- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਾਕਿਸਤਾਨ ਤੋਂ ਆਏ 49 ਸ਼ਰਧਾਲੂਆਂ ਦੇ ਜਥੇ ਨੇ ਗੁਰਦੁਆਰਾ ਫਤਹਿਗੜ੍ਹ ਸਾਹਿਬ ਵਿਖੇ ਟੇਕਿਆ ਮੱਥਾ

ਫ਼ੋਟੋ ਫ਼ਾਈਲ : 6
ਕੈਪਸ਼ਨ : ਗੁਰਦੁਆਰਾ ਫਤਹਿਗੜ੍ਹ ਸਾਹਿਬ ਵਿਖੇ ਪਾਕਿਸਤਾਨੀ ਸ਼ਰਧਾਲੂਆਂ ਨਾਲ ਅਵਤਾਰ ਸਿੰਘ ਰਿਆ, ਰਵਿੰਦਰ ਸਿੰਘ ਖਾਲਸਾ, ਬਲਜੀਤ ਸਿੰਘ ਭੁੱਟਾ ਤੇ ਹੋਰ।
* ਪ੍ਰਬੰਧਕਾਂ ਨੇ ਕੀਤਾ ਪਾਕਿਸਤਾਨੀ ਜਥੇ ਦਾ ਸਵਾਗਤ
* ਪਾਕਿਸਤਾਨ ’ਚ ਗੁਰਧਾਮ ਪੂਰੀ ਤਰ੍ਹਾਂ ਸੁਰੱਖਿਅਤ ਹਨ : ਭੁਪਿੰਦਰ ਸਿੰਘ
ਗੁਰਪ੍ਰੀਤ ਮਹਿਕ, ਪੰਜਾਬੀ ਜਾਗਰਣ
ਫਤਹਿਗੜ੍ਹ ਸਾਹਿਬ : ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਪਾਕਿਸਤਾਨ ਤੋਂ 49 ਸ਼ਰਧਾਲੂਆਂ ਦਾ ਇਕ ਜਥਾ ਭਾਰਤ ਦੇ ਵੱਖ-ਵੱਖ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਤਹਿਤ ਇਤਿਹਾਸਕ ਗੁਰਦੁਆਰਾ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਇਆ। ਇਸ ਮੌਕੇ ਗੁਰਦੁਆਰਾ ਫਤਹਿਗੜ੍ਹ ਸਾਹਿਬ ਵਿਖੇ ਪੁੱਜਣ ’ਤੇ ਜਥੇ ਦਾ ਸਵਾਗਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਵਤਾਰ ਸਿੰਘ ਰਿਆ, ਰਵਿੰਦਰ ਸਿੰਘ ਖਾਲਸਾ ਤੇ ਗੁਰਦੁਆਰਾ ਫਤਹਿਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਸਾਂਝੇ ਤੌਰ ’ਤੇ ਕੀਤਾ।
ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇ ਦੇ ਆਗੂ ਭੁਪਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਜਥਾ ਪਹਿਲੀ ਵਾਰ ਭਾਰਤ ਦੇ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਆਇਆ ਹੈ। ਉਨ੍ਹਾਂ ਦੱਸਿਆ ਕਿ ਇਹ ਜਥਾ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ, ਦਿੱਲੀ, ਸ੍ਰੀ ਅਨੰਦਪੁਰ ਸਾਹਿਬ ਤੇ ਸ੍ਰੀ ਅੰਮ੍ਰਿਤਸਰ ਸਾਹਿਬ ਸਮੇਤ ਵੱਖ-ਵੱਖ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰੇਗਾ। ਉਨ੍ਹਾਂ ਵੀਜ਼ਾ ਪ੍ਰਕਿਰਿਆ ਤੇ ਯਾਤਰਾ ਦੌਰਾਨ ਪੂਰਨ ਸਹਿਯੋਗ ਲਈ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਭਾਰਤੀ ਦੂਤਾਵਾਸ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ।
ਭੁਪਿੰਦਰ ਸਿੰਘ ਨੇ ਭਾਰਤ ਤੇ ਪਾਕਿਸਤਾਨ ਦੀਆਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਦੋਹਾਂ ਪਾਸਿਆਂ ਦੀ ਸੰਗਤ ਨੂੰ ਇੱਕ-ਦੂਜੇ ਦੇ ਦੇਸ਼ਾਂ ’ਚ ਸਥਿਤ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ-ਦੀਦਾਰੇ ਕਰਨ ਦੀ ਖੁੱਲ੍ਹ ਦਿੱਤੀ ਜਾਵੇ। ਉਨ੍ਹਾਂ ਪਾਕਿਸਤਾਨ ’ਚ ਗੁਰਧਾਮਾਂ ਦੀ ਸਥਿਤੀ ਬਾਰੇ ਗੱਲ ਕਰਦਿਆਂ ਕਿਹਾ ਕਿ ਉੱਥੇ ਗੁਰਧਾਮ ਪੂਰੀ ਤਰ੍ਹਾਂ ਸੁਰੱਖਿਅਤ ਹਨ। ਇਸ ਮੌਕੇ ਸ੍ਰੋਮਣੀ ਅਕਾਲੀ ਦੱਲ ਦੇ ਹਲਕਾ ਫਤਹਿਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ, ਬਲਵਿੰਦਰ ਸਿੰਘ ਭਮਾਰਸੀ ਆਦਿ ਮੌਜੂਦ ਸਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।