ) ਨੇ ਇਸ ਦਿਨ ਦੀ ਮੱਹਤਤਾ ਬਾਰੇ ਜਾਣੂ ਕਰਵਾਉਂਦਿਆਂ ਦੱਸਿਆ ਕਿ ਸਾਨੂੰ ਧਰਤੀ ਅਤੇ ਜਲਵਾਯੂ ਨੂੰ ਜ਼ਹਿਰੀਲਾ ਹੋਣ ਤੋਂ ਬਚਾਉਣ ਲਈ ਫ਼ਸਲਾਂ ਦੀ ਰਹਿੰਦ-ਖੂੰਹਦ ਅਤੇ ਝੋਨੇ ਦੀ ਪਰਾਲੀ ਨੂੰ ਸਾੜਨਾ ਨਹੀਂ ਚਾਹੀਦਾ। ਉਨ੍ਹਾਂ ਕਿਹਾ ਕਿ ਧਰਤੀ ਸਾਡੀ ਮਾਂ ਹੈ, ਜੋ ਸਾਡੀ ਹਰੇਕ ਲੋੜ ਪੂਰਾ ਕਰਦੀ ਹੈ ਅਤੇ ਸਾਨੂੰ ਇਸਦੀ ਪਵਿੱਤਰਤਾ ਨੂੰ ਕਾਇਮ ਰੱਖਣਾ ਚਾਹੀਦਾ ਹੈ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਨੇਜਿੰਗ ਡਾਇਰੈਕਟਰ ਗੌਰਵ ਕੁਮਾਰ ‘ਲੱਕੀ ਗਰਗ’ ਨੇ ਦੱਸਿਆ ਕਿ ਮਨੁੱਖ ਨੇ ਆਪਣੇ ਲਾਲਚ ਲਈ ਕੁਦਰਤ ਨਾਲ ਖਿਲਵਾੜ ਕਰਕੇ ਇਸਦੇ ਸੰਤੁਲਨ ਨੂੰ ਵਿਗਾੜ ਦਿੱਤਾ ਹੈ ਜਿਸ ਕਰਕੇ ਕਿਤੇ ਹੜ੍ਹ ਆਉਂਦੇ ਹਨ, ਕਿਤੇ ਸੋਕਾ ਪੈਂਦਾ ਹੈ ਅਤੇ ਕਿਤੇ ਜਵਾਲਾਮੁਖੀ ਫਟਦੇ ਹਨ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਸ਼ੋਕ ਕੁਮਾਰ ਗਰਗ, ਡਾਇਰੈਕਟਰ ਦੀਪੀ ਗਰਗ, ਮੈਂਬਰ ਜਗਮੇਲ ਸਿੰਘ ਬਰਾੜ, ਮੈਂਬਰ ਘਨੱਈਆ ਲਾਲ ਗਰਗ ਅਤੇ ਮੈਂਬਰ ਅੰਕੁਰ ਗਰਗ ਨੇ ਵੀ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਦੀ ਪ੍ਰੇਰਨਾ ਦਿੰਦਿਆ ਕਿਹਾ ਕਿ ਹਰ ਬੱਚੇ ਨੂੰ ਆਪਣੇ ਜਨਮ ਦਿਨ ’ਤੇ ਇਕ ਪੌਦਾ ਲਾਉਣ ਦਾ ਪ੍ਰਣ ਕਰਨਾ ਚਾਹੀਦਾ ਹੈ ਤਾਂ ਜੋ ਪੰਜਾਬ ਦੇ ਵਾਤਾਵਰਣ ਨੂੰ ਬਚਾਉਣ ਵਿਚ ਵੱਡਾ ਯੋਗਦਾਨ ਪਾਇਆ ਜਾ ਸਕੇ।