ਦਫ਼ਤਰੀ ਕਰਮਚਾਰੀਆਂ ਵੱਲੋਂ 18 ਅਪ੍ਰੈਲ ਨੂੰ ਵਿੱਤ ਮੰਤਰੀ ਦੇ ਘਰ ਬੱਚੇ ਛੱਡਣ ਦਾ ਐਲਾਨ
ਸਿੱਖਿਆ ਵਿਭਾਗ ਦੇ 1007 ਦਫ਼ਤਰੀ ਕਰਮਚਾਰੀਆਂ ਵੱਲੋਂ 18 ਅਪ੍ਰੈਲ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਘਰ ਬੱਚੇ ਛੱਡਣ ਦਾ ਐਲਾਨ
Publish Date: Mon, 13 Apr 2026 06:29 PM (IST)
Updated Date: Mon, 13 Apr 2026 06:34 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸਿੱਖਿਆ ਵਿਭਾਗ ਵਿਚ ਪਿਛਲੇ 20 ਸਾਲਾਂ ਤੋਂ ਤਨਦੇਹੀ ਨਾਲ ਸੇਵਾਵਾਂ ਨਿਭਾਉਣ ਵਾਲੇ 1007 ਦਫ਼ਤਰੀ ਕਰਮਚਾਰੀਆਂ ਨੇ ਆਪਣੀਆਂ ਤਨਖਾਹਾਂ ਤੋਂ 31000 ਰੁਪਏ ਪ੍ਰਤੀ ਮਹੀਨਾ ਦੀ ਕਟੌਤੀ ਦੇ ਰੋਸ ਵਜੋਂ 18 ਅਪ੍ਰੈਲ ਨੂੰ ਦਿੜ੍ਹਬਾ ਵਿਖੇ ਵਿੱਤ ਮੰਤਰੀ ਹਰਪਾਲ ਚੀਮਾ ਦੇ ਘਰ ਆਪਣੇ ਬੱਚੇ ਛੱਡਣ ਦਾ ਐਲਾਨ ਕੀਤਾ ਹੈ। ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਤਨਖ਼ਾਹ ਲਈ ਪੂਰਾ ਫੰਡ ਮਿਲਣ ਦੇ ਬਾਵਜੂਦ ਸੂਬਾ ਸਰਕਾਰ ਨੇ ਇਨ੍ਹਾਂ ਕਰਮਚਾਰੀਆਂ ਦੀਆਂ ਤਨਖਾਹਾਂ ਤੋਂ ਕਟੋਤੀ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਵਿਚ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਹੋਈਆਂ ਕਈ ਮੀਟਿੰਗਾਂ ਵਿਚ ਉਨ੍ਹਾਂ ਵੱਲੋਂ ਵਾਰ-ਵਾਰ ਭਰੋਸਾ ਦਿੱਤਾ ਗਿਆ ਸੀ ਕਿ ਕੋਈ ਕਟੋਤੀ ਨਹੀਂ ਹੋਵੇਗੀ ਪਰ ਇਸ ਦੇ ਉਲਟ 24 ਫਰਵਰੀ 2026 ਨੂੰ ਤਨਖਾਹ ਕਟੋਤੀ ਦੇ ਹੁਕਮ ਲਾਗੂ ਕਰ ਦਿੱਤੇ ਗਏ। ਇਸ ਤੋਂ ਬਾਅਦ ਕਰਮਚਾਰੀਆਂ ਵੱਲੋਂ ਮੋਹਾਲੀ ਵਿਖੇ ਵੱਡਾ ਇਕੱਠ ਕੀਤਾ ਗਿਆ ਅਤੇ ਚੰਡੀਗੜ੍ਹ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਮਾਰਚ ਕੀਤਾ ਗਿਆ ਜਿਸ ਵਿਚ ਪੁਲਿਸ ਵੱਲੋਂ ਜਲ ਤੋਪਾਂ ਦੀ ਵਰਤੋਂ ਵੀ ਕੀਤੀ ਗਈ। ਉਸ ਤੋਂ ਬਾਅਦ 27 ਫਰਵਰੀ ਨੂੰ ਵਿੱਤ ਮੰਤਰੀ ਨਾਲ ਮੀਟਿੰਗ ਤੈਅ ਹੋਈ ਸੀ ਜੋ ਬਾਅਦ ਵਿਚ 5 ਮਾਰਚ, 6 ਮਾਰਚ, 27 ਮਾਰਚ ਅਤੇ 10 ਅਪ੍ਰੈਲ ਨੂੰ ਲਗਾਤਾਰ ਮੁਲਤਵੀ ਕਰ ਦਿੱਤੀ ਗਈ। 10 ਅਪ੍ਰੈਲ ਨੂੰ ਵੀ ਜਦੋਂ ਕਰਮਚਾਰੀ ਮੀਟਿੰਗ ਲਈ ਪਹੁੰਚੇ ਤਾਂ ਉਨ੍ਹਾਂ ਨੂੰ ਮੁੜ ਮੁਲਤਵੀ ਕਰਨ ਦਾ ਸੰਦੇਸ਼ ਦਿੱਤਾ ਗਿਆ ਜਿਸ ਨਾਲ ਉਨ੍ਹਾਂ ਵਿਚ ਤੀਬਰ ਰੋਸ ਅਤੇ ਨਿਰਾਸ਼ਾ ਫੈਲ ਗਈ ਹੈ। ਜੁਆਇੰਟ ਐਕਸ਼ਨ ਕਮੇਟੀ ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਦੇ ਆਗੂਆਂ ਨੇ ਪ੍ਰੈੱਸ ਬਿਆਨ ਵਿਚ ਕਿਹਾ ਕਿ ਇਸ ਕਟੋਤੀ ਨਾਲ ਸਰਕਾਰ ਨੂੰ ਤਕਰੀਬਨ 23 ਕਰੋੜ ਰੁਪਏ ਦੀ ਬੱਚਤ ਹੋਵੇਗੀ ਅਤੇ ਇਸ ਰਕਮ ਨਾਲ ਖਜ਼ਾਨਾ ਭਰਨ ਦੀ ਵਿਉਂਤ ਘੜੀ ਜਾ ਰਹੀ ਹੈ। ਆਗੂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਤਨਖਾਹ ਲਈ ਬਜਟ ਪੂਰਾ ਆ ਰਿਹਾ ਹੈ ਫਿਰ ਵੀ ਸੂਬਾ ਸਰਕਾਰ ਤਨਖਾਹਾਂ ਵਧਾਉਣ ਦੀ ਬਜਾਏ ਕਟੋਤੀ ਲਗਾ ਕੇ ਖਜ਼ਾਨਾ ਭਰਨਾ ਚਾਹੁੰਦੀ ਹੈ। ਇਸ ਲਈ ਕਰਮਚਾਰੀਆਂ ਨੇ ਫੈਸਲਾ ਕੀਤਾ ਹੈ ਕਿ 18 ਅਪ੍ਰੈਲ ਨੂੰ ਉਹ ਆਪਣੇ ਬੱਚਿਆਂ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਘਰ ਛੱਡ ਕੇ ਆਉਣਗੇ।