‘ਆਪ’ ਸਰਕਾਰ ਦੇ ਦਾਅਵੇ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ : ਡਾ ਅਮਰ
‘ਆਪ’ ਸਰਕਾਰ ਦੇ ਦਾਅਵੇ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ : ਡਾ ਅਮਰ ਸਿੰਘ, ਨਾਗਰਾ
Publish Date: Fri, 24 Apr 2026 06:51 PM (IST)
Updated Date: Fri, 24 Apr 2026 06:55 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਦੇ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਸਰਹਿੰਦ ਦਾਣਾ ਮੰਡੀ ਦਾ ਦੌਰਾ ਕਰਕੇ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਅਤੇ ਕਾਂਗਰਸ ਦੇ ਹੋਰ ਸੀਨੀਅਰ ਆਗੂ ਵੀ ਮੌਜੂਦ ਸਨ। ਆੜ੍ਹਤੀਆਂ ਨੇ ਦੱਸਿਆ ਕਿ ਮੰਡੀ ਵਿਚ ਸੀਜ਼ਨ ਦੌਰਾਨ 10 ਲੱਖ ਤੋਂ ਵੱਧ ਬੋਰੀਆਂ ਦੀ ਆਮਦ ਹੁੰਦੀ ਹੈ, ਪਰ ਖ਼ਰੀਦ ਏਜੰਸੀਆਂ ਵੱਲੋਂ ਸਪੈਸ਼ਲ ਗੱਡੀਆਂ ਦੀ ਘੱਟ ਗਿਣਤੀ ਕਾਰਨ ਲਿਫਟਿੰਗ ਦੀ ਰਫ਼ਤਾਰ ਬਹੁਤ ਸੁਸਤ ਹੈ। ਉਨ੍ਹਾਂ ਸ਼ਿਕਾਇਤ ਕੀਤੀ ਕਿ ਲਿਫਟਿੰਗ ਨਾ ਹੋਣ ਕਾਰਨ ਮੰਡੀ ਵਿੱਚ ਅਨਾਜ ਦੇ ਅੰਬਾਰ ਲੱਗ ਗਏ ਹਨ, ਜਿਸ ਕਾਰਨ ਖੁੱਲ੍ਹੇ ਵਿੱਚ ਪਈ ਫ਼ਸਲ ਦੇ ਖ਼ਰਾਬ ਹੋਣ ਦਾ ਡਰ ਬਣਿਆ ਹੋਇਆ ਹੈ। ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਮੌਕੇ ’ਤੇ ਹੀ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਡਿਵੀਜ਼ਨਲ ਮੈਨੇਜਰਾਂ ਨਾਲ ਫ਼ੋਨ ਤੇ ਗੱਲਬਾਤ ਕੀਤੀ ਅਤੇ ਸਪੈਸ਼ਲ ਗੱਡੀਆਂ ਲਗਾ ਕੇ ਲਿਫਟਿੰਗ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਤੱਕ ਪਹੁੰਚ ਕਰਕੇ ਵੀ ਇਨ੍ਹਾਂ ਸਮੱਸਿਆਵਾਂ ਦਾ ਹੱਲ ਕਰਵਾਇਆ ਜਾਵੇਗਾ। ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਤੇ ਆੜ੍ਹਤੀਆਂ ਨੂੰ ਕੋਈ ਸਮੱਸਿਆ ਨਾ ਆਉਣ ਦੇ ਸਰਕਾਰੀ ਦਾਅਵੇ ਜ਼ਮੀਨੀ ਹਕੀਕਤ ਨਾਲ ਮੇਲ ਨਹੀਂ ਖਾਂਦੇ। ਉਨ੍ਹਾਂ ਕਿਹਾ ਕਿ ਲਿਫਟਿੰਗ ਵਿਚ ਦੇਰੀ ਕਾਰਨ ਕਿਸਾਨਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ। ਇਸ ਦੌਰੇ ਦੌਰਾਨ ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਸਾਬਕਾ ਚੇਅਰਮੈਨ ਗੁਲਸ਼ਨ ਰਾਏ ਬੋਬੀ, ਦਵਿੰਦਰ ਸਿੰਘ ਜੱਲਾ, ਭੁਪਿੰਦਰ ਸਿੰਘ ਬਧੌਛੀ, ਵਰਿੰਦਰ ਸਿੰਘ ਭਮਾਰਸੀ, ਬਹਾਦਰ ਸਿੰਘ ਸਾਨੀਪੁਰ, ਰਾਜਵੀਰ ਸਿੰਘ ਰਾਜਾ, ਨਵਦੀਪ ਭਾਰਦਵਾਜ, ਸੁਖਵਿੰਦਰ ਸਿੰਘ ਕਾਲਾ, ਧਰਮਿੰਦਰ ਸਿੰਘ ਨਬੀਪੁਰ, ਪਰਮਿੰਦਰ ਸਿੰਘ ਸਿੱਧੂਵਾਲ ਅਤੇ ਲਾਭ ਸਿੰਘ ਸ਼ਮਸ਼ੇਰ ਨਗਰ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਆੜ੍ਹਤੀ ਮੌਜੂਦ ਸਨ।