‘ਆਪ’ ਵੱਲੋਂ ਅਮਲੋਹ ਤੋਂ ਵਿਧਾਇਕ ਗੈਰੀ ਬੜਿੰਗ ਮੁੜ ਉਮੀਦਵਾਰ ਐਲਾਨੇ ‘ਆਪ’ ਵੱਲੋਂ ਅਮਲੋਹ ਤੋਂ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਮੁੜ ਉਮੀਦਵਾਰ ਐਲਾਨੇ
Publish Date: Sat, 31 Oct 2026 07:40 PM (IST)
Updated Date: Sat, 31 Oct 2026 07:43 PM (IST)
ਗੁਰਪ੍ਰੀਤ ਮਹਿਕ, ਪੰਜਾਬੀ ਜਾਗਰਣ ਫਤਹਿਗੜ੍ਹ ਸਾਹਿਬ : ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਜਾਰੀ ਕੀਤੀ ਗਈ ਉਮੀਦਵਾਰਾਂ ਦੀ ਪਹਿਲੀ ਸੂਚੀ ’ਚ ਵਿਧਾਨ ਸਭਾ ਹਲਕਾ ਅਮਲੋਹ ਤੋਂ ਮੌਜੂਦਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ’ਤੇ ਇੱਕ ਵਾਰ ਫਿਰ ਭਰੋਸਾ ਪ੍ਰਗਟਾਇਆ ਗਿਆ ਹੈ। ਪਾਰਟੀ ਨੇ ਉਨ੍ਹਾਂ ਨੂੰ ਦੁਬਾਰਾ ਇਸ ਹਲਕੇ ਤੋਂ ਚੋਣ ਮੈਦਾਨ ’ਚ ਉਤਾਰਨ ਦਾ ਫ਼ੈਸਲਾ ਲਿਆ ਹੈ। ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪਹਿਲੀ ਵਾਰ ਸਿਆਸੀ ਪਿੜ ’ਚ ਉਤਰੇ ਗੈਰੀ ਬੜਿੰਗ ਨੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੂੰ 24,000 ਤੋਂ ਵੱਧ ਵੋਟਾਂ ਦੇ ਫ਼ਰਕ ਨਾਲ ਹਰਾ ਕੇ ਜਿੱਤ ਹਾਸਲ ਕੀਤੀ ਸੀ। ਗੈਰੀ ਬੜਿੰਗ ਨੂੰ ਟਿਕਟ ਦਾ ਐਲਾਨ ਹੋਣ ਤੋਂ ਬਾਅਦ ਉਨ੍ਹਾਂ ਦੇ ਸਮਰੱਥਕਾਂ ’ਚ ਖ਼ੁਸ਼ੀ ਦੀ ਲਹਿਰ ਦੌੜ ਗਈ। ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਹਾਈ ਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਧਾਇਕ ਗੈਰੀ ਬੜਿੰਗ ਨੂੰ ਇਸ ਵਾਰ ਫਿਰ ਵੱਡੀ ਲੀਡ ਨਾਲ ਜਿਤਾ ਕੇ ਵਿਧਾਨ ਸਭਾ ’ਚ ਭੇਜਿਆ ਜਾਵੇਗਾ। ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਨੇ ਕਿਹਾ ਕਿ ਵਿਧਾਇਕ ਗੈਰੀ ਬੜਿੰਗ ਵੱਲੋਂ ਹਲਕੇ ਦੇ ਲਗਾਤਾਰ ਵਿਕਾਸ ਕੰਮ ਕਰਵਾਏ ਜਾ ਰਹੇ ਹਨ ਅਤੇ ਪਿਛਲੇ ਚਾਰ ਸਾਲਾਂ ’ਚ ਅਮਲੋਹ ਹਲਕੇ ਅੰਦਰ ਵੱਡੇ ਪੱਧਰ ’ਤੇ ਕੰਮ ਹੋਏ ਹਨ। ਜ਼ਿਕਰਯੋਗ ਹੈ ਕਿ 39 ਸਾਲਾ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਸਾਲ 2014 ’ਚ ਆਕਸਫੋਰਡ ਯੂਨੀਵਰਸਿਟੀ ਇੰਗਲੈਂਡ ਤੋਂ ਬਿਜ਼ਨੈੱਸ ਐਡਮਿਨਿਸਟ੍ਰੇਸ਼ਨ ’ਚ ਐੱਮਬੀਏ ਦੀ ਡਿਗਰੀ ਹਾਸਲ ਕੀਤੀ ਹੈ ਅਤੇ ਉਹ ਪੇਸ਼ੇ ਵਜੋਂ ਬਿਜ਼ਨੈੱਸ ਕੰਸਲਟੈਂਟ ਹਨ। ਪੜ੍ਹਾਈ ਮੁਕੰਮਲ ਕਰਨ ਤੋਂ ਬਾਅਦ ਉਹ ਸਾਲ 2014-2015 ਦੌਰਾਨ ਆਮ ਆਦਮੀ ਪਾਰਟੀ ਦੀ ਵਿਚਾਰਧਾਰਾ ਨਾਲ ਜੁੜੇ ਅਤੇ ਸੰਗਠਨਾਤਮਕ ਕੰਮਕਾਜ, ਡਾਟਾ ਵਿਸ਼ਲੇਸ਼ਣ ਅਤੇ ਨੀਤੀ ਨਿਰਮਾਣ ’ਚ ਅਹਿਮ ਭੂਮਿਕਾ ਨਿਭਾਉਂਦੇ ਰਹੇ। ਉਨ੍ਹਾਂ ਸਾਲ 2020-2021 ਦੌਰਾਨ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਕਿਸਾਨ ਅੰਦੋਲਨ ਸਮੇਂ ਸਿੰਘੂ ਬਾਰਡਰ ’ਤੇ ਵੀ ਵੱਖ-ਵੱਖ ਸਮਾਜਿਕ ਗਤੀਵਿਧੀਆਂ ’ਚ ਸਰਗਰਮ ਹਿੱਸਾ ਲਿਆ। ਸਾਲ 2022-2023 ਦੌਰਾਨ ਉਹ ਪੰਜਾਬ ਵਿਧਾਨ ਸਭਾ ਦੀ ਪਬਲਿਕ ਅਕਾਊਂਟਸ ਕਮੇਟੀ ਦੇ ਮੈਂਬਰ ਵੀ ਰਹੇ ਹਨ ਅਤੇ ਹੁਣ ਸਾਲ 2026 ’ਚ ਪਾਰਟੀ ਨੇ ਮੁੜ ਉਨ੍ਹਾਂ ਨੂੰ ਅਮਲੋਹ ਹਲਕੇ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ।