‘ਆਪ’ ਸਰਕਾਰ ਨੇ ਵਾਅਦੇ ਪੂਰੇ ਨਾ ਕਰਕੇ ਪੰਜਾਬ ਦੇ ਲੋਕਾਂ ਨਾਲ ਕੀਤਾ ਧੋਖਾ : ਰਾਜੂ ਖੰਨਾ
‘ਆਪ’ ਸਰਕਾਰ ਨੇ ਵਾਅਦੇ ਪੂਰੇ ਨਾ ਕਰਕੇ ਪੰਜਾਬ ਦੇ ਲੋਕਾਂ ਨਾਲ ਕੀਤਾ ਧੋਖਾ : ਰਾਜੂ ਖੰਨਾ
Publish Date: Sun, 14 Jun 2026 05:23 PM (IST)
Updated Date: Sun, 14 Jun 2026 05:24 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਆਮ ਆਦਮੀ ਪਾਰਟੀ ਸਰਕਾਰ ’ਤੇ 2022 ਦੀਆਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰਕੇ ਪੰਜਾਬ ਦੇ ਲੋਕਾਂ ਨਾਲ ਧੋਖਾ ਕਰਨ ਦਾ ਦੋਸ਼ ਲਗਾਇਆ ਹੈ। ਉਹ ਮੰਡੀ ਗੋਬਿੰਦਗੜ੍ਹ ਦੇ ਵਾਰਡ ਨੰਬਰ 16 ਵਿਚ ਵਰਕਰਾਂ ਤੇ ਆਗੂਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਵਿਚ ਵੱਡੇ ਪੱਧਰ ’ਤੇ ਵਿਕਾਸ ਦੇ ਵਾਅਦੇ ਕੀਤੇ ਸਨ, ਪਰ ਜ਼ਮੀਨੀ ਹਕੀਕਤ ਇਸ ਤੋਂ ਬਿਲਕੁਲ ਉਲਟ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪੰਜਾਬ ਵਿਚ ਕੋਈ ਵੱਡਾ ਵਿਕਾਸ ਨਹੀਂ ਹੋਇਆ। ਉਨ੍ਹਾਂ ਮੁਤਾਬਕ ਨਾ ਕੋਈ ਵੱਡਾ ਨਵਾਂ ਪ੍ਰੋਜੈਕਟ ਸਥਾਪਤ ਕੀਤਾ ਗਿਆ ਹੈ ਅਤੇ ਨਾ ਹੀ ਸੂਬੇ ਵਿਚ ਇਕ ਵੀ ਨਵਾਂ ਸਰਕਾਰੀ ਹਸਪਤਾਲ ਬਣਾਇਆ ਗਿਆ ਹੈ। ਰਾਜੂ ਖੰਨਾ ਨੇ ਦੋਸ਼ ਲਗਾਇਆ ਕਿ 16 ਨਵੇਂ ਮੈਡੀਕਲ ਕਾਲਜ ਬਣਾਉਣ ਦਾ ‘ਆਪ’ ਸਰਕਾਰ ਦਾ ਬਹੁਚਰਚਿਤ ਵਾਅਦਾ ਸਿਰਫ਼ ਐਲਾਨਾਂ ਤੱਕ ਹੀ ਸੀਮਤ ਰਹਿ ਗਿਆ ਹੈ। ਉਨ੍ਹਾਂ ਨੇ ਔਰਤਾਂ ਨੂੰ ਹਰ ਮਹੀਨੇ 1,000 ਰੁਪਏ ਦੇਣ ਦੇ ਵਾਅਦੇ ਨੂੰ ਲੈ ਕੇ ਵੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪੰਜਾਬ ਦੀ ਹਰ ਮਹਿਲਾ ਦੇ ਲਗਭਗ 60,000 ਰੁਪਏ ਸਰਕਾਰ ਵੱਲੋਂ ਰੋਕੇ ਗਏ ਹਨ। ਉਨ੍ਹਾਂ ਕਿਹਾ ਕਿ ਨਵੇਂ ਐਲਾਨ ਕਰਨ ਦੀ ਬਜਾਏ ਸਰਕਾਰ ਨੂੰ ਪਹਿਲਾਂ ਪਿਛਲੇ ਸਾਢੇ ਚਾਰ ਸਾਲਾਂ ਦਾ ਬਕਾਇਆ ਔਰਤਾਂ ਲਈ ਜਾਰੀ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੂੰ ਕੋਈ ਨਵਾਂ ਵਾਅਦਾ ਕਰਨ ਤੋਂ ਪਹਿਲਾਂ ਔਰਤਾਂ ਦੇ ਬਕਾਇਆ 60,000 ਰੁਪਏ ਦੇਣੇ ਚਾਹੀਦੇ ਹਨ। ਰਾਜੂ ਖੰਨਾ ਨੇ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ’ਤੇ ਵੀ ਚਿੰਤਾ ਜਤਾਉਂਦਿਆਂ ਦੋਸ਼ ਲਗਾਇਆ ਕਿ ਸੂਬੇ ਵਿਚ ਧਮਕੀ ਭਰੀਆਂ ਕਾਲਾਂ, ਕਤਲ ਅਤੇ ਹੋਰ ਅਪਰਾਧਿਕ ਘਟਨਾਵਾਂ ਦਿਨ ਦਿਹਾੜੇ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸੁਰੱਖਿਆ ਸਥਿਤੀ ਦਿਨੋਂ-ਦਿਨ ਵਿਗੜਦੀ ਜਾ ਰਹੀ ਹੈ। ਅਕਾਲੀ ਆਗੂ ਨੇ ਆਟਾ-ਦਾਲ ਸਕੀਮ ਦੇ ਯੋਗ ਲਾਭਪਾਤਰੀਆਂ ਨੂੰ ਵੀ ਲਾਭਾਂ ਤੋਂ ਵਾਂਝਾ ਰੱਖਣ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਕਈ ਗਰੀਬ ਪਰਿਵਾਰਾਂ ਨੂੰ ਸਕੀਮ ਦਾ ਲਾਭ ਨਹੀਂ ਮਿਲ ਰਿਹਾ ਅਤੇ ਸਰਕਾਰ ਆਮ ਲੋਕਾਂ ਦੀ ਭਲਾਈ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਇਸ ਮੌਕੇ ਉਨ੍ਹਾਂ ਨਾਲ ਸੂਬਾ ਮੀਤ ਪ੍ਰਧਾਨ ਜੋਗਿੰਦਰ ਸਿੰਘ ਮੈਣੀ, ਇੰਡਸਟਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਭਾਰਤ ਭੂਸ਼ਨ ਟੋਨੀ, ਹਲਕਾ ਆਬਜ਼ਰਵਰ ਜਤਿੰਦਰ ਸਿੰਘ ਧਾਲੀਵਾਲ, ਭਿੰਦਰ ਸਿੰਘ ਪ੍ਰਧਾਨ, ਜਰਨੈਲ ਸਿੰਘ ਮਾਜਰੀ ਰਾਜੇਸ਼ ਕੁਮਾਰ ਸ਼ਾਹੀ, ਬੀਬੀ ਨੀਰੂ ਸ਼ਾਹੀ, ਸਿਮਰਨਜੀਤ ਸਿੰਘ ਧਾਲੀਵਾਲ, ਹਰਪਿੰਦਰ ਸਿੰਘ ਭੂਰਾ, ਇਕਬਾਲ ਸਿੰਘ ਧੀਮਾਨ ਤੋਂ ਇਲਾਵਾ ਵਾਰਡ ਵਾਸੀ ਮੌਜੂਦ ਸਨ।