ਕਨਵੋਕੇਸ਼ਨ ’ਚ 1146 ਨੇ ਡਿਗਰੀਆਂ ਤੇ 31 ਨੇ ਗੋਲਡ ਮੈਡਲ ਹਾਸਲ ਕੀਤੇ
ਸਾਲਾਨਾ ਕਨਵੋਕੇਸ਼ਨ ’ਚ 1146 ਨੇ ਡਿਗਰੀਆਂ ਅਤੇ 31 ਨੇ ਗੋਲਡ ਮੈਡਲ ਹਾਸਲ ਕੀਤੇ
Publish Date: Sat, 07 Mar 2026 05:15 PM (IST)
Updated Date: Sat, 07 Mar 2026 05:18 PM (IST)

- ਵਿਦਿਆਰਥੀ ਆਪਣੇ ਟੀਚਿਆਂ ਪ੍ਰਤੀ ਸਮਰਪਿਤ ਰਹਿਣ : ਡਾ. ਗਿੱਲ ਗੁਰਪ੍ਰੀਤ ਸਿੰਘ ਮਹਿਕ, ਪੰਜਾਬੀ ਜਾਗਰਣ ਫਤਹਿਗੜ੍ਹ ਸਾਹਿਬ : ਮਾਤਾ ਗੁਜਰੀ ਕਾਲਜ ਵਿਖੇ ਸਾਲਾਨਾ ਕਨਵੋਕੇਸ਼ਨ ਕਰਵਾਈ ਗਈ, ਜਿਸ ਵਿਚ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਕਨਵੋਕੇਸ਼ਨ ਦੌਰਾਨ 2023-2024 ਵਿਚ ਪੋਸਟ ਗ੍ਰੈਜੂਏਟ ਅਤੇ ਅੰਡਰ ਗ੍ਰੈਜੂਏਟ ਕੋਰਸ ਪਾਸ ਕਰਨ ਵਾਲੇ ਕੁੱਲ 1146 ਵਿਦਿਆਰਥੀਆਂ ਅਤੇ 31 ਹੋਣਹਾਰ ਵਿਦਿਆਰਥੀਆਂ ਨੂੰ ਗੋਲਡ ਮੈਡਲ ਪ੍ਰਦਾਨ ਕਰ ਕੇ ਸਨਮਾਨਿਤ ਕੀਤਾ ਗਿਆ। ਮੁੱਖ ਮਹਿਮਾਨ ਡਾ. ਪੁਸ਼ਪਿੰਦਰ ਸਿੰਘ ਗਿੱਲ ਨੇ ਡਿਗਰੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਇਸ ਗੱਲ ’ਤੇ ਵਿਸ਼ੇਸ਼ ਤੌਰ ’ਤੇ ਖੁਸ਼ੀ ਜ਼ਾਹਰ ਕੀਤੀ ਕਿ ਇਸ ਸਮਾਗਮ ਦੌਰਾਨ ਸਭ ਗੋਲਡ ਮੈਡਲ ਲੜਕੀਆਂ ਨੇ ਹਾਸਲ ਕੀਤੇ ਹਨ, ਜੋ ਇਸ ਗੱਲ ਦਾ ਪ੍ਰਮਾਣ ਹੈ ਕਿ ਅੱਜ ਦੀਆਂ ਧੀਆਂ ਹਰ ਖੇਤਰ ਵਿਚ ਅੱਗੇ ਵੱਧ ਰਹੀਆਂ ਹਨ ਅਤੇ ਸਮਾਜ ਦਾ ਨਾਮ ਰੋਸ਼ਨ ਕਰ ਰਹੀਆਂ ਹਨ। ਇਸ ਤੋਂ ਪਹਿਲਾਂ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਸਮਾਗਮ ਵਿਚ ਪਹੁੰਚੇ ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ ਕਾਲਜ ਦੀਆਂ ਅਕਾਦਮਿਕ, ਧਾਰਮਿਕ, ਸੱਭਿਆਚਾਰਕ ਅਤੇ ਖੇਡਾਂ ਦੇ ਖੇਤਰ ਵਿਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਕੀਤੀਆਂ ਸ਼ਾਨਦਾਰ ਉਪਲਬਧੀਆਂ ’ਤੇ ਚਾਨਣਾ ਪਾਇਆ। ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਕਨਵੋਕੇਸ਼ਨ ਵਿਚ ਪਹੁੰਚੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮਾਤਾ ਗੁਜਰੀ ਕਾਲਜ ਮੌਜੂਦਾ ਸਮੇਂ ਦੀਆਂ ਵਿੱਦਿਅਕ ਲੋੜਾਂ ਦੀ ਪੂਰਤੀ ਕਰਦੇ ਹੋਏ ਵਿਦਿਆਰਥੀਆਂ ਦਾ ਹਰ ਪੱਖੋਂ ਵਿਕਾਸ ਕਰਨ ਲਈ ਵਚਨਬੱਧ ਹੈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ, ਕੰਟਰੋਲਰ ਪ੍ਰੀਖਿਆਵਾਂ ਡਾ. ਹਰਜੀਤ ਸਿੰਘ, ਡਾ. ਕਮਲਪ੍ਰੀਤ ਕੌਰ, ਡਾ. ਤੇਜ਼ਿੰਦਰ ਸਿੰਘ, ਡਾ. ਜਗਪਾਲ ਸਿੰਘ, ਡਾ. ਜਗਦੀਸ਼ ਸਿੰਘ, ਡਾ. ਸੌਰਭ ਗੁਪਤਾ, ਡਾ. ਸ਼ਿਵਾਨੀ ਬੈਕਟਰ, ਗੁਰਦੀਪ ਸਿੰਘ ਨੌਲੱਖਾ, ਸਮੂਹ ਅਧਿਆਪਕ ਸਾਹਿਬਾਨ, ਪ੍ਰੈੱਸ ਦੇ ਨੁਮਾਇੰਦੇ ਅਤੇ ਪਤਵੰਤੇ ਮੌਜੂਦ ਸਨ। ਇਸ ਮੌਕੇ ਕਾਲਜ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਵਾਰ ਗਾਇਨ ਅਤੇ ਲੋਕ ਗੀਤ ਦੀ ਪੇਸ਼ਕਾਰੀ ਵੀ ਕੀਤੀ ਗਈ।