ਆਮ ਆਦਮੀ ਪਾਰਟੀ ਵੱਲੋਂ ਹੜਤਾਲ ਦਾ ਸਮਰਥਨ
ਆਮ ਆਦਮੀ ਪਾਰਟੀ ਵੱਲੋਂ ਹੜਤਾਲ ਦਾ ਸਮਰਥਨ
Publish Date: Thu, 12 Feb 2026 06:04 PM (IST)
Updated Date: Thu, 12 Feb 2026 06:05 PM (IST)

ਸਟਾਫ ਰਿਪੋਰਟਰ•, ਪੰਜਾਬੀ ਜਾਗਰਣ, •ਫਤਹਿਗੜ੍ਹ ਸਾਹਿਬ : ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਜਥੇਬੰਦੀ ਵੱਲੋਂ ਜ਼ਿਲ੍ਹਾ ਪ੍ਰਧਾਨ ਅਜੇ ਲਿਬੜਾ ਦੀ ਅਗਵਾਈ ’ਚ ਹੜਤਾਲ ਦਾ ਸਮਰਥਨ ਕਰਦਿਆਂ ਰੋਸ ਧਰਨਾ ਦੇ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਭਾਰਤ ਦੀ ਕਿਸਾਨੀ ਨੂੰ ਬਰਬਾਦ ਕਰਨ ਦੇ ਲਈ ਅਮਰੀਕਾ ਦੇ ਨਾਲ ਜੋ ਟਰੇਡ ਸਮਝੌਤਾ ਕੀਤਾ ਹੈ, ਉਹ ਪੂਰੀ ਤਰ੍ਹਾਂ ਕਿਸਾਨ ਵਿਰੋਧੀ ਹੈ। ਕੇਂਦਰ ਸਰਕਾਰ ਨੂੰ ਨੀਂਦ ਤੋਂ ਜਗਾਉਣ ਦੇ ਲਈ ਆਪ ਵੱਲੋਂ ਰੋਸ ਧਰਨਾ ਦਿੱਤਾ ਗਿਆ ਹੈ ਜੇ ਕੇਂਦਰ ਸਰਕਾਰ ਹਲੇ ਵੀ ਨਾ ਜਾਗੀ ਤਾਂ ਆਉਣ ਵਾਲੇ ਦਿਨਾਂ ਦੇ ਵਿਚ ਵੱਡੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਪੰਜਾਬ ਹੀ ਨਹੀਂ, ਬਲਕਿ ਭਾਰਤ ਵਿਰੋਧੀ ਸਰਕਾਰ ਹੈ ਜੋ ਕਿ ਪੰਜਾਬ ਦੀ ਇਕੋਨਮੀ ਨੂੰ ਦਿਨ ਪ੍ਰਤੀ ਦਿਨ ਖ਼ਤਮ ਕਰਦੀ ਜਾ ਰਹੀ ਹੈ। ਇਸ ਮੌਕੇ ਟਰੇਡ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਸੀਸ ਅੱਤਰੀ ਨੇ ਕਿਹਾ ਕਿ ਭਾਰਤ ਦੀ ਕੇਂਦਰ ਸਰਕਾਰ ਨੇ ਅਮਰੀਕਾ ਦੇ ਅੱਗੇ ਗੋਡੇ ਟੇਕ ਦਿੱਤੇ ਹਨ ਜਿਸ ਕਾਰਨ ਉਨ੍ਹਾਂ ਦੇ ਹੁਕਮ ਭਾਰਤ ਦੇ ਵਿਚ ਲਾਗੂ ਹੋ ਰਹੇ ਹਨ। ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਜੇ ਸਿੰਘ ਲਿਬੜਾ, ਆਪ ਦੇ ਬੁਲਾਰੇ ਗੁਰਵਿੰਦਰ ਸਿੰਘ ਢਿੱਲੋਂ ਸਮੇਤ ਹੋਰਨਾਂ ਨੇ ਵੀ ਸੰਬੋਧਨ ਕੀਤਾ।