CM Mann ਨੇ ਵਿਰੋਧੀ ਆਗੂਆਂ 'ਤੇ ਤਨਜ਼ ਕੱਸਦਿਆਂ ਕਿਹਾ ਕਿ ਉਨ੍ਹਾਂ ਕੋਲ ਕੋਈ ਠੋਸ ਮੁੱਦਾ ਨਹੀਂ ਹੈ ਅਤੇ ਉਹ ਸਿਰਫ਼ ਨਿੱਜੀ ਹਿੱਤਾਂ ਦੀ ਰਾਜਨੀਤੀ ਕਰਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਜਨਤਾ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਵਿਕਾਸ ਕਾਰਜਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ।

ਜਾਗਰਣ ਸੰਵਾਦਦਾਤਾ, ਫ਼ਤਹਿਗੜ੍ਹ ਸਾਹਿਬ : ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਸਰਹਿੰਦ ਦੀ ਨਵੀਂ ਅਨਾਜ ਮੰਡੀ 'ਚ ਸ਼ਨਿਚਰਵਾਰ ਨੂੰ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਸ਼ਿਰਕਤ ਕੀਤੀ। ਇਸ ਦੌਰਾਨ ਸੂਬੇ 'ਚ ਸਿਹਤ ਸਹੂਲਤਾਂ ਦੇ ਵਿਸਥਾਰ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ।
ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ 'ਚ ਅੱਜ ਤੋਂ 100 ਨਵੇਂ ਮੁਹੱਲਾ ਕਲੀਨਿਕ ਸ਼ੁਰੂ ਕੀਤੇ ਜਾ ਰਹੇ ਹਨ। ਉਨ੍ਹਾਂ ਇਸ ਨੂੰ ਪਵਿੱਤਰ ਦਿਨ ਦੱਸਦਿਆਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਰਾਹੀਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ। ਉਨ੍ਹਾਂ ਮੁੱਖ ਮੰਤਰੀ ਦੀ ਬੇਟੀ ਨਿਆਮਤ ਕੌਰ ਦੇ ਜਨਮਦਿਨ ਦਾ ਜ਼ਿਕਰ ਕਰਦਿਆਂ ਜਨਤਾ ਨੂੰ ਆਸ਼ੀਰਵਾਦ ਦੇਣ ਦੀ ਅਪੀਲ ਵੀ ਕੀਤੀ।
ਕੇਜਰੀਵਾਲ ਨੇ ਦੱਸਿਆ ਕਿ ਪਿਛਲੇ ਚਾਰ ਸਾਲਾਂ 'ਚ ਪੰਜਾਬ 'ਚ 881 ਮੁਹੱਲਾ ਕਲੀਨਿਕ ਬਣਾਏ ਜਾ ਚੁੱਕੇ ਹਨ। ਹੁਣ 109 ਹੋਰ ਕਲੀਨਿਕ ਸ਼ੁਰੂ ਹੋਣ ਨਾਲ ਇਨ੍ਹਾਂ ਦੀ ਗਿਣਤੀ 990 ਹੋ ਜਾਵੇਗੀ। ਆਉਣ ਵਾਲੇ ਸਮੇਂ 'ਚ 400 ਹੋਰ ਕਲੀਨਿਕ ਖੋਲ੍ਹਣ ਦੀ ਯੋਜਨਾ ਹੈ, ਜਿਸ ਨਾਲ ਇਹ ਗਿਣਤੀ ਕਰੀਬ 1500 ਤਕ ਪਹੁੰਚ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿੱਚ ਦਵਾਈਆਂ ਦੀ ਕਮੀ ਨਹੀਂ ਹੋਣ ਦਿੱਤੀ ਜਾਂਦੀ ਅਤੇ ਇਨ੍ਹਾਂ ਦੀ ਨਿਗਰਾਨੀ ਸਿੱਧੀ ਮੁੱਖ ਮੰਤਰੀ ਦਫ਼ਤਰ ਤੋਂ ਕੀਤੀ ਜਾਂਦੀ ਹੈ।
ਆਪਣੇ ਸੰਬੋਧਨ 'ਚ ਉਨ੍ਹਾਂ ਵਿਰੋਧੀਆਂ 'ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ 'ਤੇ ਲਾਏ ਗਏ ਦੋਸ਼ ਬੇਬੁਨਿਆਦ ਸਾਬਿਤ ਹੋਏ ਹਨ। ਉਨ੍ਹਾਂ ਕਿਹਾ ਕਿ ਅਦਾਲਤ ਦੇ ਹੁਕਮਾਂ 'ਚ ਉਨ੍ਹਾਂ ਖ਼ਿਲਾਫ਼ ਕੋਈ ਠੋਸ ਸਬੂਤ ਨਹੀਂ ਮਿਲਿਆ ਅਤੇ ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਸ ਮੌਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਮ ਲੋਕਾਂ ਦੇ ਮੁੱਦਿਆਂ 'ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਰੈਲੀਆਂ 'ਚ ਸਿਹਤ, ਸਿੱਖਿਆ ਅਤੇ ਕਿਸਾਨਾਂ ਦੇ ਹੱਕਾਂ ਦੀ ਗੱਲ ਹੁੰਦੀ ਹੈ ਜਦਕਿ ਵਿਰੋਧੀ ਧਿਰਾਂ ਸਿਰਫ਼ ਸਿਆਸੀ ਦੋਸ਼ਾਂ-ਪ੍ਰਤੀਦੋਸ਼ਾਂ ਵਿੱਚ ਲੱਗੀਆਂ ਹੋਈਆਂ ਹਨ।
ਮਾਨ ਨੇ ਵਿਰੋਧੀ ਆਗੂਆਂ 'ਤੇ ਤਨਜ਼ ਕੱਸਦਿਆਂ ਕਿਹਾ ਕਿ ਉਨ੍ਹਾਂ ਕੋਲ ਕੋਈ ਠੋਸ ਮੁੱਦਾ ਨਹੀਂ ਹੈ ਅਤੇ ਉਹ ਸਿਰਫ਼ ਨਿੱਜੀ ਹਿੱਤਾਂ ਦੀ ਰਾਜਨੀਤੀ ਕਰਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਜਨਤਾ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਵਿਕਾਸ ਕਾਰਜਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ। ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਸਨ ਅਤੇ ਸਰਕਾਰ ਦੀਆਂ ਯੋਜਨਾਵਾਂ ਨੂੰ ਲੈ ਕੇ ਉਤਸ਼ਾਹ ਦੇਖਣ ਨੂੰ ਮਿਲਿਆ।