ਸਰਬ ਧਰਮ ਗ੍ਰੰਥ ਸਨਮਾਨ ਯਾਤਰਾ ਦਾ ਕੀਤਾ ਭਰਵਾਂ ਸਵਾਗਤ
ਸਰਬ ਧਰਮ ਗ੍ਰੰਥ ਸਨਮਾਨ ਯਾਤਰਾ ਭਰਵਾਂ ਸਵਾਗਤ
Publish Date: Mon, 05 Jan 2026 05:53 PM (IST)
Updated Date: Mon, 05 Jan 2026 05:56 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸਮਾਣੇ ਤੋਂ ਸ਼ੁਰੂ ਹੋਈ ਸਰਬ ਧਰਮ ਗ੍ਰੰਥ ਸਨਮਾਨ ਯਾਤਰਾ (ਖਾਲਸਾ ਵਹੀਰ) ਸ਼੍ਰੀ ਫਤਹਿਗੜ੍ਹ ਸਾਹਿਬ ਪਹੁੰਚੀ ਤਾਂ ਧਾਰਮਿਕ, ਸਮਾਜਿਕ ਅਤੇ ਕਾਨੂੰਨੀ ਖੇਤਰ ਨਾਲ ਜੁੜੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਯਾਤਰਾ ਵਿੱਚ ਸ਼ਾਮਲ ਸੰਗਤ ਦਾ ਨਿੱਘਾ ਸਵਾਗਤ ਕੀਤਾ। ਇਹ ਯਾਤਰਾ ਭਾਈ ਗੁਰਜੀਤ ਸਿੰਘ ਖਾਲਸਾ ਦੀ ਅਗਵਾਈ ਹੇਠ ਚੱਲ ਰਹੀ ਹੈ, ਜੋ ਪਿਛਲੇ 14 ਮਹੀਨਿਆਂ ਤੋਂ ਟਾਵਰ ਉੱਤੇ ਬੈਠ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੇਤ ਸਾਰੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ। ਯਾਤਰਾ ਦੇ ਪਹੁੰਚਣ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਫਤਹਿਗੜ੍ਹ ਸਾਹਿਬ ਦੇ ਸਾਬਕਾ ਪ੍ਰਧਾਨ ਅਤੇ ਬੀਜੈਡਐਫਐਸ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਧਾਨ ਐਡਵੋਕੇਟ ਵਰਿੰਦਰ ਸਿੰਘ ਢਿੱਲੋਂ ਅਤੇ ਉਨ੍ਹਾਂ ਦੇ ਸਾਥੀਆਂ ਨੇ ਸੰਗਤ ਦਾ ਨਿੱਘਾ ਸਵਾਗਤ ਕੀਤਾ। ਇਸ ਦੌਰਾਨ ਪੈਦਲ ਯਾਤਰਾ ਨਾਲ ਚੱਲ ਰਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਅਤੇ ਪੰਜ ਪਿਆਰਿਆਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਐਡਵੋਕੇਟ ਵਰਿੰਦਰ ਸਿੰਘ ਢਿੱਲੋ ਅਤੇ ਵਾਰਿਸ ਪੰਜਾਬ ਜਥੇਬੰਦੀ ਦੇ ਆਗੂ ਮਨਦੀਪ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੇਤ ਸਾਰੇ ਧਾਰਮਿਕ ਗ੍ਰੰਥ ਮਨੁੱਖਤਾ ਦੀ ਸਾਂਝੀ ਧਰੋਹਰ ਹਨ ਅਤੇ ਉਨ੍ਹਾਂ ਦੀ ਬੇਅਦਬੀ ਰੋਕਣ ਲਈ ਕਾਨੂੰਨੀ ਪ੍ਰਬੰਧ ਸਖ਼ਤ ਕੀਤੇ ਜਾਣੇ ਬਹੁਤ ਜ਼ਰੂਰੀ ਹਨ। ਆਗੂਆਂ ਨੇ ਸਰਕਾਰ ਤੋਂ ਜ਼ੋਰਦਾਰ ਮੰਗ ਕੀਤੀ ਕਿ ਭਾਈ ਗੁਰਜੀਤ ਸਿੰਘ ਖਾਲਸਾ ਵੱਲੋਂ ਉਠਾਈ ਗਈ ਇਸ ਨਿਆਂ ਸੰਗਤ ਮੰਗ ’ਤੇ ਗੰਭੀਰਤਾ ਨਾਲ ਵਿਚਾਰ ਕਰਦਿਆਂ ਜਲਦ ਸਖ਼ਤ ਕਾਨੂੰਨ ਲਾਗੂ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਯਾਤਰਾ ਸਮਾਣੇ ਤੋਂ ਸ਼ੁਰੂ ਹੋ ਕੇ ਵੱਖ-ਵੱਖ ਪੜਾਵਾਂ ਤੋਂ ਗੁਜ਼ਰਦਿਆਂ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਸਮਾਪਤ ਹੋਵੇਗੀ, ਜਿੱਥੇ ਸੰਗਤ ਦੀ ਆਵਾਜ਼ ਸਰਕਾਰ ਅਤੇ ਸਬੰਧਤ ਅਧਿਕਾਰੀਆਂ ਤੱਕ ਪਹੁੰਚਾਈ ਜਾਵੇਗੀ।