
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮੀਰੀ-ਪੀਰੀ ਖ਼ਾਲਸਾ ਮਾਰਚ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ 200 ਐਨਐਸਐਸ ਵਲੰਟੀਅਰਾਂ ਨੇ ਲਿਆ ਭਾਗ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਫੈਕਲਟੀ ਆਫ਼ ਐਜੂਕੇਸ਼ਨ ਐਂਡ ਇਨਫਰਮੇਸ਼ਨ ਸਾਇੰਸਿਜ਼ ਤੇ ਫੈਕਲਟੀ ਆਫ਼ ਲੈਂਗੂਏਜਿਜ਼ ਦੇ ਲਗਭਗ 200 ਐੱਨਐੱਸਐੱਸ ਵਲੰਟੀਅਰਾਂ ਤੇ ਵਿਦਿਆਰਥੀਆਂ ਨੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਮੀਰੀ-ਪੀਰੀ ਖ਼ਾਲਸਾ ਮਾਰਚ ’ਚ ਉਤਸ਼ਾਹ ਨਾਲ ਹਿੱਸਾ ਲਿਆ। ਮਾਰਚ ’ਚ ਸ਼ਾਮਲ ਵਿਦਿਆਰਥੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ’ਵਰਸਿਟੀ ਦੇ ਚਾਂਸਲਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਟਰੱਸਟ ਮੈਂਬਰ ਅਮਰਦੀਪ ਸਿੰਘ ਧਰਨੀ ਵੱਲੋਂ ਆਸ਼ੀਰਵਾਦ ਤੇ ਹੱਲਾਸ਼ੇਰੀ ਮਿਲੀ। ਉਨ੍ਹਾਂ ਵਿਦਿਆਰਥੀਆਂ ਦੇ ਅਨੁਸ਼ਾਸਨ, ਸਮਰਪਣ ਤੇ ਸਿੱਖ ਰਵਾਇਤਾਂ ਪ੍ਰਤੀ ਸਤਿਕਾਰ ਦੀ ਸ਼ਲਾਘਾ ਕੀਤੀ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਪਰਿਤ ਪਾਲ ਸਿੰਘ ਨੇ ਵਿਦਿਆਰਥੀਆਂ ਦੀ ਸ਼ਮੂਲੀਅਤ ਦੀ ਪ੍ਰਸ਼ੰਸਾ ਕੀਤੀ। ਡੀਨ ਵਿਦਿਆਰਥੀ ਭਲਾਈ ਡਾ. ਸਿਕੰਦਰ ਸਿੰਘ ਨੇ ਦੱਸਿਆ ਕਿ ਮੀਰੀ-ਪੀਰੀ ਖ਼ਾਲਸਾ ਮਾਰਚ ਗੁਰਦੁਆਰਾ ਦਮਦਮਾ ਸਾਹਿਬ ਤੋਂ ਆਰੰਭ ਹੋ ਕੇ 31 ਅਗਸਤ 2026 ਨੂੰ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਪਹੁੰਚਿਆ। ਵਿਦਿਆਰਥੀਆਂ ਨੇ ਮਾਰਚ ਦੌਰਾਨ ਮੀਰੀ-ਪੀਰੀ ਦੇ ਸੰਕਲਪ, ਸਦਭਾਵਨਾ ਅਤੇ ਜ਼ਿੰਮੇਵਾਰ ਨਾਗਰਿਕਤਾ ਦੀ ਮਹੱਤਤਾ ਨੂੰ ਸਮਝਿਆ। ਐੱਨਐੱਸਐੱਸ ਪ੍ਰੋਗਰਾਮ ਕੋਆਰਡੀਨੇਟਰ ਡਾ. ਹਰਨੀਤ ਬਿਲਿੰਗ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਨੂੰ ਵਿਹਾਰਕ ਸਿੱਖਿਆ ਪ੍ਰਦਾਨ ਕਰਦੀਆਂ ਹਨ ਅਤੇ ਉਨ੍ਹਾਂ ’ਚ ਸਮਾਜ ਸੇਵਾ ਤੇ ਭਾਈਚਾਰਕ ਸਾਂਝ ਦੀ ਭਾਵਨਾ ਨੂੰ ਮਜ਼ਬੂਤ ਕਰਦੀਆਂ ਹਨ। ਯੂਨੀਵਰਸਿਟੀ ਪ੍ਰਸ਼ਾਸਨ ਨੇ ਮਾਰਚ ਨੂੰ ਸਫ਼ਲ ਬਣਾਉਣ ਵਾਲੇ ਸਮੂਹ ਵਿਦਿਆਰਥੀਆਂ ਤੇ ਵਲੰਟੀਅਰਾਂ ਦਾ ਧੰਨਵਾਦ ਕੀਤਾ।