- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਡਿਗਰੀ ਕਾਲਜ ਮਹਿਮੂਆਣਾ ਵਿਖੇ ਵਿਸ਼ਵ ਅਧਿਆਪਕ ਦਿਵਸ ਧੂਮਧਾਮ ਨਾਲ ਮਨਾਇਆ ਗਿਆ

ਅਰਸ਼ਦੀਪ ਸੋਨੀ, ਪੰਜਾਬੀ ਜਾਗਰਣ, ਸਾਦਿਕ : ਪੰਜਾਬ ਡਿਗਰੀ ਕਾਲਜ ਮਹਿਮੂਆਣਾ ਵਿਖੇ ਵਿਸ਼ਵ ਅਧਿਆਪਕ ਦਿਵਸ ਬੜੇ ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਕਾਲਜ ਦੇ ਪ੍ਰਿੰਸੀਪਲ ਪ੍ਰੀਤਇੰਦਰ ਕੌਰ ਗੋਂਦਾਰਾ ਦੀ ਅਗਵਾਈ ਹੇਠ ਕੀਤੀ ਗਈ। ਸਮਾਗਮ ਦੌਰਾਨ ਡਾ. ਦਲਬੀਰ ਸਿੰਘ ਸਾਬਕਾ ਪ੍ਰੋਫੈਸਰ ਬ੍ਰਿਜਿੰਦਰਾ ਕਾਲਜ ਫਰੀਦਕੋਟ ਨੇ ਮੁੱਖ ਮਹਿਮਾਨ ਦੇ ਤੌਰ ’ਤੇ ਸ਼ਿਰਕਤ ਕੀਤੀ। ਪ੍ਰਿੰਸੀਪਲ ਪ੍ਰੀਤਇੰਦਰ ਕੌਰ ਗੋਂਦਾਰਾ ਨੇ ਸਮੂਹ ਅਧਿਆਪਕਾਂ ਨੂੰ ਵਿਸ਼ਵ ਅਧਿਆਪਕ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਅਧਿਆਪਕ ਕਿਸੇ ਵੀ ਸਮਾਜ ਦੇ ਨਿਰਮਾਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਹ ਵਿਦਿਆਰਥੀਆਂ ਨੂੰ ਸਿਰਫ਼ ਵਿੱਦਿਅਕ ਗਿਆਨ ਹੀ ਨਹੀਂ ਦਿੰਦੇ, ਸਗੋਂ ਉਨ੍ਹਾਂ ਦੇ ਚਰਿੱਤਰ ਨਿਰਮਾਣ, ਸੋਚ ਦੇ ਵਿਕਾਸ ਅਤੇ ਉੱਜਵਲ ਭਵਿੱਖ ਲਈ ਵੀ ਮਾਰਗ ਦਰਸ਼ਨ ਕਰਦੇ ਹਨ। ਮੁੱਖ ਮਹਿਮਾਨ ਡਾ. ਦਲਬੀਰ ਸਿੰਘ ਨੇ ਆਪਣੇ ਸੰਬੋਧਨ ਵਿੱਚ ਅਧਿਆਪਕ ਦੇ ਮਹੱਤਵ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਇੱਕ ਸਮਰਥ ਅਤੇ ਸਮਰਪਿਤ ਅਧਿਆਪਕ ਵਿਦਿਆਰਥੀ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ ਦੇ ਨਾਲ ਨਾਲ ਸਮਾਜ ਅਤੇ ਰਾਸ਼ਟਰ ਦੇ ਭਵਿੱਖ ਨੂੰ ਵੀ ਸੰਵਾਰਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਅਧਿਆਪਕਾਂ ਦਾ ਸਤਿਕਾਰ ਕਰਨ ਅਤੇ ਉਨ੍ਹਾਂ ਵੱਲੋਂ ਦਿੱਤੀ ਸਿੱਖਿਆ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਮੰਚ ਸੰਚਾਲਨ ਦੀ ਭੂਮਿਕਾ ਪ੍ਰੋਫੈਸਰ ਗੁਰਵਿੰਦਰ ਸਿੰਘ (ਅੰਗਰੇਜੀ ਵਿਭਾਗ) ਵੱਲੋਂ ਬਹੁਤ ਹੀ ਸੁਚੱਜੇ ਢੰਗ ਨਾਲ ਨਿਭਾਈ ਗਈ ਅਤੇ ਅਧਿਆਪਕਾਂ ਦੇ ਸਨਮਾਨ ਵਿੱਚ ਉਹਨਾਂ ਨੇ ਇੱਕ ਕਵਿਤਾ ਵੀ ਪੇਸ਼ ਕੀਤੀ। ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਕਵਿਤਾਵਾਂ, ਭਾਸ਼ਣ, ਭੰਗੜਾ ਅਤੇ ਹੋਰ ਸੱਭਿਆਚਾਰਕ ਗਤੀਵਿਧੀਆਂ ਰੰਗ ਬੰਨ੍ਹਿਆ ਗਿਆ। ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਪ੍ਰਤੀ ਧੰਨਵਾਦ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਵੱਲੋਂ ਮੁੱਖ ਮਹਿਮਾਨ ਡਾ. ਦਲਬੀਰ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਉਹਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਵਿਦਿਆਰਥੀਆਂ ਵੱਲੋਂ ਕਾਲਜ ਦੇ ਸਮੂਹ ਸਟਾਫ ਨੂੰ ਸਨਮਾਨਿਤ ਕੀਤਾ। ਸਮਾਗਮ ਦੇ ਅੰਤ ਵਿੱਚ ਕਾਲਜ ਦੇ ਪ੍ਰਬੰਧਕ ਕਮੇਟੀ ਨੇ ਮੁੱਖ ਮਹਿਮਾਨ, ਸਮੂਹ ਸਟਾਫ ਅਤੇ ਵਿਦਿਆਰਥੀ ਦਾ ਅਤਿ ਧੰਨਵਾਦ ਕੀਤਾ।