- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੰਡੀ ਗੋਬਿੰਦਗੜ੍ਹ ਓਵਰਬ੍ਰਿਜ ਦਾ ਕੰਮ ਤੇਜ਼ ਕਰਨ ਲਈ 41 ਮੈਂਬਰੀ ਕਮੇਟੀ ਗਠਿਤ

ਮੁਕੇਸ਼ ਘਈ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਮੰਡੀ ਗੋਬਿੰਦਗੜ੍ਹ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਲਈ ਅਹਿਮ ਓਵਰਬ੍ਰਿਜ ਅਤੇ ਅੰਡਰਬ੍ਰਿਜ ਦੇ ਨਿਰਮਾਣ ਕਾਰਜ ’ਚ ਤੇਜ਼ੀ ਲਿਆਉਣ ਲਈ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ 41 ਮੈਂਬਰੀ ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ਦੀ ਖ਼ਾਸੀਅਤ ਇਹ ਹੈ ਕਿ ਵਿਕਾਸ ਦੇ ਮੁੱਦੇ ’ਤੇ ਸਿਆਸੀ ਵਖਰੇਵਿਆਂ ਨੂੰ ਲਾਂਭੇ ਰੱਖ ਕੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਅਤੇ ਨੁਮਾਇੰਦਿਆਂ ਨੂੰ ਇਕਜੁੱਟ ਕਰਕੇ ਸ਼ਾਮਲ ਕੀਤਾ ਗਿਆ ਹੈ। ਵਿਧਾਇਕ ਨੇ ਦੱਸਿਆ ਕਿ ਪਿੰਡਾਂ ਦੀ ਸਹੀ ਨੁਮਾਇੰਦਗੀ ਯਕੀਨੀ ਬਣਾਉਣ ਲਈ ਸਾਰੇ ਸਬੰਧਤ ਪਿੰਡਾਂ ਦੇ ਸਰਪੰਚਾਂ ਨੂੰ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ, ਤਾਂ ਜੋ ਸਾਂਝੇ ਯਤਨਾਂ ਨਾਲ ਇਸ ਲਟਕ ਰਹੇ ਪ੍ਰਾਜੈਕਟ ਨੂੰ ਛੇਤੀ ਮੁਕੰਮਲ ਕਰਵਾਇਆ ਜਾ ਸਕੇ। ਵਿਧਾਇਕ ਬੜਿੰਗ ਨੇ ਸਪੱਸ਼ਟ ਕੀਤਾ ਕਿ ਇਹ ਪੁਲ ਸ਼ਹਿਰ ਦੇ ਕਈ ਵਾਰਡਾਂ ਅਤੇ ਪਿੰਡਾਂ ਨੂੰ ਆਪਸ ’ਚ ਜੋੜਨ ਵਾਲਾ ਅਹਿਮ ਪ੍ਰਾਜੈਕਟ ਹੈ। ਇਸ ਦੇ ਮੁਕੰਮਲ ਹੋਣ ਨਾਲ ਆਵਾਜਾਈ ਦੀ ਸਮੱਸਿਆ ਦਾ ਸਥਾਈ ਹੱਲ ਹੋਵੇਗਾ ਅਤੇ ਲੋਕਾਂ ਨੂੰ ਰੋਜ਼ਾਨਾ ਦੀ ਖੱਜਲ-ਖ਼ੁਆਰੀ ਤੋਂ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ ਹੈ। ਇਹ ਸਾਂਝੀ ਕਮੇਟੀ ਨਿਰਮਾਣ ਕਾਰਜਾਂ ’ਚ ਆ ਰਹੀਆਂ ਰੁਕਾਵਟਾਂ ਦੂਰ ਕਰਵਾਉਣ ਅਤੇ ਕੰਮ ਤੇਜ਼ੀ ਨਾਲ ਨੇਪਰੇ ਚਾੜ੍ਹਨ ਲਈ ਲਗਾਤਾਰ ਨਿਗਰਾਨੀ ਰੱਖੇਗੀ। ਉਨ੍ਹਾਂ ਕਿਹਾ ਕਿ ਇਲਾਕੇ ਦਾ ਵਿਕਾਸ ਹੀ ਮੁੱਖ ਟੀਚਾ ਹੈ, ਜਿਸ ਲਈ ਹਰ ਵਰਗ ਨੂੰ ਨਾਲ ਲੈ ਕੇ ਚੱਲਿਆ ਜਾ ਰਿਹਾ ਹੈ।