ਨੈਸ਼ਨਲ ਲੋਕ ਅਦਾਲਤ ਮੌਕੇ 12800 ਕੇਸਾਂ ਦੀ ਸੁਣਵਾਈ, 9343 ਕੇਸਾਂ ਦਾ ਨਿਪਟਾਰਾ ਅਤੇ 6 ਕਰੋੜ ਰੁਪਏ ਤੋਂ ਵੱਧ ਦੀ ਰਕਮ ਦੇ ਅਵਾਰਡ ਪਾਸ
ਨੈਸ਼ਨਲ ਲੋਕ ਅਦਾਲਤ ਮੌਕੇ 12800 ਕੇਸਾਂ ਦੀ ਸੁਣਵਾਈ, 9343 ਕੇਸਾਂ ਦਾ ਨਿਪਟਾਰਾ
Publish Date: Sat, 14 Mar 2026 05:22 PM (IST)
Updated Date: Sun, 15 Mar 2026 04:07 AM (IST)

9343 ਕੇਸਾਂ ਦਾ ਨਿਪਟਾਰਾ ਤੇ 6 ਕਰੋੜ ਰੁਪਏ ਤੋਂ ਵੱਧ ਦੀ ਰਕਮ ਦੇ ਅਵਾਰਡ ਪਾਸ ਪਰਦੀਪ ਸਿੰਘ ਢਿੱਲੋ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ਾਂਂ ਅਨੁਸਾਰ ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਵਿਜੇ ਕੁਮਾਰ ਵਧੀਕ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਫਤਹਿਗੜ੍ਹ ਸਾਹਿਬ ਦੀ ਅਗਵਾਈ ਹੇਠ ਅਸ਼ੋਕ ਕੁਮਾਰ ਚੌਹਾਨ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲ੍ਹੋਂ ਜ਼ਿਲ੍ਹਾ ਕਚਹਿਰੀਆਂ, ਅਮਲੋਹ ਅਤੇ ਖਮਾਣੋ ਦੀਆਂ ਸਬ ਡਵੀਜ਼ਨ ਪੱਧਰ ਦੀਆਂ ਕਚਹਿਰੀਆਂ ਵਿਚ ਅੱਜ ਸਾਲ ਦੀ ਪਹਿਲੀ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਨੈਸ਼ਨਲ ਲੋਕ ਅਦਾਲਤ ਦੇ 12 ਬੈਂਚਾਂ ਵੱਲ੍ਹੋਂ 12800 ਕੇਸਾਂ ਦੀ ਸੁਣਵਾਈ ਹੋਈ, ਜਿਨ੍ਹਾਂ ਵਿੱਚੋਂ 9343 ਕੇਸਾਂ ਦਾ ਨਿਪਟਾਰਾ ਦੋਵਾਂ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਕੀਤਾ ਗਿਆ ਅਤੇ ਵਿੱਤੀ ਮਾਮਲਿਆਂ ਦੇ ਕੇਸਾਂ ਵਿਚ 6 ਕਰੋੜ ਰੁਪਏ ਤੋਂ ਵੱਧ ਦੀ ਰਕਮ ਦੇ ਅਵਾਰਡ ਪਾਸ ਕੀਤੇ ਗਏ। ਇਸ ਮੌਕੇ ਵਧੀਕ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ, ਵਿਜੇ ਕੁਮਾਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਲੋਕ ਅਦਾਲਤਾਂ ਰਾਹੀਂ ਕੇਸਾਂ ਦਾ ਨਿਪਟਾਰਾ ਹੋਣ ਨਾਲ ਆਮ ਲੋਕਾਂ ਨੂੰ ਬਹੁਤ ਵੱਡੀ ਰਾਹਤ ਮਿਲਦੀ ਹੈ। ਇਹ ਨੈਸ਼ਨਲ ਲੋਕ ਅਦਾਲਤ ਸਾਲ ਦੀ ਪਹਿਲੀ ਨੈਸ਼ਨਲ ਲੋਕ ਅਦਾਲਤ ਹੈ ਜਿਸ ਵਿਚ ਲੋਕਾਂ ਨੇ ਵਧੇਰੇ ਉਤਸ਼ਾਹ ਦਿਖਾਉਂਦਿਆਂ ਵੱਧ ਚੜ੍ਹ ਕੇ ਹਿੱਸਾ ਲਿਆ। ਅਸ਼ੋਕ ਕੁਮਾਰ, ਸੀਜੇਐੱਮ ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕਿਹਾ ਕਿ ਜਿੱਥੇ ਇਨ੍ਹਾਂ ਲੋਕ ਅਦਾਲਤਾਂ ਵਿਚ ਵੱਡੀ ਗਿਣਤੀ ਵਿਚ ਅਜਿਹੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ, ਜਿਹੜੇ ਪਹਿਲਾਂ ਕਿਸੇ ਵੀ ਅਦਾਲਤ ਵਿਚ ਨਹੀਂ ਲਗਾਏ ਗਏ ਸਨ ਅਤੇ ਇਸ ਤੋਂ ਇਲਾਵਾ ਲੰਮੇ ਸਮੇਂ ਤੋਂ ਅਦਾਲਤਾਂ ਵਿਚ ਲੰਬਿਤ ਕੇਸਾਂ ਦਾ ਵੀ ਵੱਡੀ ਗਿਣਤੀ ਵਿਚ ਨਿਪਟਾਰਾ ਕੀਤਾ ਗਿਆ। ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਸ਼ੋਕ ਕੁਮਾਰ ਚੌਹਾਨ ਨੇ ਦੱਸਿਆ ਤਿਮਾਹੀ ਨੈਸ਼ਨਲ ਲੋਕ ਅਦਾਲਤਾਂ ਤੋਂ ਇਲਾਵਾ ਜ਼ਿਲ੍ਹਾ ਪੱਧਰ ’ਤੇ ਚੱਲ ਰਹੀ ਸਥਾਈ ਲੋਕ ਅਦਾਲਤ ਜਿੱਥੇ ਕਿ ਹਫਤੇ ਦੇ ਪੰਜ ਦਿਨ ਸੋਮਵਾਰ ਤੋਂ ਲੈ ਕੇ ਸ਼ੁੱਕਰਵਾਰ ਤੱਕ ਰੋਜ਼ਾਨਾ ਆਮ ਲੋਕਾਂ ਦੇ ਕੇਸ ਸੁਣੇ ਜਾਂਦੇ ਹਨ ਅਤੇ 18 ਤਰ੍ਹਾਂ ਦੀਆਂ ਜਨ-ਉਪਯੋਗੀ ਸੇਵਾਵਾਂ ਆਵਾਜਾਈ, ਬਿਜਲੀ ਸੇਵਾਵਾਂ, ਬੈਂਕਾਂ ਨਾਲ ਸਬੰਧਤ ਸੇਵਾਵਾਂ, ਬੀਮਾ ਸੇਵਾਵਾਂ, ਵੀਜ਼ੇ(ਇਮੀਗ੍ਰੇਸ਼ਨ) ਨਾਲ ਸਬੰਧਤ ਸੇਵਾਵਾਂ, ਵਿੱਤੀ ਸੇਵਾਵਾਂ, ਐਲਪੀਜੀ ਗੈਸ ਸੇਵਾਵਾਂ, ਸਿੱਖਿਆ ਸਬੰਧੀ ਸੇਵਾਵਾਂ, ਹਸਪਤਾਲਾਂ ਤੇ ਡਿਸਪੈਂਸਰੀਆਂ ਦੀਆਂ ਸਿਹਤ ਸੇਵਾਵਾਂ, ਹਾਊਸਿੰਗ ਅਤੇ ਰੀਅਲ ਅਸਟੇਟ ਦੀਆਂ ਸੇਵਾਵਾਂ, ਆਧਾਰ ਕਾਰਡ, ਰਾਸ਼ਨ ਕਾਰਡ, ਵੋਟਰ ਸ਼ਨਾਖਤੀ ਕਾਰਡ ਅਤੇ ਬੀਪੀ ਐੱਲ ਕਾਰਡ ਜਾਰੀ ਕਰਵਾਉਣ ਸਬੰਧੀ ਸੇਵਾਵਾਂ, ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ ਸਬੰਧੀ ਸੇਵਾਵਾਂ, ਸ਼ਗਨ ਸਕੀਮ ਅਤੇ ਬੇਰੁਜ਼ਗਾਰੀ ਭੱਤੇ ਸਬੰਧੀ ਸੇਵਾਵਾਂ, ਜਨਤਕ ਵੰਡ ਪ੍ਰਣਾਲੀ ਸਬੰਧੀ ਸੇਵਾਵਾਂ, ਜਨਮ ਅਤੇ ਮੌਤ ਦੀ ਰਜਿਸਟ੍ਰੇਸ਼ਨ ਨਾਲ ਸਬੰਧਤ ਸੇਵਾਵਾਂ, ਵਿਆਹ ਦੀ ਰਜਿਸਟ੍ਰੇਸ਼ਨ ਨਾਲ ਸਬੰਧਤ ਸੇਵਾਵਾਂ, ਵਾਹਨਾਂ ਦੀ ਰਜਿਸਟ੍ਰੇਸ਼ਨ ਤੇ ਡਰਾਈਵਿੰਗ ਲਾਇਸੰਸ ਜਾਰੀ ਕਰਨ ਸਬੰਧੀ ਸੇਵਾਵਾਂ, ਡਾਕਤਾਰ, ਟੈਲੀਗ੍ਰਾਫ ਜਾਂ ਟੈਲੀਫ਼ੋਨ ਸੇਵਾਵਾਂ, ਪਾਣੀ ਦੀ ਸਪਲਾਈ ਅਤੇ ਸੀਵਰੇਜ ਸਬੰਧੀ ਸੇਵਾਵਾਂ ਅਤੇ ਕੁਦਰਤੀ ਸਾਧਨਾਂ ਦੀ ਸੁਰੱਖਿਆ ਸਬੰਧੀ ਸੇਵਾਵਾਂ ਨਾਲ ਸਬੰਧਤ ਝਗੜੇ ਜਾਂ ਸ਼ਿਕਾਇਤਾਂ ਜੋ ਕਿ ਦੂਜੀਆਂ ਅਦਾਲਤਾਂ ਵਿਚ ਲੰਬਿਤ ਨਾ ਹੋਣ, ਉਨ੍ਹਾਂ ਦਾ ਸਥਾਈ ਲੋਕ ਅਦਾਲਤ ਵਿਚ ਨਿਪਟਾਰਾ ਕੀਤਾ ਜਾ ਸਕਦਾ ਹੈ।