- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਿਮਟ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਸੈਮੀਨਾਰ ਕਰਵਾਇਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਸਿੱਖਿਆਵਾਂ’ ਵਿਸ਼ੇ ’ਤੇ ਰਿਮਟ ਯੂਨੀਵਰਸਿਟੀ ਵਿਖੇ ਰਾਜ ਪੱਧਰੀ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਪੇਂਡੂ ਵਿਕਾਸ ਤੇ ਪੰਚਾਇਤ, ਬਿਜਲੀ, ਸੈਰ ਸਪਾਟਾ, ਸੱਭਿਆਚਾਰਕ ਮਾਮਲੇ, ਪ੍ਰਾਹੁਣਾਚਾਰੀ ਅਤੇ ਕਿਰਤ ਮੰਤਰੀ ਪੰਜਾਬ ਤਰੁਣਪ੍ਰੀਤ ਸਿੰਘ ਸੌਂਦ ਨੇ ਸ਼ਿਰਕਤ ਕੀਤੀ। ਇਸ ਦੌਰਾਨ ਸੰਤ ਸਮਾਜ ਵੱਲੋਂ ਸੰਤ ਸਤਵਿੰਦਰ ਸਿੰਘ ਹੀਰਾ, ਸੰਤ ਸੁਰਿੰਦਰ ਦਾਸ ਅਤੇ ਪ੍ਰਿੰਸੀਪਲ ਨਵਤੇਜ ਸਿੰਘ ਗਰਦੀਵਾਲ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਦਰਸ਼ਨ, ਬਾਣੀ ਅਤੇ ਮਨੁੱਖਤਾਵਾਦੀ ਵਿਚਾਰਧਾਰਾ ’ਤੇ ਵਿਚਾਰ ਸਾਂਝੇ ਕੀਤੇ। ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ 100 ਕਰੋੜ ਰੁਪਏ ਤੋਂ ਵੱਧ ਦਾ ਬਜਟ ਰੱਖਿਆ ਗਿਆ ਹੈ। ਉਨ੍ਹਾਂ ਗੁਰੂ ਜੀ ਦੀਆਂ ਸਦੀਵੀ ਸਿੱਖਿਆਵਾਂ ਅਤੇ ਇਲਾਹੀ ਸੰਦੇਸ਼ ਪ੍ਰਤੀ ਸ਼ਰਧਾ ਭੇਟ ਕਰਦਿਆਂ ਕਿਹਾ ਕਿ ਜਲੰਧਰ ਦੇ ਡੇਰਾ ਬੱਲਾਂ ਵਿਖੇ ‘ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ’ ਸਥਾਪਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨਵੰਬਰ 2026 ਦੌਰਾਨ ਵਾਰਾਣਸੀ, ਜੰਮੂ, ਬਠਿੰਡਾ ਅਤੇ ਫ਼ਰੀਦਕੋਟ ਤੋਂ ਚਾਰ ਸ਼ੋਭਾ ਯਾਤਰਾਵਾਂ ਕੱਢੀਆਂ ਜਾਣਗੀਆਂ, ਜੋ ਖੁਰਾਲਗੜ੍ਹ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਣਗੀਆਂ। ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਬਰਾਬਰੀ, ਨਿਆਂ ਤੇ ਦਇਆ ’ਤੇ ਆਧਾਰਿਤ ਸਮਾਜ ਦਾ ਸੰਕਲਪ ਦਿੱਤਾ ਅਤੇ ਉਨ੍ਹਾਂ ਦੀ ਬਾਣੀ ਸਮਾਜਿਕ ਵਿਤਕਰਿਆਂ ਨੂੰ ਮਿਟਾਉਣ ਦਾ ਰਾਹ ਦਿਖਾਉਂਦੀ ਹੈ। ਇਸ ਮੌਕੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਮਨੁੱਖਤਾ ਨੂੰ ਏਕਤਾ, ਪ੍ਰੇਮ ਅਤੇ ਆਪਸੀ ਸਾਂਝ ਦਾ ਸੁਨੇਹਾ ਦਿੰਦੀਆਂ ਹਨ। ਇਸ ਸਮਾਗਮ ’ਚ ਐੱਸਡੀਐੱਮ ਅਮਲੋਹ ਹਰਵੀਰ ਕੌਰ, ਪ੍ਰਧਾਨ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਹਰਪ੍ਰੀਤ ਸਿੰਘ ਪ੍ਰਿੰਸ, ਚੇਅਰਮੈਨ ਮਾਰਕੀਟ ਕਮੇਟੀ ਜਗਦੀਪ ਸਿੰਘ ਚੱਠਾ, ਮੀਤ ਪ੍ਰਧਾਨ ਨਗਰ ਕੌਂਸਲ ਵਿਨੀਤ ਕੁਮਾਰ ਬਿੱਟੂ, ਸੰਤ ਕਰਮ ਚੰਦ, ਜਗਦੀਸ਼ ਕੁਮਾਰ ਖੁਰਾਲਗੜ੍ਹ ਸਾਹਿਬ, ਰਿਮਟ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਡਾ. ਬੀਐਸ ਭਾਟੀਆ, ਡੀਨ ਸਟੂਡੈਂਟ ਵੈਲਫੇਅਰ ਡਾ. ਨੀਤਿਨ ਥਾਪਰ ਅਤੇ ਤਹਿਸੀਲਦਾਰ ਅਮਲੋਹ ਵਿਕਾਸ ਸ਼ਰਮਾ ਮੌਜੂਦ ਸਨ।