- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਂਗਰਸੀਆਂ ਦੀ ਭੈੜੀ ਸ਼ਬਦਾਵਲੀ ਦੇ ਵਿਰੋਧ ਵਿਚ ਆਪ ਵੱਲੋਂ ਦਿੱਤਾ ਗਿਆ ਰੋਸ ਧਰਨਾ

ਸਟਾਫ ਰਿਪੋਰਟਰ • ਪੰਜਾਬੀ ਜਾਗਰਣ • ਫਤਹਿਗੜ੍ਹ ਸਾਹਿਬ : ਸੀਨੀਅਰ ਕਾਂਗਰਸੀ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਦੇ ਖ਼ਿਲਾਫ਼ ਵਰਤੀ ਕਥਿਤ ਸ਼ਬਦਾਵਲੀ ਵਿਰੁੱਧ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਜਥੇਬੰਦੀ ਵੱਲੋਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਦਫ਼ਤਰ ਸਾਹਮਣੇ ਬੈਂਡ ਬਾਜਾ ਬਜਾ ਕੇ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਜੇ ਲਿਬੜਾ ਦੀ ਅਗਵਾਈ ਹੇਠ ਲਗਾਏ ਗਏ ਰੋਸ ਧਰਨੇ ਨੂੰ ਹਲਕਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਵਿਧਾਇਕ ਲਖਬੀਰ ਸਿੰਘ ਰਾਏ, ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਹੈਪੀ, ਆਪ ਦੇ ਐਸੀ ਵਿੰਗ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਜੀਪੀ ਸਮੇਤ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਤੇ ਵਲੰਟੀਅਰ ਪਹੁੰਚੇ, ਜਿਨ੍ਹਾਂ ਵੱਲੋਂ ਨਾਅਰੇਬਾਜ਼ੀ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਦੇ ਰਵੱਈਏ ਦੀ ਨਿਖੇਧੀ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਵਿਧਾਇਕ ਐਡ. ਲਖਬੀਰ ਸਿੰਘ ਰਾਏ, ਵਿਧਾਇਕ ਰੁਪਿੰਦਰ ਹੈਪੀ, ਆਪ ਦੇ ਐਸੀ ਵਿੰਗ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਜੀਪੀ ਤੇ ਜ਼ਿਲ੍ਹਾ ਪ੍ਰਧਾਨ ਅਜੇ ਲਿਬੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਧਰਨਾ ਕਿਸੇ ਨਿਜੀ ਵਿਅਕਤੀ ਦੇ ਖਿਲਾਫ ਨਹੀਂ ਹੈ,ਸਗੋਂ ਕਾਂਗਰਸ ਦੀ ਦਲਿਤ ਵਿਰੋਧੀ ਸੋਚ ਦੇ ਖ਼ਿਲਾਫ਼ ਹੈ। ਆਗੂਆਂ ਨੇ ਕਿਹਾ ਕਿ ਕਾਂਗਰਸੀਆਂ ਵੱਲੋਂ ਹਮੇਸ਼ਾ ਹੀ ਦਲਿਤ ਸਮਾਜ ਦੇ ਖਿਲਾਫ ਭੱਦੀ ਸ਼ਬਦਾਵਲੀ ਬੋਲੀ ਜਾਂਦੀ ਹੈ, ਜਿਸ ਕਾਰਨ ਦਲਿਤ ਸਮਾਜ ਦੇ ਮਨ ਨੂੰ ਠੇਸ ਲੱਗਦੀ ਹੈ। ਉਨ੍ਹਾਂ ਕਿਹਾ ਕਿ ਇਹ ਕੋਈ ਪਹਿਲੀ ਘਟਨਾ ਨਹੀਂ ਜਦੋਂ ਕਾਂਗਰਸੀਆਂ ਨੇ ਦਲਿਤ ਸਮਾਜ ਦੇ ਖਿਲਾਫ ਬੋਲਿਆ ਹੋਵੇ। ਇਸ ਤੋਂ ਪਹਿਲਾਂ ਵੀ ਰਾਜਾ ਵੜਿੰਗ ਦਲਿਤ ਸਮਾਜ ਦੇ ਵਿਰੁੱਧ ਬੋਲ ਚੁੱਕੇ ਹਨ। ਵਿਰੋਧੀ ਧਿਰ ਦੇ ਨੇਤਾ ਤਾਂ ਆਮ ਆਦਮੀ ਪਾਰਟੀ ਦੇ ਚੁਣੇ ਹੋਏ ਵਿਧਾਇਕਾਂ ਨੂੰ ਵੀ ਮਟੀਰੀਅਲ ਦੱਸਦੇ ਸਨ, ਜਿਸ ਕਾਰਨ ਸੂਬੇ ਦੇ ਲੋਕ ਇਨ੍ਹਾਂ ਦੀਆਂ ਦਲਿਤ ਵਿਰੋਧੀ ਭਾਵਨਾਵਾਂ ਤੋਂ ਭਲੀ ਭਾਂਤੀ ਜਾਣੂ ਹਨ।